ਪਟਿਆਲਾ, 16 ਦਸੰਬਰ (ਰਾਜੇਸ਼ ਜੈਨ – ਲਿਕੇਸ਼ ਸ਼ਰਮਾ) : ਪਟਿਆਲਾ ਦੇ ਡਿਪਟੀ ਕਮਿਸ਼ਨਰ, ਸਾਕਸ਼ੀ ਸਾਹਨੀ ਨੇ ਸ਼ਹਿਰ ਅਤੇ ਜ਼ਿਲ੍ਹੇ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਏਡੀਸੀ ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਅਤੇ ਹੋਰ ਅਧਿਕਾਰੀਆਂ ਨਾਲ ਵਿਆਪਕ ਜਾਇਜ਼ਾ ਮੀਟਿੰਗ ਕੀਤੀ।ਡਿਪਟੀ ਕਮਿਸ਼ਨਰ, ਜਿਨ੍ਹਾਂ ਕੋਲ ਨਗਰ ਨਿਗਮ ਦੇ ਕਮਿਸ਼ਨਰ ਦਾ ਚਾਰਜ ਵੀ ਹੈ, ਨੇ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਵਿਆਪਕ ਜਾਇਜ਼ਾ ਲੈਂਦਿਆਂ ਸ਼ਹਿਰ ਦੀ ਤਰੱਕੀ ਲਈ ਮਹੱਤਵਪੂਰਨ ਪਹਿਲੂਆਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਸ਼ਹਿਰ ਅਤੇ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਖੇਂ ਸਟਰੀਟ ਲਾਈਟਾਂ, ਕੂੜਾ ਇਕੱਠਾ ਕਰਨ ਅਤੇ ਕੂੜੇ ਦੇ ਨਿਪਟਾਰੇ ਦੀ ਵਿਧੀ ਨੂੰ ਅਨੁਕੂਲ ਬਣਾਇਆ ਜਾਵੇ।ਇਸ ਤੋਂ ਬਿਨ੍ਹਾਂ ਸੀਵਰੇਜ ਅਤੇ ਵਾਟਰ ਸਪਲਾਈ ਦੀਆਂ ਸ਼ਿਕਾਇਤਾਂ ਨੂੰ ਹੱਲ ਕਰਨਾ, ਸ਼ਹਿਰ ਵਿੱਚ ਇਲੈਕਟ੍ਰਿਕ ਬੱਸਾਂ ਦੀ ਪਹਿਲਕਦਮੀ ਅਤੇ 24 ਘੰਟੇ ਨਹਿਰੀ ਪਾਣੀ ਦੀ ਸਪਲਾਈ ਵਰਗੇ ਚੱਲ ਰਹੇ ਪ੍ਰੋਜੈਕਟਾਂ ਦਾ ਮੁਲਾਂਕਣ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਸਾਹਨੀ ਨੇ ਗ਼ੈਰ-ਕਾਨੂੰਨੀ ਉਸਾਰੀਆਂ ਤੇ ਨਾਜਾਇਜ਼ ਕਬਜ਼ਿਆਂ ਪ੍ਰਤੀ ਜ਼ੀਰੋ ਟੋਲਰੈਂਸ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਕਬ ਨਿਰੰਤਰ ਅਤੇ ਸੰਗਠਿਤ ਵਿਕਾਸ ਲਈ ਸ਼ਹਿਰੀ ਯੋਜਨਾਬੰਦੀ ਨਿਯਮਾਂ ਨੂੰ ਕਾਇਮ ਰੱਖਣਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ, ਨਗਰ ਨਿਗਮ ਦੀਆਂ ਜ਼ਰੂਰੀ ਲੰਬਿਤ ਫਾਈਲਾਂ ਕੱਢਣ ਲਈ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਸੀ, ਜਿਸ ਵਿੱਚ ਤਨਖ਼ਾਹ ਦੇ ਮੁੱਦਿਆਂ ਅਤੇ ਵੱਖ-ਵੱਖ ਡੈਲੀਗੇਸ਼ਨ ਵੱਲੋਂ ਉਠਾਏ ਨਾਜ਼ੁਕ ਮਾਮਲੇ ਵੀ ਵਿਚਾਰੇ ਗਏ।ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ, “ਸਾਡਾ ਉਦੇਸ਼ ਸ਼ਹਿਰ ਦੇ ਵਿਕਾਸ ਲਈ ਵਧੇਰੇ ਕੁਸ਼ਲ ਅਤੇ ਪ੍ਰਗਤੀਸ਼ੀਲ ਵਾਤਾਵਰਣ ਨੂੰ ਉਤਸ਼ਾਹਿਤ ਕਰਨਾ ਹੈ। ਅਸੀਂ ਮਹੱਤਵਪੂਰਨ ਪ੍ਰੋਜੈਕਟਾਂ ਦੇ ਅਮਲ ਨੂੰ ਯਕੀਨੀ ਬਣਾਉਣ ਅਤੇ ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਲਈ ਸਮਰਪਿਤ ਹਾਂ, ਤਾਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਕਬ ਇੱਕ ਬਿਹਤਰ ਪਟਿਆਲਾ ਬਣਾਇਆ ਜਾ ਸਕੇ।ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਇੱਕ ਪ੍ਰਫੁੱਲਤ ਅਤੇ ਟਿਕਾਊ ਸ਼ਹਿਰੀ ਵਿਕਾਸ ਯਕੀਨੀ ਬਣਾਉਣ ਲਈ ਮਜ਼ਬੂਤ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਦੇ ਪ੍ਰਮਾਣ ਵਜੋਂ ਕੀਤੀ ਗਈ ਹੈ।