ਫਾਜ਼ਿਲਕਾ (ਭੰਗੂ) ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਚੋਣ ਪ੍ਰਕਿਰਿਆ ਅਮਨ ਅਮਾਨ ਨਾਲ ਪੂਰੀ ਹੋਵੇ, ਇਸ ਲਈ ਅਸਲਾ ਧਾਰਕਾਂ ਵੱਲੋਂ ਆਪਣੇ ਹਥਿਆਰ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਜਾਰੀ ਹੈ ਅਤੇ ਹੁਣ ਤਕ 5,305 ਹਥਿਆਰ ਜਮ੍ਹਾਂ ਹੋ ਚੁੱਕੇ ਹਨ। ਇਹ ਜਾਣਕਾਰੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰਾਕੇਸ਼ ਕੁਮਾਰ ਪੋਪਲੀ ਨੇ ਸਕ੍ਰੀਨਿੰਗ ਕਮੇਟੀ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਐੱਸਪੀ ਰਮਨੀਸ਼ ਚੌਧਰੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਸਲਾ ਧਾਰਕਾਂ ਦੇ ਹਥਿਆਰ ਜਮ੍ਹਾਂ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਥਿਆਰ ਜਮ੍ਹਾਂ ਕਰਵਾਉਣ ਦੇ ਕੰਮ ਦੀ ਨਿਯਮਿਤ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਕਿਤੇ ਕਿਸੇ ਦੀ ਕੋਈ ਵਿਸ਼ੇਸ਼ ਜ਼ਰੂਰਤ ਹੈ ਉੱਥੇ ਜ਼ਿਲ੍ਹਾ ਪੱਧਰ ‘ਤੇ ਗਠਿਤ ਸਕ੍ਰੀਨਿੰਗ ਕਮੇਟੀ ਵੱਲੋਂ ਸਮੀਖਿਆ ਕਰ ਕੇ ਹਥਿਆਰ ਜਮ੍ਹਾਂ ਕਰਵਾਉਣ ਜਾਂ ਨਾ ਕਰਵਾਉਣ ਬਾਬਤ ਫ਼ੈਸਲਾ ਲਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 14,411 ਲਾਇਸੈਂਸੀ ਹਥਿਆਰ ਹਨ। ਉਨ੍ਹਾਂ ਕਿਹਾ ਕਿ ਜੇਕਰ ਸਕ੍ਰੀਨਿੰਗ ਕਮੇਟੀ ਦੀ ਆਗਿਆ ਲਏ ਬਿਨਾਂ ਕਿਸੇ ਨੇ ਹਥਿਆਰ ਜਮ੍ਹਾਂ ਨਾ ਕਰਵਾਇਆ ਤਾਂ ਅਜਿਹੇ ਲੋਕਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੀ ਕੋਈ ਵਿਸ਼ੇਸ਼ ਹਾਲਾਤ ਵਿਚ ਜ਼ਰੂਰਤ ਹੈ ਤਾਂ ਉਹ ਸਕ੍ਰੀਨਿੰਗ ਕਮੇਟੀ ਕੋਲ ਪਹੁੰਚ ਕਰ ਸਕਦਾ ਹੈ ਅਤੇ ਬਾਕੀ ਸਾਰੇ ਅਸਲਾ ਲਾਇਸੈਂਸ ਧਾਰਕ ਤੁਰੰਤ ਆਪਣੇ ਹਥਿਆਰ ਨੇੜੇ ਦੇ ਥਾਣੇ ਜਾਂ ਅਸਲਾ ਕੋਠੀ ਵਿਚ ਜਮ੍ਹਾਂ ਕਰਵਾ ਦੇਣ। ਅਜਿਹਾ ਨਾ ਕਰਨ ਦੀ ਹਾਲਤ ਵਿਚ ਕਾਨੂੰਨੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਐੱਸਡੀਐੱਮ ਪੰਕਜ ਬਾਂਸਲ, ਤਹਿਸੀਲਦਾਰ ਸੁਖਦੇਵ ਸਿੰਘ, ਸਹਾਇਕ ਕਮਿਸ਼ਨਰ ਜਨਰਲ ਮਨਜੀਤ ਸਿੰਘ ਆਦਿ ਹਾਜ਼ਰ ਸਨ।