“ਵੀਡੀਓ ਰਾਹੀਂ ਤਕਨੀਕ ਬਾਰੇ ਜਾਗਰੂਕ ਕਰਨ ਲਈ, ਮੰਡੀਆਂ ‘ਚ ਲਗਾਈਆਂਂ ਵਿਸ਼ੇਸ਼ ਸਕਰੀਨਾਂ”
ਲੁਧਿਆਣਾ,19ਅਪ੍ਰੈਲ(ਭਗਵਾਨ ਭੰਗੂ-ਲਿਕੇਸ਼ ਸ਼ਰਮਾ) – ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਅੱਜ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਰਵਾਇਤੀ ਢੰਗ ਦੀ ਬਜਾਏ ਸਿੱਧੀ ਬਿਜਾਈ ਵਾਲਾ ਢੰਗ ਅਪਣਾਉਣ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਇਸ ਵਿਧੀ ਨਾਲ ਜਿੱਥੇ ਲੱਖਾਂ ਲੀਟਰ ਪਾਣੀ ਦੀ ਬਚਤ ਹੋਵੇਗੀ,ਓਥੇ ਹੀ ਇਹ ਤਕਨੀਕ ਝਾੜ ਵਧਾਉਣ ਅਤੇ ਲਾਗਤ ਨੂੰ ਘਟਾਉਣ ਵਿੱਚ ਵੀ ਸਹਾਈ ਸਿੱਧ ਹੋਵੇਗੀ।ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਸਿੱਧੀ ਬਿਜਾਈ ਦੀ ਤਕਨੀਕ ਰਾਹੀਂ ਖੇਤਾਂ ਵਿੱਚ ਬਿਨ੍ਹਾਂ ਪਾਣੀ ਖੜ੍ਹਾ ਕੀਤੇ,ਸਿੱਧੇ ਝੋਨੇ ਦੀ ਲੁਆਈ ਕੀਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਇਹ ਤਕਨੀਕ ਝੋਨੇ ਦੀ ਕਾਸ਼ਤ ਲਈ ਲੋੜੀਂਦੇ ਪਾਣੀ ਦੀ ਮਾਤਰਾ ਨੂੰ ਘਟਾਉਂਦੀ ਹੈ ਅਤੇ ਇਸ ਤੋਂ ਇਲਾਵਾ ਪਰਾਲੀ ਸਾੜਨ ਦੀਆਂ ਪ੍ਰਥਾਵਾਂ ਨੂੰ ਵੀ ਖਤਮ ਕਰਦੀ ਹੈ ਅਤੇ ਫਸਲ ਦਾ ਝਾੜ ਵੀ ਵਧੀਆ ਹੁੰਦਾ ਹੈ।ਉਨ੍ਹਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਲੁਧਿਆਣਾ ਦੀਆਂ ਕਈ ਮੰਡੀਆਂ ਵਿੱਚ ਵਿਸ਼ੇਸ਼ ਸਕਰੀਨਾਂ ਲਾਈਆਂ ਗਈਆਂ ਹਨ,ਜਿੱਥੇ ਇੱਕ ਵਿਸ਼ੇਸ਼ ਵੀਡੀਓ ਰਾਹੀਂ ਇਸ ਤਕਨੀਕ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਇਸ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ਵਿੱਚ ਇਨ੍ਹਾਂ ਤਕਨੀਕਾਂ ਦਾ ਪ੍ਰਦਰਸ਼ਨ ਕਰਨ ਦਾ ਕਿਸਾਨਾਂ ਨੂੰ ਅਗਾਂਹਵਧੂ ਕਿਸਾਨਾਂ ਦੇ ਮਾਰਗ ‘ਤੇ ਚੱਲਣ ਲਈ ਜਾਗਰੂਕ ਕਰਨਾ ਹੈ,ਜਿਸ ਨਾਲ ਪਾਣੀ ਦੀ ਸੰਭਾਲ ਅਤੇ ਵਾਤਾਵਰਨ ਸੁਰੱਖਿਆ ਵਿੱਚ ਯੋਗਦਾਨ ਪਾਇਆ ਜਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡ ਸਾਧੂਗੜ੍ਹ ਦਾ ਪ੍ਰਧਾਨ ਮੰਤਰੀ ਐਵਾਰਡੀ ਅਗਾਂਹਵਧੂ ਕਿਸਾਨ ਸੁਰਜੀਤ ਸਿੰਘ ਪਿਛਲੇ ਕਈ ਸਾਲਾਂ ਤੋਂ ਇਸ ਤਕਨੀਕ ਦੀ ਸਫ਼ਲਤਾਪੂਰਵਕ ਵਰਤੋਂ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਵਰਤੋਂ ਦੇ ਸਬੰਧ ਵਿੱਚ ਸੂਬੇ ਦੇ ਕਈ ਡਿਵੈਲਪਮੈਂਟ ਬਲਾਕਾਂ ਨੂੰ ਡਾਰਕ ਜ਼ੋਨ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ। ਇਸ ਲਈ ਇਸ ਤਕਨੀਕ ਰਾਹੀਂ ਪਾਣੀ ਦੀ ਸੰਭਾਲ ਵੱਲ ਗੰਭੀਰਤਾ ਨਾਲ ਕਦਮ ਚੁੱਕਣਾ ਸਮੇਂ ਦੀ ਲੋੜ ਹੈ।ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਆਪਕ ਜਾਗਰੂਕਤਾ ਮੁਹਿੰਮਾਂ ਰਾਹੀਂ ਕਿਸਾਨਾਂ ਨੂੰ ਸੇਧ ਦੇਣ ਅਤੇ ਪ੍ਰੇਰਿਤ ਕਰਨ।ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਭਲਾਈ ਅਤੇ ਕੁਦਰਤੀ ਸੋਮਿਆਂ ਨੂੰ ਸੰਵਾਰਨ ਲਈ ਸਖ਼ਤ ਮਿਹਨਤ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੀ ਵਚਨਬੱਧ ਟੀਮ ਕਿਸਾਨਾਂ ਦੀ ਬਿਹਤਰੀ ਲਈ ਲਗਾਤਾਰ ਕੰਮ ਕਰ ਰਹੀ ਹੈ।ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ, ਜਿਸ ਨਾਲ ਕਿਸਾਨਾਂ ਨੂੰ ਇਸ ਤਕਨੀਕ ਨੂੰ ਅਪਣਾਉਣ ਲਈ ਉਤਸ਼ਾਹਿਤ ਕਰਨ ਵਿੱਚ ਮੱਦਦ ਮਿਲੇਗੀ