ਸ਼ਹੀਦ ਭਗਤ ਸਿੰਘ ਕਲਾ ਮੰਚ ਦੇ ਕਲਾਕਾਰਾਂ ਨੇ ਨਾਟਕ ਮੰਚਨ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ
ਹਠੂਰ , 16 ਦਸੰਬਰ ( ਰੋਹਿਤ ਗੋਇਲ, ਵਿਕੇਸ਼ ਸ਼ਰਮਾਂ )-ਪੰਜਾਬ ਸਰਕਾਰ ਦੀ ਮੁਹਿੰਮ ’ਆਓ ਮਿਲ ਕੇ ਅਭਿਆਨ ਚਲਾਈਏ, ਨਸ਼ਾ ਮੁਕਤ ਪੰਜਾਬ ਬਣਾਈਏ’ ਤਹਿਤ ਐਸ.ਐਸ.ਪੀ ਨਵਨੀਤ ਸਿੰਘ ਬੈਂਸ ਦੇ ਨਿਰਦੇਸ਼ਾਂ ’ਤੇ ਭਾਈ ਦਾਨ ਸਿੰਘ ਸਕੂਲ ’ਚ ਨਸ਼ਾ ਵਿਰੋਧੀ ਸੈਮੀਨਾਰ ਦਾ ਆਯੋਜਨ ਥਾਣਾ ਹਠੂਰ ਦੇ ਇੰਚਾਰਜ ਸਬ-ਇੰਸਪੈਕਟਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਜਿਸ ਵਿੱਚ ਐਸਪੀ ਹੈੱਡਕੁਆਰਟਰ ਮਾਨਵਿੰਂਦਰਵੀਰ ਸਿੰਘ ਮੁੱਖ ਮਹਿਮਾਨ ਵਜੋਂ ਪਹੁੰਚੇ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ੇ ਨੂੰ ਕਦੇ ਵੀ ਆਪਣੇ ’ਤੇ ਹਾਵੀ ਨਾ ਹੋਣ ਦਿਓ। ਨਸ਼ਾ ਕਰਨ ਵਾਲਾ ਵਿਅਕਤੀ ਖੁਦ ਤਾਂ ਇਸ ਕਾਰਨ ਮੁਸੀਹਤ ਵਿਚ ਫਸਦਾ ਹੀ ਹੈ ਬਲਕਿ ਉਸਦੇ ਮਾਂ-ਬਾਪ, ਪਤਨੀ ਅਤੇ ਬੱਚੇ ਵੀ ਇਸਦੇ ਕਹਿਰ ਦਾ ਸ਼ਿਕਾਰ ਹੁੰਦੇ ਹਨ। ਇੱਕ ਵਿਅਕਤੀ ਦੇ ਨਸ਼ੇ ਕਾਰਨ ਪੂਰਾ ਪਰਿਵਾਰ ਬਰਬਾਦ ਹੋ ਜਾਂਦਾ ਹੈ। ਇਸ ਲਈ ਨਸ਼ੇ ਵੇਚਣ ਦਾ ਧੰਦਾ ਕਰਨ ਵਾਲਿਆਂ ਨਾਲ ਕਦੇ ਵੀ ਹਮਦਰਦੀ ਨਹੀਂ ਕਰਨੀ ਚਾਹੀਦੀ। ਇਸ ਲਈ ਅਜਿਹੇ ਮਸ਼ਾ ਤਸਕਰ ਲੋਕਾਂ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ ਕਿਉਂਕਿ ਇਹ ਪੈਸੇ ਦੇ ਲਾਲਚ ਵਿੱਚ ਆ ਕੇ ਸਾਡੇ ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੇ ਹਨ। ਉਨ੍ਹਾਂ ਮੌਕੇ ’ਤੇ ਹਾਜ਼ਰ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਭਾਗ ਲੈਣ ਵਾਲੇ ਬੱਚੇ ਆਪਣੀ ਜ਼ਿੰਦਗੀ ਵਿੱਚ ਸੁਨਹਿਰੀ ਮੌਕੇ ਪ੍ਰਾਪਤ ਕਰਦੇ ਹਨ ਅਤੇ ਉੱਚ ਅਹੁਦਿਆਂ ’ਤੇ ਵੀ ਪਹੁੰਚਦੇ ਹਨ। ਖੇਡਾਂ ਵਿੱਚ ਭਾਗ ਲੈਣ ਵਾਲਾ ਬੱਚਾ ਕਦੇ ਵੀ ਨਸ਼ਿਆਂ ਵੱਲ ਆਕਰਸ਼ਿਤ ਨਹੀਂ ਹੁੰਦਾ। ਉਨ੍ਹਾਂ ਬੱਚਿਆਂ ਨੂੰ ਜੀਵਨ ਵਿੱਚ ਕਦੇ ਵੀ ਨਸ਼ਾ ਨਾ ਕਰਨ ਦੀ ਸਹੁੰ ਚੁਕਾਈ ਅਤੇ ਹੋਰਨਾਂ ਲੋਕਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨ ਲਈ ਮੁਹਿੰਮ ਚਲਾਉਣ ਲਈ ਕਿਹਾ। ਇਸ ਮੌਕੇ ਸ਼ਹੀਦ ਭਗਤ ਸਿੰਘ ਕਲਾ ਮੰਚ ਦੇ ਕਲਾਕਾਰਾਂ ਨੇ ਡਾਇਰੈਕਟਰ ਤੀਰਥ ਚੜਿੱਕ ਦੀ ਅਗਵਾਈ ਹੇਠ ਨਾਟਕ ਰਾਹੀਂ ਨਸ਼ੇ ਦੇ ਆਦੀ ਵਿਅਕਤੀ ਦਾ ਪੂਰਾ ਪਰਿਵਾਰ ਅਤੇ ਸਮਾਜ ਕਿਵੇਂ ਪ੍ਰਭਾਵਿਤ ਹੋ ਜਾਂਦਾ ਹੈ, ਦੀ ਕਹਾਣੀ ਨੂੰ ਸਫ਼ਲਤਾਪੂਰਵਕ ਪੇਸ਼ ਕੀਤਾ ਅਤੇ ਸ਼ਾਨਦਾਰ ਕੋਰੀਓਗ੍ਰਾਫੀ ਨਾਲ ਮੌਕੇ ’ਤੇ ਮੌਜੂਦ ਲੋਕਾਂ ਨੂੰ ਝੰਜੋੜ ਕੇ ਰੱਖ ਦਿਤਾ। ਇਸ ਮੌਕੇ ਸੰਬੋਧਨ ਕਰਦਿਆਂ ਡਾ: ਜਸਵਿੰਦਰ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਆਦੀ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ। ਉਸ ਦਾ ਪਰਿਵਾਰ ਅਤੇ ਇਲਾਕੇ ਦੇ ਪਤਵੰਤੇ ਇਸ ਵਿੱਚ ਸਭ ਤੋਂ ਵੱਡੀ ਭੂਮਿਕਾ ਨਿਭਾ ਸਕਦੇ ਹਨ। ਇਹ ਲੋਕ ਨਫ਼ਰਤ ਦੇ ਨਹੀਂ ਸਗੋਂ ਤਰਸ ਦੇ ਪਾਤਰ ਹਨ। ਨਸ਼ਾ ਛੱਡਣ ਦੇ ਚਾਹਵਾਨਾਂ ਲਈ ਸਿਵਲ ਹਸਪਤਾਲ ਜਗਰਾਓਂ ਵਿੱਚ 50 ਮਰੀਜ਼ਾਂ ਦੀ ਸਮਰੱਥਾ ਵਾਲਾ ਨਸ਼ਾ ਛੁਡਾਊ ਕੇਂਦਰ ਹੈ ਅਤੇ ਮਰੀਜ਼ ਨੂੰ 21 ਦਿਨਾਂ ਤੱਕ ਦਾਖ਼ਲ ਰੱਖਿਆ ਜਾਂਦਾ ਹੈ, ਜਿਸ ਤੋਂ ਬਾਅਦ ਉਹ ਨਸ਼ਾ ਮੁਕਤ ਜੀਵਨ ਬਤੀਤ ਕਰਨ ਦੇ ਯੋਗ ਹੋ ਜਾਂਦਾ ਹੈ। ਉਨ੍ਹਾਂ ਨਸ਼ਾ ਕਰਨ ਵਾਲੇ ਨੋਜਵਾਨਾਂ ਨੂੰ ਪ੍ਰੱਰਤ ਕਰਕੇ ਉਨ੍ਹਾਂ ਦਾ ਇਲਾਜ ਕਰਵਾਉਣ ਲਈ ਵੀ ਪਹਿਲ ਕਰਨ ਦੀ ਅਪੀਲ ਕੀਤੀ। ਅੰਤ ਵਿੱਚ ਮੁੱਖ ਮਹਿਮਾਨ ਨੇ ਸੈਮੀਨਾਰ ਵਿੱਚ ਪੁੱਜੇ ਪਤਵੰਤਿਆਂ ਅਤੇ ਸ਼ਹੀਦ ਭਗਤ ਸਿੰਘ ਕਲਾ ਮੰਚ ਦੇ ਕਲਾਕਾਰਾਂ ਨੂੰ ਸਨਮਾਨਿਤ ਕੀਤਾ।