ਸੁਲਤਾਨਪੁਰ ਲੋਧੀ, 12 ਦਸੰਬਰ (ਭਗਵਾਨ ਭੰਗੂ) : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਲਈ 16 ਦਸੰਬਰ ਨੂੰ ਸੁਲਤਾਨਪੁਰ ਲੋਧੀ ਤੋਂ ਵਿਸ਼ੇਸ਼ ਬੱਸ ਰਵਾਨਾ ਹੋਵੇਗੀ।ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਜਾਣ ਵਾਲੇ ਸ਼ਰਧਾਲੂ ਐਸ.ਡੀ.ਐਮ. ਦਫਤਰ ਸੁਲਤਾਨਪੁਰ ਲੋਧੀ ਤੋਂ ਅਰਜ਼ੀ ਫਾਰਮ ਪ੍ਰਾਪਤ ਕਰ ਸਕਦੇ ਹਨ।ਐਸ.ਡੀ.ਐਮ ਸੁਲਤਾਨਪੁਰ ਲੋਧੀ ਜਸਪ੍ਰੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੀਮ ਤਹਿਤ ਸਥਾਨਕ ਦਾਣਾ ਮੰਡੀ ਤੋਂ ਵਿਸ਼ੇਸ਼ ਬੱਸ ਸਵੇਰੇ 7 ਵਜੇ ਰਵਾਨਾ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਾਣਕਾਰੀ ਲੈਣ ਲਈ ਚਾਹਵਾਨ ਸ਼ਰਧਾਲੂ ਮੋਬਾਇਲ ਨੰ: 98554-65894 ‘ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਅਰਜ਼ੀ ਫਾਰਮ ਲੋੜੀਂਦੇ ਵੇਰਵਿਆਂ ਸਹਿਤ 14 ਦਸੰਬਰ 2023 ਤੱਕ ਐਸ.ਡੀ.ਐਮ ਦਫਤਰ ਵਿਖੇ ਜਮ੍ਹਾਂ ਕਰਵਾਇਆ ਜਾਣਾ ਹੈ ਤਾਂ ਜੋ ਸਮੇਂ ਸਿਰ ਢੁਕਵੇਂ ਪ੍ਰਬੰਧ ਅਮਲ ਵਿਚ ਲਿਆਂਦੇ ਜਾ ਸਕਣ। ਉਨ੍ਹਾਂ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਰਾਤ ਠਹਿਰਣ ਦਾ ਪ੍ਰਬੰਧ ਵੀ ਕੀਤਾ ਜਾਵੇਗਾ ਅਤੇ ਇਹ ਵਿਸ਼ੇਸ਼ ਬੱਸ ਅਗਲੇ ਦਿਨ ਸ੍ਰੀ ਦਰਬਾਰ ਸਾਹਿਬ ਤੋਂ ਹੁੰਦੀ ਹੋਈ ਸੁਲਤਾਨਪੁਰ ਲੋਧੀ ਵਾਪਸ ਪਰਤੇਗੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪੰਜਾਬ ਸਰਕਾਰ ਵਲੋਂ ਸ਼ਰਧਾਲੂਆਂ ਨੂੰ ਵੱਖ-ਵੱਖ ਤੀਰਥ ਅਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ ਜਿਨ੍ਹਾਂ ਵਿਚ ਸ੍ਰੀ ਹਰਮੰਦਿਰ ਸਾਹਿਬ, ਸ੍ਰੀ ਹਜੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਮਾਤਾ ਨੈਨਾ ਦੇਵੀ ਜੀ, ਸ੍ਰੀ ਵਰਿੰਦਾਵਨ ਧਾਮ, ਮਾਤਾ ਵੈਸ਼ਨੋ ਦੇਵੀ ਜੀ, ਮਾਤਾ ਜਵਾਲਾ ਜੀ, ਵਾਰਾਨਸੀ, ਮਾਤਾ ਚਿੰਤਪੁਰਨੀ ਜੀ, ਸ੍ਰੀ ਖਾਟੂ ਸ਼ਯਾਮ ਜੀ, ਸ੍ਰੀ ਸਾਲਾਸਰ ਧਾਮ ਅਤੇ ਖਵਾਜਾ ਅਜਮੇਰ ਸ਼ਰੀਫ ਦਰਗਾਹ ਸ਼ਾਮਲ ਹਨ।