ਚੰਡੀਗੜ੍ਹ (ਰਾਜੇਸ ਜੈਨ) ਵਿਜੀਲੈਂਸ ਬਿਊਰੋ ਪੰਜਾਬ ਨੇ ਭ੍ਰਿਸ਼ਟਾਚਾਰ ਦੇ ਕੇਸ ‘ਚ ਕਾਰਵਾਈ ਕਰਦੇ ਹੋਏ ਬੀਤੇ ਦਿਨ ਜ਼ਿਲ੍ਹਾ ਖਜ਼ਾਨਾ ਦਫ਼ਤਰ ਅੰਮ੍ਰਿਤਸਰ ‘ਚ ਤਾਇਨਾਤ ਮਹਿਲਾ ਸੀਨੀਅਰ ਸਹਾਇਕ ਸੁਭਦੇਸ਼ ਕੌਰ ਨੂੰ ਗ੍ਰਿਫ਼ਤਾਰ ਕੀਤਾ ਸੀ। ਵਿੱਤ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨ੍ਹਾ ਵੱਲੋਂ ਅੱਜ ਉਸ ਦੀ ਮੁਅੱਤਲੀ ਦੇ ਵੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਤਾਜ਼ਾ ਹੁਕਮਾਂ ਅਨੁਸਾਰ ਸੁਭਦੇਸ਼ ਕੌਰ ਦਾ ਮੁਅੱਤਲੀ ਸਮੇਂ ਦੌਰਾਨ ਹੈੱਡਕੁਆਰਟਰ ਜ਼ਿਲ੍ਹਾ ਖਜ਼ਾਨਾ ਅਫ਼ਸਰ ਤਰਨਤਾਰਨ ਫਿਕਸ ਕੀਤਾ ਗਿਆ ਹੈ। ਮੁਅੱਤਲੀ ਦੌਰਾਨ ਉਸ ਨੂੰ ਪੰਜਾਬ ਸਿਵਲ ਸੇਵਾਵਾਂ, ਜਿਲਦ-1 ਭਾਗ-1 ਦੇ ਨਿਯਮ 7.2 ‘ਚ ਦਰਸਾਏ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ।ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਖਜ਼ਾਨਾ ਦਫਤਰ, ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਦੇਸ਼ ਕੌਰ ਨੂੰ 3000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਸੋਮਵਾਰ ਨੂੰ ਰੰਗੇ ਹੱਥੀਂ ਕਾਬੂ ਕੀਤਾ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਦੀ ਆਖਰੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।