ਕਾਉਂਕੇ ਪਰਿਵਾਰ ਨੂੰ ਐਸਜੀਪੀਸੀ ਦੀ ਟਿਕਟ ਤੇ ਗਰੇਵਾਲ ਵਿਧਾਨ ਸਭਾ ਹਲਕਾ ਦਾਖਾ ਠ ਕੀਤਾ ਜਾ ਸਕਦਾ ਹੈ ਸਰਗਰਮ ਜਗਰਾਉਂ, 21 ਜਨਵਰੀ ( ਭਗਵਾਨ ਭੰਗੂ, ਜਗਰੂਪ ਸੋਹੀ )- ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਪਾਰਟੀ ਲੀਡਰਸ਼ਿਪ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਗ੍ਰਹਿ ਵਿਖੇ ਪੁੱਜੇ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਬੰਦ ਕਮਰਾ ਮੀਟਿੰਗ ਵੀ ਕੀਤੀ ਅਤੇ ਪਰਿਵਾਰ ਨੂੰ ਭਾਈ ਗੁਰਦੇਵ ਸਿੰਘ ਦਾ ਕਤਲ ਕਰਨ ਵਾਲੇ ਦੋਸ਼ੀਆਂ ਖਿਲਾਫ ਹਰ ਸੰਭਵ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਭਾਈ ਗੁਰਦੇਵ ਸਿੰਘ ਕਾਉਂਕੇ ਦੀ ਪਤਨੀ ਅਤੇ ਉਨ੍ਹਾਂ ਦੇ ਪੁੱਤਰਾਂ ਨੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਪੂਰਾ ਵਿਸ਼ਵਾਸ ਹੈ। ਸੁਖਬੀਰ ਬਾਦਲ ਦੀ ਇਸ ਫੇਰੀ ਤੋਂ ਬਾਅਦ ਜਗਰਾਉਂ ਅਤੇ ਮੁੱਲਾਂਪੁਰ ਦਾਖਾ ਖੇਤਰ ਦੇ ਸਿਆਸੀ ਸਮੀਕਰਨ ਬਦਲਣ ਦੀ ਚਰਚਾ ਸ਼ੁਰੂ ਹੋ ਗਈ ਹੈ। ਸਿਆਸੀ ਹਲਕਿਆਂ ਵਿੱਚ ਚੱਲ ਰਹੀ ਚਰਚਾ ਅਨੁਸਾਰ ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਜਗਰਾਉਂ ਖੇਤਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਅਕਾਲੀ ਦਲ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਲੜਕੇ ਨੂੰ ਮੈਦਾਨ ਵਿੱਚ ਉਤਾਰ ਸਕਦਾ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਹਨ, ਜੋ ਪਾਰਟੀ ਦੇ ਵਫ਼ਾਦਾਰ ਸਿਪਾਹੀ ਰਹੇ ਹਨ ਅਤੇ ਪਾਰਟੀ ਦੀ ਬਿਹਤਰੀ ਲਈ ਸਮੇਂ-ਸਮੇਂ ਸਿਰ ਕੰਮ ਕਰਦੇ ਰਹੇ ਹਨ। ਜਿਸ ਕਾਰਨ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਜਨਰਲ ਸਕੱਤਰ ਦਾ ਵਿਸ਼ੇਸ਼ ਅਹੁਦਾ ਵੀ ਦਿੱਤਾ ਗਿਆ ਸੀ ਅਤੇ ਉਹ ਅੱਜ ਵੀ ਪਾਰਟੀ ਲਈ ਅਹਿਮ ਭੂਮਿਕਾ ਨਿਭਾਅ ਰਹੇ ਹਨ। ਚਰਚਾ ਅਨੁਸਾਰ ਜੇਕਰ ਇਸ ਵਾਰ ਭਾਈ ਗੁਰਦੇਵ ਸਿੰਘ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਦੀ ਟਿਕਟ ਦਿੱਤੀ ਜਾਂਦੀ ਹੈ ਤਾਂ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਮੁੱਲਾਂਪੁਰ ਦਾਖਾ ਤੋਂ ਵਿਧਾਨ ਸਭਾ ਚੋਣਾਂ ਮੌਕੇ ਟਿਕਟ ਦਿੱਤੀ ਜਾ ਸਕਦੀ ਹੈ ਕਿਉਂਕਿ ਦਾਖਾ ਤੋਂ ਮੌਜੂਦਾ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਹੁਣ ਪਾਰਟੀ ਨਾਲ ਸਬੰਧ ਚੰਗੇ ਨਹੀਂ ਮੰਨੇ ਜਾ ਰਹੇ ਹਨ ਅਤੇ ਇਸ ਵਾਰ ਅਕਾਲੀ ਦਲ ਇਆਲੀ ਦੀ ਥਾਂ ਭਾਈ ਗਰੇਵਾਲ ਨੂੰ ਮੈਦਾਨ ਵਿਚ ਉਤਾਰ ਸਕਦਾ ਹੈ। ਜਿਸ ਨਾਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਇੱਕ ਤੀਰ ਨਾਲ ਕਈ ਨਿਸ਼ਾਨੇ ਲਗਾ ਸਕਦੇ ਹਨ। ਜਿਸ ਵਿੱਚ ਉਨ੍ਹਾਂ ਨੂੰ ਵੱਡਾ ਸਿਆਸੀ ਫਾਇਦਾ ਇਹ ਹੋ ਸਕਦਾ ਹੈ ਕਿ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਦੇ ਸਬੰਧ ਵਿੱਚ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਬਣਾਏ ਤਿਵਾੜੀ ਕਮਿਸ਼ਨ ਦੀ ਰਿਪੋਰਟ ’ਤੇ ਕੋਈ ਕਾਰਵਾਈ ਨਾ ਕਰਨ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਅਹੁਦੇ ਦੇਣ ਦਾ ਜੋ ਦਾਗ ਉਨ੍ਹਾਂ ’ਤੇ ਲੱਗਾ ਹੈ ਉਹ ਭਾਈ ਕਾਉਂਕੇ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਦੀ ਟਿਕਟ ਦੇ ਕੇ ਕੁਝ ਹੱਦ ਤੱਕ ਮੱਧਮ ਕੀਤਾ ਜਾ ਸਕਦਾ ਹੈ। ਦੂਸਰਾ ਦਾਖਾ ਖੇਤਰ ਤੋਂ ਪਾਰਟੀ ਪ੍ਰਤੀ ਬਾਗੀ ਸੁਰ ਵਿਖਾਉਣ ਵਾਲੇ ਵਿਧਾਇਕ ਮਨਪ੍ਰੀਤ ਇਆਲੀ ਨੂੰ ਲਾਂਭੇ ਕਰਕੇ ਉਥੋਂ ਨਵੇਂ ਪ੍ਰਭਾਵਸ਼ਾਲੀ ਚਿਹਰੇ ਗੁਰਚਰਨ ਸਿੰਘ ਗਰੇਵਾਲ ਨੂੰ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ। ਇਸ ਚੱਲ ਰਹੀ ਚਰਚਾ ਦਾ ਖੁਲਾਸਾ ਆਉਣ ਵਾਲੇ ਦਿਨਾਂ ਵਿਚ ਸਪੱਸ਼ਟ ਤੌਰ ’ਤੇ ਸਾਹਮਣੇ ਆ ਸਕਦਾ ਹੈ।