ਪੰਜਾਬ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ, ਗੈਂਗਸਟਰਾਂ ਦਾ ਬੋਲਬਾਲਾ- ਬਾਜਵਾ
ਜਗਰਾਉਂ, 21 ਦਸੰਬਰ ( ਰਾਜੇਸ਼ ਜੈਨ, ਭਗਵਾਨ ਭੰਗੂ, ਜਗਰੂਪ ਸੋਹੀ )-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਜਗਰਾਓਂ ਦੀ ਅਨਾਜ ਮੰਡੀ ਵਿੱਚ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸਾਬਕਾ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ, ਬਲਾਕ ਪ੍ਰਧਾਨ ਨਵਦੀਪ ਸਿੰਘ ਗਰੇਵਾਲ ਅਤੇ ਦਿਹਾਤੀ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਧਾਲੀਵਾਲ ਦੇ ਪ੍ਰਬੰਧਾਂ ਅਧੀਨ ਪੰਜਾਬ ਵਿੱਚ ਬੁਰੀ ਤਰ੍ਹਾਂ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਅਤੇ ਨਸ਼ਿਆਂ ਦੇ ਨੂੰ ਲੈ ਕੇ ਆਯਜਿਤ ਕੀਤੀ ਗਈ ਵਿਸ਼ਾਲ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਦਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ’ਚ ਬਦਲਾਅ ਦੇ ਨਾਂ ’ਤੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦੋ ਸਾਲਾਂ ਦੇ ਸ਼ਾਸਨ ਦੌਰਾਨ ਪੰਜਾਬ ਹਰ ਤਰ੍ਹਾਂ ਨਾਲ ਬਰਬਾਦੀ ਦੇ ਕੰਢੇ ਪਹੁੰਚ ਗਿਆ ਹੈ। ਇਸ ਵੇਲੇ ਪੰਜਾਬ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ, ਹਰ ਪਾਸੇ ਗੈਂਗਸਟਰਾਂ ਦਾ ਬੋਲਬਾਲਾ ਹੋ ਗਿਆ ਹੈ। ਨਸ਼ਿਆਂ ਕਾਰਨ ਮਾਪਿਆਂ ਨੂੰ ਆਪਣੇ ਜਵਾਨ ਪੁੱਤਰਾਂ ਦੀ ਅਰਥੀ ਦਾ ਬੋਝ ਝੱਲਣਾ ਪੈ ਰਿਹਾ ਹੈ। ਪਰ ਸਰਕਾਰ ਇਸ ਮੁੱਦੇ ’ਤੇ ਵਿਧਾਨ ਸਭਾ ਜਾਂ ਬਾਹਰ ਕੋਈ ਗੱਲ ਨਹੀਂ ਸੁਣਨਾ ਚਾਹੁੰਦੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਾਖੋਰੀ, ਪੰਜਾਬ ਦੇ ਪਾਣੀ, ਵਧ ਰਹੇ ਅਪਰਾਧ ਆਦਿ ਵਰਗੇ ਗੰਭੀਰ ਮੁੱਦਿਆਂ ’ਤੇ ਵਿਧਾਨ ਸਭਾ ਵਿੱਚ ਲੰਬੀ ਬਹਿਸ ਹੋਣੀ ਚਾਹੀਦੀ ਹੈ ਤਾਂ ਜੋ ਇਨ੍ਹਾਂ ਮੁੱਦਿਆਂ ਦਾ ਹੱਲ ਲੱਭਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਲਗਾਤਾਰ ਵੱਧ ਰਹੇ ਗੁੰਡਾਗਰਦੀ, ਬੇਰੁਜ਼ਗਾਰੀ, ਮਹਿੰਗਾਈ, ਨਸ਼ਿਆਂ ਅਤੇ ਭ੍ਰਿਸ਼ਟਾਚਾਰ ਨੂੰ ਕਾਬੂ ਕਰਨ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ। ਇਸ ਮੌਕੇ ਉਨ੍ਹਾਂ ਨਵਜੋਤ ਸਿੰਘ ਸਿੱਧੂ ਵੱਲੋਂ ਦਿਖਾਏ ਰਵੱਈਏ ’ਤੇ ਬੋਲਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਹੈ ਤਾਂ ਉਹ ਪਾਰਟੀ ਦੇ ਮੰਚ ’ਤੇ ਆ ਕੇ ਆਪਣੇ ਵਿਚਾਰ ਪੇਸ਼ ਕਰਨ। ਇਸ ਤਰ੍ਹਾਂ ਦੇ ਬਿਆਨਬਾਜੀ ਜਨਤਕ ਨਹੀਂ ਕੀਤੀ ਜਾਣੀ ਚਾਹੀਦੇ। ਇਸ ਮੌਕੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਸੰਬੋਧਨ ’ਚ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੇ ਸ਼ਾਸਨ ਦੌਰਾਨ ਕਾਰੋਬਾਰ ਅਤੇ ਜਾਨ-ਮਾਲ ਦੋਵੇਂ ਸੁਰੱਖਿਅਤ ਨਹੀਂ ਹਨ। ਉਨ੍ਹਾਂ ਸਿੱਧਾ ਦੋਸ਼ ਲਾਇਆ ਕਿ ਪੰਜਾਬ ਵਪਾਰੀ ਵਰਗ ਨੂੰ ਆ ਰਹੀਆਂ ਫਿਰੌਤੀ ਦੀਆਂ ਕਾਲਾਂ ਵਿੱਚ ਪੁਲਿਸ ਸਿੱਧੇ ਤੌਰ ’ਤੇ ਸ਼ਾਮਲ ਹੈ। ਜਦੋਂ ਪੁਲਿਸ ਅਧਿਕਾਰੀ ਗੈਂਗਸਟਰਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਜੇਲ੍ਹ ਵਿੱਚੋਂ ਲਿਆਉਂਦੇ ਹਨ ਤਾਂ ਰਸਤੇ ਵਿੱਚ ਫਿਰੌਤੀ ਮੰਗਣ ਦੀ ਇਹ ਖੇਡ ਖੇਡੀ ਜਾਂਦੀ ਹੈ। ਜਦੋਂ ਤੱਕ ਪੁਲਿਸ ਅਤੇ ਗੈਂਗਸਟਰਾਂ ਦਾ ਗਠਜੋੜ ਨਹੀਂ ਟੁੱਟਦਾ, ਰਾਹਤ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਇਸ ਮੌਕੇ ਰੈਲੀ ਨੂੰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਪੰਜਾਬ ਕਾਂਗਰਸ ਦੀ ਮਹਿਲਾ ਆਗੂ ਸੰਧੂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਜਗਤਾਰ ਸਿੰਘ ਹਿੱਸੋਵਾਲ, ਸਾਬਕਾ ਜ਼ਿਲ੍ਹਾ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ, ਸਾਬਕਾ ਚੇਅਰਮੈਨ ਪੁਰਸ਼ੋਤਮ ਲਾਲ ਖਲੀਫਾ, ਬਲਾਕ ਕਾਂਗਰਸ ਜਗਰਾਉਂ ਪ੍ਰਧਾਨ ਨਵਦੀਪ ਸਿੰਘ ਗਰੇਵਾਲ, ਦਿਹਾਤੀ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਧਾਲੀਵਾਲ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜਤਿੰਦਰਪਾਲ ਰਾਣਾ, ਕੌਂਸਲਰ ਰਵਿੰਦਰਪਾਲ ਸਿੰਘ ਰਾਜੂ, ਅਮਨ ਕਪੂਰ ਬੌਬੀ, ਵਿਕਰਮ ਜੱਸੀ, ਜਰਨੈਲ ਸਿੰਘ ਲੋਹਟ, ਸਤਿੰਦਰਾ ਤਤਲਾ, ਨਰੇਸ਼ ਘੈਂਟ ਤੋਂ ਇਲਾਵਾ ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਪੰਚ-ਸਰਪੰਚ ਅਤੇ ਪਾਰਟੀ ਵਰਕਰ ਹਾਜ਼ਰ ਸਨ।