ਚੰਡੀਗੜ੍ਹ, 20 ਮਾਰਚ ( ਰਾਜੇਸ਼ ਜੈਨ, ਲਿਕੇਸ਼ ਸ਼ਰਮਾਂ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪਠਾਨਕੋਟ ਵਿਖੇ ਤਾਇਨਾਤ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰ ਸੁਸ਼ੀਲ ਕੁਮਾਰ ਨੂੰ ਵੱਖ-ਵੱਖ ਭਲਾਈ ਸਕੀਮਾਂ ਤਹਿਤ ਸਰਕਾਰ ਵੱਲੋਂ ਅਲਾਟ ਕੀਤੇ ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮਾਂ ਨੇ ਕੁੱਲ 2079 ਕੁਇੰਟਲ ਤੋਂ ਵੱਧ ਕਣਕ ਦੇ ਸਟਾਕ ਦੀ ਦੁਰਵਰਤੋਂ ਕੀਤੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਹੋਇਆ।
ਉਹਨਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਤੇ ਆਈ.ਪੀ.ਸੀ ਦੀ ਧਾਰਾ 409 ਤਹਿਤ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਐਫ਼.ਆਈ.ਨੰਬਰ 14 ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ।