Home Political ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫ਼ਾ; ਮੁੱਖ ਮੰਤਰੀ ਵੱਲੋਂ...

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫ਼ਾ; ਮੁੱਖ ਮੰਤਰੀ ਵੱਲੋਂ ਮਹਿੰਗਾਈ ਭੱਤੇ ਵਿੱਚ 4 ਫੀਸਦੀ ਵਾਧੇ ਦਾ ਐਲਾਨ

32
0


ਚੰਡੀਗੜ੍ਹ, 18 ਦਸੰਬਰ ( ਰੋਹਿਤ ਗੋਇਲ, ਅਨਿਲ ਕੁਮਾਰ)) -ਪੰਜਾਬ ਸਰਕਾਰ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨਵੇਂ ਸਾਲ ਦੇ ਤੋਹਫ਼ੇ ਵਜੋਂ ਮੁੱਖ ਮੰਤਰੀ ਨੇ 1 ਦਸੰਬਰ, 2023 ਤੋਂ 4 ਫੀਸਦੀ ਮਹਿੰਗਾਈ ਭੱਤਾ (ਡੀਏ) ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮਹਿੰਗਾਈ ਭੱਤਾ 34 ਤੋਂ ਵਧ ਕੇ 38 ਫੀਸਦੀ ਹੋ ਗਿਆ।
ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨਾਲ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮ ਸੂਬਾਈ ਪ੍ਰਸ਼ਾਸਨ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਇਕ ਹੋਰ ਮੁੱਦੇ ‘ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਏਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਅੱਗੇ ਵਧਾਉਣ ਲਈ ਭਾਰਤ ਸਰਕਾਰ ਦੇ ਵਿੱਤ ਸਕੱਤਰ ਨਾਲ ਮੀਟਿੰਗ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਸਟੈਨੋ ਟਾਈਪਿਸਟਾਂ ਲਈ ਸੀਨੀਆਰਤਾ ਦੇ ਆਧਾਰ ‘ਤੇ ਵੱਖ-ਵੱਖ ਵਿਭਾਗਾਂ ਵਿੱਚ ਤਰੱਕੀਆਂ ਨੂੰ ਯਕੀਨੀ ਬਣਾਉਣ ਲਈ ਸਮਾਂਬੱਧ (ਟਾਈਮ ਸਕੇਲ) ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੇ ਵਿਭਾਗਾਂ ਦੀਆਂ ਮਨਿਸਟਰੀਅਲ ਸੇਵਾਵਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਤਰੱਕੀ ਰਾਹੀਂ ਭਰਨ ਦੀ ਪ੍ਰਕਿਰਿਆ ਦੋ ਮਹੀਨਿਆਂ ਦੇ ਅੰਦਰ-ਅੰਦਰ ਯਕੀਨੀ ਬਣਾਈ ਜਾਵੇ। ਉਨ੍ਹਾਂ ਏ.ਸੀ.ਪੀ ਸਕੀਮ ਬਹਾਲ ਕਰਨ ਸਮੇਤ ਮੁਲਾਜ਼ਮਾਂ ਦੀਆਂ ਕਈ ਲਟਕਦੀਆਂ ਮੰਗਾਂ ਦੇ ਹੱਲ ਲਈ ਕਮੇਟੀ ਬਣਾਉਣ ਦਾ ਐਲਾਨ ਵੀ ਕੀਤਾ। ਭਗਵੰਤ ਸਿੰਘ ਮਾਨ ਨੇ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਨ੍ਹਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਠੋਸ ਉਪਰਾਲੇ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ ਹੈ, ਜਿਸ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਲਈ ਸੂਬਾ ਸਰਕਾਰ ਦੇ ਮੁਲਾਜ਼ਮ ਵੀ ਪ੍ਰੇਰਕ ਵਜੋਂ ਕੰਮ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਸਮਰਪਿਤ ਹੈ।

LEAVE A REPLY

Please enter your comment!
Please enter your name here