ਫ਼ਤਹਿਗੜ੍ਹ ਸਾਹਿਬ, 20 ਦਸੰਬਰ (ਲਿਕੇਸ਼ ਸ਼ਰਮਾ) : ਦਸਮਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਨੇ ਜੁਲਮ ਖਿਲਾਫ ਛੋਟੀ ਉਮਰ ਵਿੱਚ ਜੋ ਵੱਡੀ ਸ਼ਹਾਦਤ ਦਿੱਤੀ ਹੈ ਉਸ ਦੀ ਦੁਨੀਆਂ ਭਰ ਵਿੱਚ ਕੋਈ ਮਿਸਾਲ ਨਹੀਂ ਮਿਲਦੀ ਇਸ ਲਈ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਗੁਰੂ ਦੇ ਲੜ ਲੱਗਣਾ ਚਾਹੀਦਾ ਹੈ ਅਤੇ ਆਪਣੇ ਦੇਸ਼ ਤੇ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਿਲਾਂ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦੇ ਦਫ਼ਤਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮਾਤਾ ਗੁਜਰੀ ਜੀ ਜੋ ਕਿ ਸਮੁੱਚੀ ਮਾਨਵਤਾ ਦੇ ਮਾਤਾ ਹਨ, ਨੇ ਜਿਸ ਤਰ੍ਹਾਂ ਛੋਟੇ ਬਾਲਾਂ ਨੂੰ ਸ਼ਹਾਦਤ ਲਈ ਭੇਜਿਆ ਉਸ ਨੂੰ ਵੇਖ ਕੇ ਕੰਧਾਂ ਵੀ ਰੋ ਪਈਆਂ ਸਨ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੇ ਮਾਨਵਤਾ ਵਿੱਚ ਇੱਕ ਨਵੀਂ ਰੂਹ ਫੂਕੀ ਅਤੇ ਇਨ੍ਹਾਂ ਮਹਾਨ ਸ਼ਹਾਦਤ ਕਾਰਨ ਸਿੱਖ ਪੰਥ ਦੀ ਨੀਂਹ ਮਜਬੂਤ ਹੋਈ ਹੈ।ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਦਸੰਬਰ ਦਾ ਇਹ ਹਫਤਾ ਸਮੁੱਚੇ ਸਿੱਖ ਪੰਥ ਲਈ ਇੱਕ ਇਤਿਹਾਸਕ ਹਫਤਾ ਹੈ ਇਸ ਹਫਤੇ ਦੌਰਾਨ ਹੀ ਗੁਰੂ ਸਾਹਿਬ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੇ ਸ਼ਹਾਦਤ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਸ ਮਹਾਨ ਸ਼ਹਾਦਤ ਨੂੰ ਨਤਮਸਤਕ ਹੋਣ ਲਈ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤ ਫ਼ਤਹਿਗੜ੍ਹ ਸਾਹਿਬ ਵਿਖੇ ਪੁੱਜਦੀ ਹੈ ਜਿਸ ਦੀ ਸੁਰੱਖਿਆ ਤੇ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਨੌਜਵਾਨ ਵਰਗ ਨੂੰ ਇਹ ਅਪੀਲ ਵੀ ਕੀਤੀ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਤੋਂ ਸੇਧ ਤੇ ਸਿੱਖਿਆ ਲੈ ਕੇ ਪੰਥ ਦੀ ਚੜ੍ਹਦੀ ਕਲਾ ਲਈ ਕੰਮ ਕਰਨ।ਉਨ੍ਹਾਂ ਕਿਹਾ ਕਿ ਉਹ ਅੱਜ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਸਿਰ ਝੁਕਾਉਣ ਲਈ ਆਏ ਹਨ।ਇਸ ਮੌਕੇ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ, ਸਮਰਾਲਾ ਦੇ ਵਿਧਾਇਕ ਹਰਦੀਪ ਸਿੰਘ ਮੂੜੀਆਂ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਪ੍ਰਿਤਪਾਲ ਜੱਸੀ, ਬਹਾਦਰ ਖਾਂ, ਦੀਪਾ ਸਰਾਣਾ, ਰਾਜਦੀਪ ਰਾਜੂ, ਆਸ਼ੀਸ਼ ਅੱਤਰੀ, ਅਸੀਸ ਸੂਦ, ਜਗਰੂਪ ਨੰਬਰਦਾਰ, ਅਮਰੀਕ ਬਾਲਪੁਰ, ਰਾਜੇਸ਼ ਉੱਪਲ, ਦਰਸ਼ਨ ਪੰਡਰਾਲੀ, ਅਮਰਿੰਦਰ ਮੰਡੋਫ਼ਲ, ਗੁਰਸਤਿੰਦਰ ਜੱਲਾ, ਤਰਸੇਮ ਉੱਪਲ, ਗੁਰਮੀਤ ਬਾਜਵਾ, ਬਲਵੀਰ ਸੋਢੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।