ਪਿਛਲੀਆਂ 6 ਲੋਕ ਸਭਾ ਚੋਣਾਂ ’ਚ ਕਦੇ ਵੀ ਨਹੀਂ ਜਿੱਤਿਆ ਸੱਤਾਧਾਰੀ ਪਾਰਟੀ ਦਾ ਉਮੀਦਵਾਰ
ਬਰਨਾਲਾ(ਭੰਗੂ)ਸੱਤਾਧਾਰੀ ਪਾਰਟੀ ਦਾ ਉਮੀਦਵਾਰ ਹੋ ਕੇ ਲੋਕ ਸਭਾ ਹਲਕਾ ਸੰਗਰੂਰ ਤੋਂ ਜਿੱਤਣਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਲਈ ਵੱਡੀ ਚੁਣੌਤੀ ਹੈ ਕਿਉਂਕਿ ਢਾਈ ਦਹਾਕਿਆਂ ਤੋਂ ਹਲਕਾ ਸੰਗਰੂਰ ਦੇ ਲੋਕਾਂ ਨੇ ਹਮੇਸ਼ਾ ਹੀ ਪੰਜਾਬ ’ਚ ਰਾਜ ਕਰਨ ਵਾਲੀ ਸੱਤਾਧਾਰੀ ਪਾਰਟੀ ਦੇ ਵਿਰੋਧ ’ਚ ਉਮੀਦਵਾਰ ਨੂੰ ਜਿਤਾ ਕੇ ਕੇਂਦਰ ਸਰਕਾਰ ’ਚ ਨੁਮਾਇੰਦਗੀ ਲਈ ਭੇਜਿਆ ਹੈ।ਇਸ ਵਾਰੀ ਕੀ ਸੰਗਰੂਰ ਹਲਕੇ ਦੇ ਵੋਟਰ ਇਤਿਹਾਸ ਨੂੰ ਬਦਲਣਗੇ ਜਾਂ ਆਪਣੀ ਜ਼ਿੱਦ ’ਤੇ ਪੱਕੇ ਰਹਿੰਦਿਆਂ ਪੰਜਾਬ ’ਚ ਪਹਿਲੀ ਵਾਰ ਰਾਜ ਕਰਨ ਵਾਲੀ ਅਮ ਆਦਮੀ ਪਾਰਟੀ ਦੇ ਵੀ ਉਲਟ ਭੁਗਤ ਕੇ ਆਪਣੀ ਅੜ੍ਹੀ ’ਤੇ ਪੱਕੇ ਰਹਿਣਗੇ। ਸੰਗਰੂਰ ਲੋਕ ਸਭਾ ਹਲਕੇ ਦਾ ਇਹ ਵੀ ਇਤਿਹਾਸ ਹੈ ਕਿ 1998 ਤੋਂ ਬਾਅਦ ਕਦੇ ਵੀ ਸੱਤਾਧਾਰੀ ਪਾਰਟੀ ਦਾ ਉਮੀਦਵਾਰ ਲੋਕ ਸਭਾ ਚੋਣਾਂ ’ਚ ਜਿੱਤ ਨਹੀਂ ਸਕਿਆ। ਜ਼ਿਲ੍ਹਾ ਬਰਨਾਲਾ ਦੇ ਵਿਧਾਨ ਸਭਾ ਹਲਕਾ ਬਰਨਾਲਾ ਦੇ ਵੋਟਰਾਂ ਨੇ ਇਸ ਗੱਲ ’ਤੇ ਵੀ ਯਕੀਨਨ ਮੋਹਰ ਲਾਈ ਹੈ ਕਿ ਇਸ ਹਲਕੇ ਤੋਂ ਲਗਾਤਾਰ 2 ਵਾਰ ਵਿਧਾਨ ਸਭਾ ਦੀਆਂ ਪੌੜੀਆਂ ਚੜ੍ਹਣ ਵਾਲੇ ਵਿਧਾਇਕ ਨੂੰ ਮੁੜ ਤੀਜੀ ਵਾਰ ਵਿਧਾਨ ਸਭਾ ਦੀ ਪੌੜੀ ਨਹੀਂ ਚੜ੍ਹਾਇਆ।ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਲਈ ਇਹ ਵੀ ਇਕ ਵੱਡੀ ਚੁਣੌਤੀ ਹੈ ਕਿ ਉਹ ਉਨ੍ਹਾਂ ਨੂੰ ਲਗਾਤਾਰ ਤੀਜੀ ਚੋਣ ਦਾ ਸਿਰ ਤਾਜ ਸਜਾ ਕੇ ਵਿਧਾਨ ਸਭਾ ਦੀ ਥਾਂ ਲੋਕ ਸਭਾ ਦੀਆਂ ਪੌੜੀਆਂ ਚੜ੍ਹਾਉਣ ’ਚ ਸਾਥ ਦੇਣਗੇ?
- 1998 ਦੀ ਲੋਕ ਸਭਾ ਚੋਣ ਮੌਕੇ ਸੂਬੇ ’ਚ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਰਹੂਮ ਸੁਰਜੀਤ ਸਿੰਘ ਬਰਨਾਲਾ ਜਿੱਤੇ ਸਨ। ਇਸ ਤੋਂ ਬਾਅਦ ਹੋਈਆਂ 6 ਲੋਕ ਸਭਾ ਚੋਣਾਂ ’ਚ ਕਦੇ ਵੀ ਸੱਤਾਧਾਰੀ ਪਾਰਟੀ ਦਾ ਉਮੀਦਵਾਰ ਨਹੀਂ ਜਿੱਤ ਸਕਿਆ।
- 1999 ਦੀਆਂ ਚੋਣਾਂ ਮੌਕੇ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਕੇਂਦਰੀ ਮੰਤਰੀ ਰਹੇ ਸੁਰਜੀਤ ਸਿੰਘ ਬਰਨਾਲਾ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਹਰਾਇਆ ਸੀ।
- 2004 ’ਚ ਸੂਬੇ ’ਚ ਕਾਂਗਰਸ ਦੀ ਸਰਕਾਰ ਸਮੇਂ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਤੇ ਖੰਨਾ ਫਾਊਂਡੇਸ਼ਨ ਦੇ ਸਰਪ੍ਰਸਤ ਅਰਵਿੰਦ ਖੰਨਾ ਕਾਂਗਰਸ ਵਲੋਂ ਲੋਕ ਸਭਾ ਚੋਣ ਮੈਦਾਨ ’ਚ ਉਤਰੇ ਸਨ, ਪਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਸੁਖਦੇਵ ਸਿੰਘ ਢੀਂਡਸਾ ਤੋਂ ਉਹ ਹਾਰ ਗਏ ਸਨ।
- 2009 ਦੀਆਂ ਲੋਕ ਸਭਾ ਚੋਣਾਂ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਸਮੇਂ ਸੱਤਾਧਾਰੀ ਪਾਰਟੀ ਦੇ ਸਕੱਤਰ ਜਨਰਲ ਤੇ ਉਮੀਦਵਾਰ ਸੁਖਦੇਵ ਸਿੰਘ ਢੀਂਡਸਾ ਕਾਂਗਰਸੀ ਉਮੀਦਵਾਰ ਵਿਜੈਇੰਦਰ ਸਿੰਗਲਾ ਤੋਂ ਹਾਰ ਗਏ ਸਨ।
- 2014 ’ਚ ਲੋਕ ਸਭਾ ਚੋਣਾਂ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਸੁਖਦੇਵ ਸਿੰਘ ਢੀਂਡਸਾ ਚੋਣ ਮੈਦਾਨ ’ਚ ਸਨ, ਉਦੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਮੌਜੂਦਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਰਿਕਾਰਡਤੋੜ ਜਿੱਤ ਹਾਸਲ ਕਰਦਿਆਂ ਕਈ ਚੋਣਾਂ ਹਾਰਨ ਤੋਂ ਬਾਅਦ ਪਹਿਲੀ ਵਾਰ ਚੋਣ ਜਿੱਤ ਕੇ ਲੋਕ ਸਭਾ ’ਚ ਆਪਣੀ ਹਾਜ਼ਰੀ ਲਗਵਾਉਂਦਿਆਂ ਆਮ ਆਦਮੀ ਪਾਰਟੀ ਦੀ ਆਵਾਜ਼ ਨੂੰ ਬੁਲੰਦ ਕੀਤਾ ਸੀ।
- 2019 ਦੀਆਂ ਲੋਕ ਸਭਾ ਚੋਣਾਂ ਮੌਕੇ ਪੰਜਾਬ ’ਚ ਕਾਂਗਰਸ ਦੀ ਸਰਕਾਰ ਸੀ ਤੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕਰੀਬੀ ਤੇ ਹਲਕੇ ’ਚ ਮੁੱਖ ਮੰਤਰੀ ਦੀ ਸੱਜੀ ਬਾਂਹ ਜਾਣੇ ਜਾਂਦੇ ਕੇਵਲ ਸਿੰਘ ਢਿੱਲੋਂ ਨੂੰ ਕਾਂਗਰਸ ਦਾ ਉਮੀਦਵਾਰ ਬਣਾਇਆ ਸੀ ਪਰ ਮੌਜੂਦਾ ਮੁੱਖ ਮੰਤਰੀ ਤੇ ਹਾਸਰਸ ਪ੍ਰਸਿੱਧ ਕਾਮੇਡੀਅਨ ਭਗਵੰਤ ਸਿੰਘ ਮਾਨ ਦੂਜੀ ਵਾਰ ਫ਼ਿਰ ਰਿਕਾਰਡਤੋੜ ਜਿੱਤ ਹਾਸਲ ਕਰ ਕੇ ਆਮ ਆਦਮੀ ਪਾਰਟੀ ਦੇ ਪੂਰੇ ਦੇਸ਼ ’ਚੋਂ ਸਿਰਫ਼ ਇੱਕੋ-ਇੱਕ ਮੈਂਬਰ ਪਾਰਲੀਮੈਂਟ ਚੁਣੇ ਗਏ ਸਨ।
- 2022 ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਜਦੋਂ ਭਗਵੰਤ ਸਿੰਘ ਮਾਨ ਵੱਲੋਂ ਮੈਂਬਰ ਪਾਰਲੀਮੈਂਟ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਤਾਂ ਇਸ ਹਲਕੇ ’ਚ ਜ਼ਿਮਨੀ ਚੋਣ ਹੋਈ ਜਿਸ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ, ਉਹ ਪੰਜਾਬ ’ਚ ਸਰਕਾਰ ਹੋਣ ਦੇ ਬਾਵਜੂਦ ਤੇ ਮੌਜੂਦਾ ਮੁੱਖ ਮੰਤਰੀ ਦੇ ਜੱਦੀ ਹਲਕੇ ਤੋਂ ਚੋਣ ਨਹੀਂ ਜਿੱਤ ਸਕੇ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਜਿੱਤ ਦੇ ਝੰਡੇ ਗੱਡਦਿਆਂ ਲੋਕ ਸਭਾ ਦੇ ਮੈਂਬਰ ਪਾਰਲੀਮੈਂਟ ਬਣੇ।
