“ਸਾਲ 2024 ਵਿੱਚ ਵੀ ਜ਼ਿਲ੍ਹਾ ਗੁਰਦਾਸਪੁਰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹੇਗਾ – ਡਿਪਟੀ ਕਮਿਸ਼ਨਰ”
ਗੁਰਦਾਸਪੁਰ, 28 ਦਸੰਬਰ (ਭਗਵਾਨ ਭੰਗੂ – ਲਿਕੇਸ਼ ਸ਼ਰਮਾ) – ਸਾਲ 2023 ਜ਼ਿਲ੍ਹਾ ਗੁਰਦਾਸਪੁਰ ਦੇ ਸਰਬਪੱਖੀ ਵਿਕਾਸ ਦੇ ਪੱਖ ਤੋਂ ਇਤਿਹਾਸਕ ਅਤੇ ਯਾਦਗਾਰੀ ਸਾਲ ਹੋ ਨਿਬੜਿਆ ਹੈ।ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਗੁਰਦਾਸਪੁਰ ਨੇ ਸਾਲ 2023 ਵਿੱਚ ਵਿਕਾਸ ਦੀ ਨਵੀਂ ਇਬਾਰਤ ਲਿਖੀ ਹੈ। ਇਸ ਸਾਲ ਜ਼ਿਲ੍ਹਾ ਗੁਰਦਾਸਪੁਰ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਹੋਣ ਅਤੇ ਕਈ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਸਦਕਾ ਜ਼ਿਲ੍ਹੇ ਨੇ ਵਿਕਾਸ ਕ੍ਰਾਂਤੀ ਵੱਲ ਕਦਮ ਵਧਾਏ ਹਨ।ਪੰਜਾਬ ਸਰਕਾਰ ਵੱਲੋਂ ਸਾਲ 2023 ਦੌਰਾਨ ਜ਼ਿਲ੍ਹਾ ਗੁਰਦਾਸਪੁਰ ਨੂੰ ਕਈ ਵੱਡੇ ਤੋਹਫ਼ੇ ਦਿੱਤੇ ਗਏ ਹਨ। ਰਾਜ ਸਰਕਾਰ ਵੱਲੋਂ ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ 14.92 ਕਰੋੜ ਰੁਪਏ ਦੀ ਲਾਗਤ ਨਾਲ 6 ਏਕੜ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਬੱਸ ਸਟੈਂਡ ਦੀ ਉਸਾਰੀ ਕਰਕੇ ਇਸਨੂੰ ਲੋਕ ਅਰਪਣ ਕੀਤਾ ਗਿਆ ਹੈ। ਇਸ ਬੱਸ ਸਟੈਂਡ ਦਾ ਨਾਮ ‘ਬਾਬਾ ਬੰਦਾ ਸਿੰਘ ਬਹਾਦਰ ਇੰਟਰਸਟੇਟ ਬੱਸ ਟਰਮੀਨਲ’ ਰੱਖਿਆ ਗਿਆ ਹੈ। ਇਹ ਨਵਾਂ ਬੱਸ ਅੱਡਾ ਸ਼ੁਰੂ ਹੋਣ ਨਾਲ ਲੋਕਾਂ ਨੂੰ ਬਹੁਤ ਵੱਡੀ ਸਹੂਲਤ ਮਿਲੀ ਹੈ।ਇਸੇ ਤਰਾਂ ਗੁਰਦਾਸਪੁਰ ਸ਼ਹਿਰ ਵਿੱਚ ਟਰੈਫਿਕ ਦੀ ਸਮੱਸਿਆ ਨੂੰ ਹੱਲ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ 21 ਕਰੋੜ ਰੁਪਏ ਦੀ ਲਾਗਤ ਨਾਲ ਤਿੱਬੜੀ ਰੋਡ ’ਤੇ ਅੰਡਰ ਰੇਲਵੇ ਬਰਿਜ ਤਿਆਰ ਕਰਕੇ ਲੋਕ ਅਰਪਣ ਕੀਤਾ ਗਿਆ ਹੈ। ਇਸ ਅੰਡਰ ਬਰਿਜ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਰੇਲਵੇ ਫਾਟਕ ’ਤੇ ਲੱਗਦੇ ਜਾਮ ਤੋਂ ਨਿਜਾਤ ਮਿਲੀ ਹੈ।ਇਸ ਸਾਲ ਦੀਨਾਨਗਰ ਵਿਖੇ 6.60 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਤਹਿਸੀਲ ਕੰਪਲੈਕਸ ਨੂੰ ਲੋਕ ਅਰਪਣ ਕੀਤਾ ਗਿਆ ਹੈ। ਇਸਦੇ ਨਾਲ ਹੀ 2.36 ਕਰੋੜ ਰੁਪਏ ਦੀ ਲਾਗਤ ਨਾਲ ਦੀਨਾਨਗਰ ਵਿਖੇ ਹੀ ਸਬ-ਤਹਿਸੀਲ ਦਾ ਨਵਾਂ ਦਫ਼ਤਰ ਵੀ ਬਣਾਇਆ ਗਿਆ ਹੈ। ਇਨਾਂ ਦਫ਼ਤਰਾਂ ਦੇ ਬਣਨ ਨਾਲ ਤਹਿਸੀਲ ਪੱਧਰ ਦੇ ਸਾਰੇ ਦਫ਼ਤਰ ਇੱਕ ਛੱਤ ਥੱਲੇ ਲੋਕਾਂ ਨੂੰ ਸੇਵਾਵਾਂ ਦੇਣਗੇ। ਇਸ ਤੋਂ ਇਲਾਵਾ ਸਾਲ 2023 ਦੌਰਾਨ ਜ਼ਿਲ੍ਹੇ ਵਿੱਚ ਹੋਰ ਵੀ ਕਈ ਵਿਕਾਸ ਪ੍ਰੋਜੈਕਟ ਮੁਕੰਮਲ ਹੋਏ ਹਨ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਸਾਲ 2023 ਦੌਰਾਨ ਆਪਣੀ ਬੇਹਤਰ ਕਾਰਗੁਜ਼ਾਰੀ ਸਦਕਾ ਕੌਮੀ ਅਤੇ ਰਾਜ ਪੱਧਰ ’ਤੇ ਐਵਾਰਡ ਵੀ ਹਾਸਲ ਕੀਤੇ ਹਨ।ਜ਼ਿਲ੍ਹਾ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਸਦਕਾ ਜ਼ਿਲ੍ਹੇ ਦੇ ਪਿੰਡ ‘ਨਵਾਂ ਪਿੰਡ ਸਰਦਾਰਾਂ’ ਨੇ ਭਾਰਤ ਦੇ ‘ਸਰਵੋਤਮ ਸੈਲਾਨੀ ਪਿੰਡ’ ਹੋਣ ਦਾ ਐਵਾਰਡ ਹਾਸਲ ਕੀਤਾ ਹੈ। ਨਵੀਂ ਦਿੱਲੀ ਵਿਖੇ ਹੋਏ ਵਿਸ਼ੇਸ਼ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਹ ਐਵਾਰਡ ਹਾਸਲ ਕੀਤਾ। ਇਸੇ ਹੀ ਪਿੰਡ ਦੀ ਵਿਰਾਸਤੀ ਪਿੱਪਲ ਹਵੇਲੀ ਨੂੰ ਵਿਰਾਸਤੀ ਪੇਂਡੂ ਹੋਮ-ਸਟੇਅ ਵਜੋਂ ਇਸਦੇ ਟਿਕਾਊ ਵਿਕਾਸ ਲਈ ਸਨਮਾਨਿਤ ਕੀਤਾ ਗਿਆ ਹੈ।ਇਸ ਸਾਲ ਜ਼ਿਲ੍ਹਾ ਗੁਰਦਾਸਪੁਰ ਨੇ ਸੂਬੇ ਭਰ ਵਿਚੋਂ ਉਦਯੋਗਿਕ ਨਿਵੇਸ਼ ਲਈ ਸਿੰਗਲ ਵਿੰਡੋ ਸਿਸਟਮ ਅਤੇ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਵਧੀਆ ਸਹੂਲਤਾਂ ਦੇਣ ਬਦਲੇ ਸੂਬੇ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਮੁਹਾਲੀ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਨਿਵੇਸ਼ ਸੰਮੇਲਨ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਇਸ ਪ੍ਰਾਪਤੀ ਲਈ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ।ਜ਼ਿਲ੍ਹਾ ਬਾਲ ਭਲਾਈ ਕੌਂਸਲ ਗੁਰਦਾਸਪੁਰ ਵੱਲੋਂ ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੀਤੇ ਜਾ ਰਹੇ ਮਿਸਾਲੀ ਕੰਮਾਂ ਲਈ ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਨੇ ਜ਼ਿਲ੍ਹਾ ਬਾਲ ਭਲਾਈ ਕੌਂਸਲ ਗੁਰਦਾਸਪੁਰ ਦੇ ਚੇਅਰਪਰਸਨ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੂੰ ਚੰਡੀਗੜ੍ਹ ਵਿਖੇ ਹੋਏ ਇੱਕ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।ਟੀ.ਬੀ. ਦੀ ਬਿਮਾਰੀ ਨੂੰ ਕੰਟਰੋਲ ਕਰਨ ਵਿੱਚ ਇਸ ਸਾਲ ਜ਼ਿਲ੍ਹਾ ਗੁਰਦਾਸਪੁਰ ਨੇ ਮਿਸਾਲੀ ਕੰਮ ਕੀਤਾ ਹੈ। ਆਪਣੀ ਬੇਹਤਰ ਕਾਰਗੁਜ਼ਾਰੀ ਸਦਕਾ ਜ਼ਿਲ੍ਹਾ ਗੁਰਦਾਸਪੁਰ ਨੇ ਟੀ.ਬੀ. ਦੀ ਬਿਮਾਰੀ ਨੂੰ ਕੰਟਰੋਲ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਸਿਲਵਰ ਮੈਡਲ ਹਾਸਲ ਕੀਤਾ ਹੈ।ਜ਼ਿਲ੍ਹਾ ਵਾਸੀਆਂ ਨੂੰ ਬੇਹਤਰ ਸੇਵਾਵਾਂ ਦੇਣ ਦੇ ਮਾਮਲੇ ਵਿੱਚ ਵੀ ਇਸ ਸਾਲ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਆਪਣੀ ਬੇਹਤਰ ਕਾਰਗੁਜ਼ਾਰੀ ਦਿਖਾਈ ਹੈ। ਇਸ ਸਾਲ ਜ਼ਿਲ੍ਹਾ ਗੁਰਦਾਸਪੁਰ ਈ-ਸੇਵਾ ਦੇ ਖੇਤਰ ਵਿੱਚ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਦੇਣ ਵਿੱਚ ਰਾਜ ਭਰ ਵਿੱਚੋਂ ਮੋਹਰੀ ਰਿਹਾ ਹੈ।ਸਾਲ 2023 ਜ਼ਿਲ੍ਹਾ ਗੁਰਦਾਸਪੁਰ ਦੇ ਵਿਰਸੇ ਤੇ ਵਿਰਾਸਤ ਨੂੰ ਉਭਾਰਨ ਦੇ ਪੱਖ ਤੋਂ ਵੀ ਯਾਦਗਾਰੀ ਸਾਲ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲੇ ਦੇ ਅਮੀਰ ਵਿਰਸੇ ਦੀ ਜਾਣਕਾਰੀ ਦੇਣ ਲਈ ਕੌਫ਼ੀ ਟੇਬਲ ਬੁੱਕ ਤਿਆਰ ਕੀਤੀ ਗਈ, ਜਿਸਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਰੀਲੀਜ਼ ਕੀਤਾ ਗਿਆ।ਇਸ ਸਾਲ ਪੰਜਾਬ ਸਰਕਾਰ ਵੱਲੋਂ ਸਰਦਾਰ ਹਰੀ ਸਿੰਘ ਨਲੂਆ ਜੀ ਦੀ ਯਾਦ ਵਿੱਚ ਤਿੰਨ ਰੋਜ਼ਾ ‘ਜੋਸ਼ ਉਤਸਵ’ ਕਰਵਾਇਆ ਗਿਆ ਜੋ ਕਿ ਯਾਦਗਾਰੀ ਸਮਾਗਮ ਰਿਹਾ। ਪੂਰੀ ਤਰ੍ਹਾਂ ਕਾਮਯਾਬ ਰਹੇ ‘ਜੋਸ਼ ਉਤਸਵ’ ਨੇ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਅਤੇ ਇਤਿਹਾਸ ਨਾਲ ਜੋੜ ਕੇ ਨਵਾਂ ਜੋਸ਼ ਭਰਿਆ ਹੈ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਸਾਲ 2023 ਦਾ ਈਵੈਂਟ ਕੈਲੰਡਰ ਤਿਆਰ ਕੀਤਾ ਗਿਆ ਸੀ ਜਿਸ ਅਨੁਸਾਰ ‘ਵਿਰਸਾ ਉਤਸਵ’ ਗੁਰਦਾਸਪੁਰ, ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ, ਛੋਟਾ ਘੱਲੂਘਾਰਾ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ, ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿੱਚ ਬਰਸੀ ਸਮਾਗਮ, ਨਸ਼ਿਆਂ ਵਿਰੁੱਧ ਜਾਗਰੂਕਤਾ ਲਿਆਉਣ ਲਈ ਵਿਸ਼ੇਸ਼ ਸਮਾਗਮ ਕਰਵਾਏ ਗਏ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਵਿਸ਼ੇਸ਼ ਯਤਨਾਂ ਸਦਕਾ ਗੁਰਦਾਸਪੁਰ ਵਾਸੀਆਂ ਇਸ ਸਾਲ ਕਲਾ ਕੇਂਦਰ ਦਾ ਖੂਬਸੂਰਤ ਤੋਹਫ਼ਾ ਮਿਲਿਆ ਹੈ। ਕਲਾ ਕੇਂਦਰ ਦੀ ਖੰਡਰ ਹੋਈ ਇਮਾਰਤ ਦੀ ਮੁਰੰਮਤ ਕਰਕੇ ਇਸਨੂੰ ਨਵੀਂ ਦਿੱਖ ਦਿੱਤੀ ਗਈ ਹੈ। ਦੋ ਦਹਾਕਿਆਂ ਤੋਂ ਬੰਦ ਪਏ ਇਸ ਕਲਾ ਕੇਂਦਰ ਦੇ ਸ਼ੁਰੂ ਹੋਣ ਨਾਲ ਇਕ ਵਾਰ ਇਥੇ ਕਲਾ ਤੇ ਸੰਗੀਤਕ ਗਤੀਵਿਧੀਆਂ ਸ਼ੁਰੂ ਹੋਈਆਂ ਹਨ।ਇਸੇ ਤਰ੍ਹਾਂ ਬਟਾਲਾ ਸਥਿਤ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਰਕ ਕੇਂਦਰ ਦੀ ਮੁਰੰਮਤ ਅਤੇ ਰੱਖ-ਰਖਾਵ ਵੱਲ ਵਿਸ਼ੇਸ਼ ਧਿਆਨ ਦੇ ਕੇ ਉਥੇ ਵੱਖ-ਵੱਖ ਸਾਹਿਤਕ ਸਮਾਗਮ ਕਰਵਾਏ ਗਏ ਹਨ। ਸ਼ਿਵ ਆਡੀਟੋਰੀਅਮ ਵਿਖੇ ਸ਼ਿਵ ਕਮੁਾਰ ਬਟਾਲਵੀ ਦਾ ਆਦਮ ਕੱਦ ਬੁੱਤ ਸਥਾਪਤ ਕੀਤਾ ਗਿਆ ਹੈ।ਇਸ ਸਾਲ 40 ਲੱਖ ਰੁਪਏ ਦੀ ਲਾਗਤ ਨਾਲ ਕੇਸੋਪੁਰ ਛੰਬ ਦੇ ਨਵੀਨੀਕਰਨ ਦਾ ਵਿਸ਼ੇਸ਼ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਇਸ ਛੰਬ ਨੂੰ ਸੈਰ-ਸਪਾਟੇ ਵਜੋਂ ਉਤਸ਼ਾਹਤ ਕੀਤਾ ਜਾ ਸਕੇ।ਇਸਦੇ ਨਾਲ ਹੀ ਵਿਸ਼ੇਸ਼ ਬੱਸ ਰਾਹੀਂ ਜ਼ਿਲ੍ਹੇ ਗੁਰਦਾਸਪੁਰ ਦੀ ਅਮੀਰ ਇਤਿਹਾਸਕ ਵਿਰਾਸਤ ਨੂੰ ਦਿਖਾਉਣ ਲਈ ‘ਵਿਰਸਾ ਦਰਸ਼ਨ’ ਪ੍ਰੋਗਰਾਮ ਚਲਾਇਆ ਗਿਆ, ਜਿਸ ਵਿੱਚ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ।ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਸਰਹੱਦੀ ਖੇਤਰ ਦੇ ਮੁਕੰਮਲ ਵਿਕਾਸ ਲਈ ਚਲਾਏ ਜਾ ਰਹੇ ‘ਮਿਸ਼ਨ ਅਬਾਦ’ (ਐਬਸੀਲਿਊਟ ਬਾਰਡਰ ਏਰੀਆ ਡਿਵੈੱਲਪਮੈਂਟ) ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ ਹਨ, ਜਿਸ ਵਿੱਚ 9539 ਵਿਅਕਤੀਆਂ ਨੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ ਹੈ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇੱਕ ਹੋਰ ਪਹਿਲਕਦਮੀ ਕਰਦੇ ਹੋਏ ਜ਼ਿਲ੍ਹੇ ਦੇ ਸਵੈ ਸਹਾਇਤਾਂ ਸਮੂਹਾਂ ਲਈ ਗੁਰਦਾਸਪੁਰ ਵਿਖੇ ‘ਅਬਾਦ ਹੁਨਰ ਹੱਟ’ ਦੀ ਸ਼ੁਰੂਆਤ ਕੀਤੀ ਗਈ ਸੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਵਿਖੇ ਚਲਾਏ ਜਾ ਰਹੇ ‘ਅਬਾਦ ਹੁਨਰ ਹੱਟ’ ਨੇ ਸਵੈ ਸਹਾਇਤਾਂ ਸਮੂਹਾਂ ਨੂੰ ਉਨ੍ਹਾਂ ਵੱਲੋਂ ਤਿਆਰ ਕੀਤੇ ਸਮਾਨ ਨੂੰ ਵੇਚਣ ਲਈ ਇੱਕ ਬਹੁਤ ਵਧੀਆ ਪਲੇਟਫਾਰਮ ਮੁਹੱਈਆ ਕਰਵਾਇਆ ਹੈ, ਜਿਸ ਨਾਲ ਸਵੈ-ਸਹਾਇਤਾ ਸਮੂਹਾਂ ਨਾਲ ਜੁੜ ਕੇ ਆਪਣੀ ਉਪਜੀਵਕਾ ਕਮਾ ਰਹੀਆਂ ਔਰਤਾਂ ਦੀ ਆਮਦਨ ਵਿੱਚ ਵਾਧਾ ਹੋਇਆ ਹੈ।ਇਸ ਸਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਕੇਂਦਰੀ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਲਈ ‘ਅਬਾਦ ਸਿੱਖਿਆ’ ਨਾਮ ਦਾ ਇੱਕ ਨਿਵੇਕਲਾ ਪ੍ਰੋਜੈਕਟ ਸ਼ੁਰੂ ਕੀਤਾ ਹੈ। ਇਸ ਪ੍ਰੋਜੈਕਟ ਤਹਿਤ ਕੈਦੀਆਂ ਅਤੇ ਹਵਾਲਾਤੀਆਂ ਨੂੰ ਉਚੇਰੀ ਸਿੱਖਿਆ ਦੇ ਨਾਲ ਵੱਖ-ਵੱਖ ਕਿੱਤਿਆਂ ਦੀ ਹੁਨਰਮੰਦ ਸਿਖਲਾਈ ਦਿੱਤੀ ਜਾ ਰਹੀ ਹੈ। ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਵੱਲੋਂ ਇਸ ਪ੍ਰੋਗਰਾਮ ਨਾਲ ਜੁੜ ਕੇ ਆਪਣਾ ਬੇਹਤਰ ਭਵਿੱਖ ਬਣਾਉਣ ਵੱਲ ਕਦਮ ਵਧਾਏ ਹਨ।
ਇਸੇ ਤਰਾਂ ਸਰਹੱਦੀ ਖੇਤਰ ਵਿੱਚ ਲੋਕਾਂ ਨੂੰ ਉਨਾਂ ਦੇ ਘਰ ਦੇ ਨੇੜੇ ਸਿਹਤ ਸੇਵਾਵਾਂ ਦੇਣ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ‘ਅਬਾਦ ਸੰਜੀਵਨੀ ਮੈਡੀਕਲ ਕੈਂਪ’ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਰਹੱਦੀ ਪਿੰਡਾਂ ਵਿੱਚ ਵਿਸ਼ੇਸ਼ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਸ ਸਾਲ ‘ਅਬਾਦ ਸੰਜੀਵਨੀ ਮੈਡੀਕਲ ਕੈਂਪਾਂ’ ਜਰੀਏ ਹਜ਼ਾਰਾਂ ਵਿਅਕਤੀਆਂ ਨੇ ਸਿਹਤ ਸੇਵਾਵਾਂ ਦਾ ਲਾਭ ਉਠਾਇਆ ਹੈ।ਇਸ ਸਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਫਸਟ ਏਡ ਦੀ ਸਿਖਲਾਈ ਦੇਣ ਲਈ ‘ਅਬਾਦ ਫਸਟ ਏਡ’ ਟਰੇਨਿੰਗ ਵੀ ਸ਼ੁਰੂ ਕੀਤੀ ਗਈ ਹੈ।ਫਸਟ ਏਡ ਦੀ ਇਹ ਸਿਖਲਾਈ ਸਕੂਲਾਂ-ਕਾਲਜਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਤੋਂ ਇਲਾਵਾ ਆਮ ਜਨਤਾ ਨੂੰ ਵੀ ਦਿੱਤੀ ਜਾ ਰਹੀ ਹੈ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਜ਼ਿਲ੍ਹੇ ਦੇ ਉਲੰਪਿਕ ਖਿਡਾਰੀਆਂ ਦੇ ਪਿੰਡਾਂ ਵਿੱਚ ਉਨ੍ਹਾਂ ਦੇ ਨਾਮ `ਤੇ ਖੇਡ ਮੈਦਾਨ ਵਿਕਸਤ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਪਹਿਲੇ ਪੜ੍ਹਾਅ ਵਿੱਚ ਤਿੰਨ ਪਿੰਡਾਂ ਮਸਾਣੀਆਂ, ਚਾਹਲ ਕਲਾਂ ਅਤੇ ਕੰਡੀਲਾ ਦੇ ਖੇਡ ਮੈਦਾਨਾਂ ਨੂੰ ਵਿਕਸਤ ਕਰਕੇ ਉਨ੍ਹਾਂ ਦੇ ਨਾਮ ੳਲੰਪੀਅਨ ਦੇ ਨਾਮ ਉੱਪਰ ਰੱਖ ਕੇ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ ਗਿਆ ਹੈ। ਰਹਿੰਦੇ ਪਿੰਡਾਂ ਦੇ ਉਲੰਪੀਅਨਾਂ ਨੂੰ ਸਮਰਪਿਤ ਖੇਡ ਮੈਦਾਨ ਸਾਲ 2024 ਵਿੱਚ ਤਿਆਰ ਕੀਤੇ ਜਾਣਗੇ।ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਨਾਲ ਜੋੜਨ ਦੇ ਮਕਸਦ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਅਬਾਦ ਖੇਡ ਟੂਰਨਾਮੈਂਟ’ ਕਰਵਾਇਆ ਜਾ ਰਿਹਾ ਹੈ। ਜ਼ਿਲਾ ਪ੍ਰਸ਼ਾਸਨ ਦੇ ਇਸ ਉਪਰਾਲੇ ਦੀ ਹਰ ਵਰਗ ਵੱਲੋਂ ਸ਼ਲਾਘਾ ਹੋਈ ਹੈ। ਇਸ ਸਾਲ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ ਦੀ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਸਫ਼ਲ ਮੇਜ਼ਬਾਨੀ ਕੀਤੀ ਗਈ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਯਤਨਾਂ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਾਲ ਇੱਕ ਹੋਰ ਪਹਿਲਕਦਮੀ ਕਰਦਿਆਂ ਜ਼ਿਲ੍ਹਾ ਬਾਲ ਭਵਨ ਦੇ ਸਾਹਮਣੇ ਇੱਕ ਪੰਗੂੜਾ ਲਗਾਇਆ ਗਿਆ ਹੈ। ਇਹ ਪੰਗੂੜਾ ਲਵਾਰਿਸ ਅਤੇ ਅਣਚਾਹੇ ਬੱਚਿਆਂ ਲਈ ਨਵੀਂ ਜ਼ਿੰਦਗੀ ਦੀ ਕਿਰਨ ਬਣਿਆ ਹੈ।ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲਾ ਰੈੱਡ ਕਰਾਸ ਸੁਸਾਇਟੀ ਅਤੇ ਟਰਾਂਸਪੋਰਟ ਵਿਭਾਗ ਨਾਲ ਮਿਲ ਕੇ ਇਸ ਸਾਲ ਰੈੱਡ ਕਰਾਸ ਭਵਨ ਵਿਖੇ ਗੁਰਦਾਸਪੁਰ ਇੰਸਟੀਚਿਊਟ ਆਫ਼ ਆਟੋਮੋਟਿਵ ਐਂਡ ਡਰਾਇਵਿੰਗ ਸਕਿਲ ਸੈਂਟਰ (ਜੀ.ਆਈ.ਏ.ਡੀ.ਐੱਸ.) ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸੈਂਟਰ ਦੇ ਖੁੱਲਣ ਨਾਲ ਜ਼ਿਲ੍ਹਾ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਦੇ ਹੈਵੀ ਡਿਊਟੀ ਲਾਇਸੰਸ ਬਣਵਾਉਣ ਦੇ ਚਾਹਵਾਨਾਂ ਨੂੰ ਫਾਇਦਾ ਹੋਇਆ ਹੈ ਅਤੇ ਉਹ ਏਥੋਂ ਦੋ ਦਿਨਾਂ ਰਿਫਰੈਸ਼ਰ ਕੋਰਸ ਕਰਕੇ ਸਰਟੀਫਿਕੇਟ ਪ੍ਰਾਪਤ ਕਰ ਸਕਦੇ ਹਨ। ਇਹ ਸਰਟੀਫਿਕੇਟ ਉਨਾਂ ਦੇ ਹੈਵੀ ਡਿਊਟੀ ਲਾਇਸੰਸ ਬਣਨ ਵਿੱਚ ਸਹਾਈ ਹੋਵੇਗਾ।ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਸੁਖਾਲਾ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤ-ਪਾਕਿਸਤਾਨ ਸਰਹੱਦ ਉੱਪਰ ਦਰਸ਼ਨ ਸਥੱਲ ਨੂੰ ਨਵੀਂ ਦਿੱਖ ਦੇ ਕੇ ਇਥੇ ਨਵੀਆਂ ਦੂਰਬੀਨਾਂ ਸਥਾਪਤ ਕੀਤੀਆਂ ਗਈਆਂ ਹਨ। ਜਿਹੜੇ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਨਹੀਂ ਜਾ ਸਕਦੇ ਉਹ ਸਰਹੱਦ ’ਤੇ ਬਣੇ ਦਰਸ਼ਨ ਸਥੱਲ ਤੋਂ ਖੜ ਕੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਦੇ ਹਨ।ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਇਸ ਸਾਲ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਉਪਰਾਲੇ ਕੀਤੇ ਗਏ ਹਨ। ਇਸ ਸਾਲ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵੱਲੋਂ ਰੋਜ਼ਗਾਰ ਮੇਲੇ ਲਗਾ ਕੇ 2754 ਨੌਜਵਾਨਾਂ ਨੂੰ ਨੌਂਕਰੀਆਂ ਦਿਵਾਈਆਂ ਗਈਆਂ ਹਨ। ਇਸਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਕਿੱਤਿਆਂ ਵਿੱਚ ਹੁਨਰਮੰਦ ਨੌਜਵਾਨਾਂ ਦੀ ਇੱਕ ਯੈਲੋ ਪੇਜ ਡਾਇਰੈਕਟਰੀ ਵੀ ਤਿਆਰ ਕੀਤੀ ਗਈ ਹੈ।ਫ਼ਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਾਲ ਮਿਸਾਲੀ ਕੰਮ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਸਮੇਤ ਹੋਰ ਵਿਭਾਗਾਂ ਵੱਲੋਂ ਸਮੂਹਿਕ ਤੌਰ ’ਤੇ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ ਜਿਸ ਸਦਕਾ ਇਸ ਸਾਲ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 55 ਫੀਸਦੀ ਕਮੀਂ ਆਈ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ‘ਵਾਤਾਵਰਨ ਦੇ ਰਾਖੇ’ ਐਵਾਰਡ ਨਾਲ ਸਨਮਾਨਿਤ ਵੀ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸਾਲ 2023-24 ਦੇ ਸੀਜ਼ਨ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਦੀਆਂ ਸਮੂਹ ਖਰੀਦ ਏਜੰਸੀਆਂ ਵਲੋਂ 6507078.50 ਕੁਇੰਟਲ ਕਣਕ ਦੀ ਖਰੀਦ ਕੀਤੀ ਗਈ ਸੀ, ਜਿਸ ਦੀ ਕੁਲ ਬਣਦੀ ਰਾਸੀ 13823487630.27 ਰੁਪਏ ਦੀ ਅਦਾਇਗੀ ਜ਼ਿਲੇ ਦੇ ਕਿਸਾਨਾਂ ਦੇ ਖਾਤਿਆਂ ਵਿਚ ਟਰਾਂਸਫਰ ਕੀਤੀ ਗਈ ਹੈ। ਇਸੇ ਤਰਾਂ ਬੀਤੇ ਝੋਨੇ ਦੇ ਸੀਜ਼ਨ ਦੌਰਾਨ ਜ਼ਿਲੇ ਵਿਚੋਂ 7973490.00 ਕੁਇੰਟਲ ਝੋਨੇ ਦੀ ਖਰੀਦ ਕੀਤੀ ਗਈ ਹੈ ਅਤੇ ਕੁੱਲ ਬਣਦੀ ਰਾਸ਼ੀ 17565598485 ਰੁਪਏ ਦੀ ਅਦਾਇਗੀ ਜ਼ਿਲੇ ਦੇ ਕਿਸਾਨਾਂ ਨੂੰ ਬੈਂਕ ਖਾਤਿਆਂ ਰਾਹੀਂ ਕੀਤੀ ਗਈ ਹੈ। ਉਨਾਂ ਕਿਹਾ ਕਿ ਸਾਲ 2024 ਵਿੱਚ ਵੀ ਕਿਸਾਨਾਂ ਦੀਆਂ ਫ਼ਸਲਾਂ ਦਾ ਇੱਕ-ਇੱਕ ਦਾਣਾ ਪੂਰੇ ਭਾਅ ’ਤੇ ਖਰੀਦਿਆ ਜਾਵੇਗਾ।ਸਾਲ 2023 ਦੌਰਾਨ ਜ਼ਿਲ੍ਹਾ ਗੁਰਦਾਸਪੁਰ ਦੇ ਕੁਝ ਹਿੱਸਿਆਂ ਵਿੱਚ ਹੜ੍ਹਾਂ ਦਾ ਸਾਹਮਣਾ ਵੀ ਕਰਨਾ ਪਿਆ ਹੈ। ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਅਤੇ ਦਰਿਆ ਬਿਆਸ ਦੀ ਧੁੱਸੀ ਵਿੱਚ ਪਏ ਪਾੜ ਕਾਰਨ ਆਏ ਹੜ੍ਹਾਂ ਤੋਂ ਲੋਕਾਂ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੌਰ ’ਤੇ ਬਚਾਓ ਅਭਿਆਨ ਚਲਾਇਆ ਗਿਆ। ਜ਼ਿਲ੍ਹਾ ਪ੍ਰਸ਼ਾਸਨ ਨੇ ਰਿਕਾਰਡ ਸਮੇਂ ਅੰਦਰ 300 ਫੁੱਟ ਧੁੱਸੀ ਬੰਨ ਦੇ ਪਾੜ ਨੂੰ ਭਰ ਕੇ ਜਾਨ-ਮਾਲ ਦਾ ਵੱਡਾ ਨੁਕਸਾਨ ਹੋਣੋ ਬਚਾਇਆ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਰਾਹਤ ਟੀਮਾਂ ਨੇ ਹੜ੍ਹਾਂ ਦੀ ਮਾਰ ਹੇਠ ਆਏ ਹਰ ਇਲਾਕੇ ਦੇ ਇੱਕ-ਇੱਕ ਘਰ ਪਹੁੰਚ ਕੇ ਰਾਹਤ ਸਮੱਗਰੀ ਨੂੰ ਪਹੁੰਚਾਇਆ।ਹੜ੍ਹਾਂ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੇ ਦਿਨ-ਰਾਤ ਇੱਕ ਕਰਕੇ ਇਸ ਆਫ਼ਤ ਉੱਪਰ ਕਾਬੂ ਪਾਇਆ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਲ 2024 ਦੌਰਾਨ ਵੀ ਜ਼ਿਲ੍ਹੇ ਦੇ ਵਿਕਾਸ, ਤਰੱਕੀ ਤੇ ਖੁਸ਼ਹਾਲੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੰਡ ਮਿੱਲ ਪਨਿਆੜ ਵਿਖੇ 402 ਕਰੋੜ ਰੁਪਏ ਦੀ ਲਾਗਤ ਨਾਲ ਸ਼ੂਗਰ ਮਿੱਲ ਦੀ ਕਪੈਸਟੀ ਨੂੰ ਵਧਾਉਣ ਦੇ ਨਾਲ ਕੋਜਨਰੇਸ਼ਨ ਪਲਾਂਟ ਲਗਾਇਆ ਜਾ ਰਿਹਾ ਹੈ ਜੋ ਸਾਲ 2024 ਦੇ ਸ਼ੁਰੂਆਤੀ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪਲਾਂਟ ਦੇ ਸ਼ੁਰੂ ਹੋਣ ਨਾਲ ਸ਼ੂਗਰ ਮਿੱਲ ਪੂਰੀ ਤਰਾਂ ਪਾਵਰ ਸਰਪਲੱਸ ਹੋ ਜਾਵੇਗੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸੇ ਤਰ੍ਹਾਂ ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ 296 ਕਰੋੜ ਰੁਪਏ ਦੀ ਲਾਗਤ ਨਾਲ ਸ਼ੂਗਰ ਮਿੱਲ ਦੀ ਕਪੈਸਟੀ ਨੂੰ ਵਧਾਉਣ ਦੇ ਨਾਲ ਕੋਜਨਰੇਸ਼ਨ ਪਲਾਂਟ ਦੇ ਪ੍ਰੋਜੈਕਟ ਨੂੰ ਵੀ ਸਾਲ 2024 ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਸਦੇ ਨਾਲ ਹੀ ਸਹਿਕਾਰੀ ਖੰਡ ਮਿੱਲ ਬਟਾਲਾ ਦੇ ਅਪਗਰੇਡੇਸ਼ਨ ਪ੍ਰੋਜੈਕਟ ਤਹਿਤ 40 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਕੋ ਜਨਰੇਸ਼ਨ ਪਲਾਂਟ ਵੀ ਬਹੁਤ ਜਲਦੀ ਮੁਕੰਮਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਹਿਕਾਰੀ ਖੰਡ ਮਿੱਲਾਂ ਦੇ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਕਿਸਾਨਾਂ ਲਈ ਵੱਡੀ ਸਹੂਲਤ ਸਾਬਤ ਹੋਣਗੇ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸਾਲ 2024 ਦੌਰਾਨ ਗੁਰਦਾਸਪੁਰ-ਮੁਕੇਰੀਆਂ ਮਾਰਗ ਨੂੰ ਚਾਰ-ਮਾਰਗੀ ਕਰਨ ਅਤੇ ਗੁਰਦਾਸਪੁਰ ਵਿਖੇ ਮੈਡੀਕਲ ਕਾਲਜ ਦੇ ਪ੍ਰੋਜੈਕਟ ਦੀ ਸ਼ੁਰੂਆਤ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਲਈ ਇਨ੍ਹਾਂ ਦੋਵਾਂ ਪ੍ਰੋਜੈਕਟਾਂ ਦੀਆਂ ਤਜ਼ਵੀਜਾਂ ਸਰਕਾਰ ਨੂੰ ਭੇਜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਦੋਵੇਂ ਪ੍ਰੋਜੈਕਟ ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕਾਂ ਲਈ ਵੱਡੀ ਸਹੂਲਤ ਸਾਬਤ ਹੋਣਗੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਲ 2024 ਦੌਰਾਨ ਦਰਿਆ ਰਾਵੀ ’ਤੇ ਮਕੌੜਾ ਪੱਤਣ ਤੋਂ ਪਾਰ ਦੇ ਪਿੰਡਾਂ ਨੂੰ ਜ਼ਿਲ੍ਹੇ ਨਾਲ ਜੋੜਨ ਲਈ ਪੁੱਲ ਦੀ ਉਸਾਰੀ ਦਾ ਪ੍ਰੋਜੈਕਟ ਸ਼ੁਰੂ ਕਰਵਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੋਵੇਗੀ। ਉਨਾਂ ਕਿਹਾ ਕਿ ਮਕੌੜਾ ਪੱਤਣ ਵਿਖੇ ਬਣਨ ਵਾਲਾ ਇਹ ਪੁੱਲ ਬਜਲ ਏਰੀਏ ਦੇ ਲੋਕਾਂ ਲਈ ਨਵੀਂ ਖੁਸ਼ਹਾਲੀ ਲੈ ਕੇ ਆਵੇਗਾ।ਉਨਾਂ ਦੱਸਿਆ ਕਿ ਸਰਹੱਦੀ ਜ਼ਿਲੇ ਗੁਰਦਾਸਪੁਰ ਵਿੱਚ 35 ਆਮ ਆਦਮੀ ਕਲੀਨਿਕ ਚੱਲ ਰਹੇ ਹਨ, ਜਿਨਾਂ ਵਿੱਚੋਂ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਆਮ ਲੋਕ ਲਾਭ ਉਠਾ ਰਹੇ ਹਨ।ਇਸ ਤੋਂ ਇਲਾਵਾ 6 ਹੋਰ ਨਵੇਂ ਆਮ ਆਦਮੀ ਕਲੀਨਿਕ ਬਣਾਏ ਗਏ ਹਨ।ਉਨ੍ਹਾਂ ਦੱਸਿਆ ਕਿ ਜ਼ਿਲੇ ਵਿੱਚ ਮਨਜ਼ੂਰ ਕੀਤੇ 21 ਨਵੇਂ ਆਮ ਆਦਮੀ ਕਲੀਨਿਕ ਵੀ ਅਗਲੇ ਸਾਲ ਦੇ ਸ਼ੁਰੂਆਤੀ ਮਹੀਨਿਆਂ ਵਿੱਚ ਤਿਆਰ ਕਰ ਲਏ ਜਾਣਗੇ।ਉਨਾਂ ਦੱਸਿਆ ਕਿ ਕਲਾਨੌਰ ਵਿਖੇ 6.61 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਤਹਿਸੀਲ ਕੰਪਲੈਕਸ ਦੀ ਤਿਆਰੀ ਕੀਤੀ ਜਾ ਰਹੀ ਹੈ ਜੋ ਸਾਲ 2024 ਵਿੱਚ ਲੋਕ ਅਰਪਣ ਕਰ ਦਿੱਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 10.73 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਘੋਨੇਵਾਲ ਤੋਂ ਮਨਸੂਰ ਤੱਕ ਲਿੰਕ ਸੜਕ ਨੂੰ ਅੱਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਡੇਰਾ ਬਾਬਾ ਨਾਨਕ ਨਜ਼ਦੀਕ ਇਸ ਸੜਕ ਉਤੇ ਬਣਨ ਵਾਲੇ ਪੁਲ ਦੀ ਉਸਾਰੀ ਵੀ ਅਗਲੇ ਸਾਲ ਮੁਕੰਮਲ ਹੋ ਜਾਵੇਗੀ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਨਾਂ ਵਿਕਾਸ ਪ੍ਰੋਜੈਕਟਾਂ ਤੋਂ ਇਲਾਵਾ ਜ਼ਿਲ੍ਹਾ ਗੁਰਦਾਸਪੁਰ ਵਿੱਚ ਹੋਰ ਵੀ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਜਾਰੀ ਹਨ। ਉਨਾਂ ਕਿਹਾ ਕਿ ਆਉਣ ਵਾਲੇ ਸਾਲ 2024 ਵਿੱਚ ਵੀ ਜ਼ਿਲ੍ਹਾ ਗੁਰਦਾਸਪੁਰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹੇਗਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਵਿਕਾਸ ਵੱਲ ਵੱਧਦੇ ਇਹ ਕਦਮ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿੱਚ ਸਹਾਈ ਹੋਣਗੇ।