ਚੰਡੀਗੜ੍ਹ, 28 ਦਸੰਬਰ ( ਰਾਜੇਸ਼ ਜੈਨ, ਭਗਵਾਨ ਭੰਗੂ) – ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਮੋਹਾਲੀ ਤੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਸਫ਼ਲਤਾਪੂਰਵਕ ਠੱਲ੍ਹ ਪਾਈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਸੰਚਾਲਕ ਦੀ ਪਛਾਣ ਵਿਕਰਮਜੀਤ ਸਿੰਘ ਉਰਫ ਵਿੱਕੀ ਵਾਸੀ ਸਤੀਏਵਾਲਾ, ਫਿਰੋਜ਼ਪੁਰ ਵਜੋਂ ਹੋਈ ਹੈ। ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਕਤਲ, ਇਰਾਦਾ ਕਤਲ, ਆਰਮਜ਼ ਐਕਟ ਅਤੇ ਯੂਏਪੀਏ ਸਮੇਤ ਘਿਨਾਉਣੇ ਅਪਰਾਧਾਂ ਦੇ ਘੱਟੋ-ਘੱਟ 20 ਮਾਮਲਿਆਂ ਵਿੱਚ ਲੋੜੀਂਦਾ ਹੈ।
ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ‘ਚੋਂ .30 ਕੈਲੀਬਰ ਦੇ ਇੱਕ ਚੀਨੀ ਪਿਸਤੌਲ ਸਮੇਤ 8 ਜਿੰਦਾ ਕਾਰਤੂਸ ਬਰਾਮਦ ਕੀਤੇ ਅਤੇ ਉਸ ਦੀ ਟੋਇਟਾ ਫਾਰਚੂਨਰ ਕਾਰ ਨੂੰ ਵੀ ਜ਼ਬਤ ਕਰ ਲਿਆ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏਜੀਟੀਐਫ ਦੀਆਂ ਟੀਮਾਂ ਨੇ ਏਆਈਜੀ ਗੁਰਮੀਤ ਸਿੰਘ ਚੌਹਾਨ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਨਿਗਰਾਨੀ ਵਿੱਚ ਮੁਲਜ਼ਮ ਵਿੱਕੀ ਦਾ ਪਿੱਛਾ ਕਰਦਿਆਂ ਸੈਕਟਰ-91, ਮੋਹਾਲੀ ਸਥਿਤ ਅਪਾਰਟਮੈਂਟ, ਜਿੱਥੇ ਉਸ ਨੇ ਪਨਾਹ ਲਈ ਹੋਈ ਸੀ, ਤੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿੱਕੀ, ਜਿਸ ਨੂੰ ਪਾਕਿ ਏਜੰਸੀਆਂ ਦੀ ਹਮਾਇਤ ਪ੍ਰਾਪਤ ਹੈ, ਗੋਲਡੀ ਬਰਾੜ ਅਤੇ ਸਾਬਾ (ਅਮਰੀਕਾ) ਜ਼ਰੀਏ ਪਾਕਿਸਤਾਨ ਅਧਾਰਤ ਨਸ਼ੇ ਤੇ ਹਥਿਆਰਾਂ ਦੇ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਖੇਪ ਪ੍ਰਾਪਤ ਕਰਦਾ ਸੀ। ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਵਿੱਕੀ ਨੂੰ ਵਿਰੋਧੀ ਗੈਂਗ ਦਵਿੰਦਰ ਬੰਬੀਹਾ ਦੇ ਮੈਂਬਰ ਨੂੰ ਮਾਰਨ ਦਾ ਕੰਮ ਸੌਂਪਿਆ ਗਿਆ ਸੀ।
ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਦੋਸ਼ੀ ਵਿੱਕੀ 2018 ਵਿੱਚ ਰਾਜਸਥਾਨ ਦੇ ਗੰਗਾਨਗਰ ਵਿਖੇ ਜਿਮ ਵਿੱਚ ਗੋਲੀ ਮਾਰ ਕੇ ਕਤਲ ਕੀਤੇ ਗਏ ਆਪਣੇ ਵਿਰੋਧੀ ਜੌਰਡਨ ਦੇ ਸਨਸਨੀਖੇਜ਼ ਕਤਲ ਵਿੱਚ ਸ਼ੂਟਰ/ਗੈਂਗਸਟਰ ਅੰਕਿਤ ਭਾਦੂ (ਮ੍ਰਿਤਕ) ਦੇ ਸਹਿ-ਦੋਸ਼ੀਆਂ ਵਿੱਚੋਂ ਇੱਕ ਸੀ।
ਉਨ੍ਹਾਂ ਦੱਸਿਆ ਕਿ ਫਰਵਰੀ 2019 ਵਿੱਚ ਪੀਰਮੁਛੱਲਾ ਵਿਖੇ ਕੀਤੀ ਗਈ ਪੁਲਿਸ ਕਾਰਵਾਈ ਵਿੱਚ ਅੰਕਿਤ ਭਾਦੂ ਦੇ ਮਾਰੇ ਜਾਣ ਤੋਂ ਬਾਅਦ ਮੁਲਜ਼ਮ ਵਿਕਰਮਜੀਤ ਵਿੱਕੀ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਵਿੱਚ ਉਸਦੀ ਜਗ੍ਹਾ ਲੈ ਲਈ ਅਤੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਰਾਜਾਂ ਵਿੱਚ ਅਪਰਾਧਿਕ ਗਤੀਵਿਧੀਆਂ ‘ਚ ਸਰਗਰਮੀ ਨਾਲ ਸ਼ਾਮਲ ਹੋ ਗਿਆ।
ਜ਼ਿਕਰਯੋਗ ਹੈ ਕਿ ਇਸ ਗੈਂਗ ਦੀ ਹਥਿਆਰਾਂ/ਨਸ਼ੇ ਦੀ ਤਸਕਰੀ ਦੀ ਚੇਨ ਨੂੰ ਠੱਲ੍ਹ ਪਾਉਣ ਲਈ ਵਿਕਰਮਜੀਤ ਵਿੱਕੀ ਦੀਆਂ ਅਪਰਾਧਿਕ ਗਤੀਵਿਧੀਆਂ ਬਾਰੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਸਟੇਟ ਕ੍ਰਾਈਮ, ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਮੁਕੱਦਮਾ ਨੰਬਰ 16 ਮਿਤੀ 27/12/2023 ਨੂੰ ਦਰਜ ਕੀਤਾ ਗਿਆ ਹੈ।