ਲੁਧਿਆਣਾ (ਭੰਗੂ-ਲਿਕੇਸ) ਐਸਟੀਐਫ ਲੁਧਿਆਣਾ ਰੇਂਜ ਦੀ ਟੀਮ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ‘ਚੋਂ 25 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ l ਐਸਟੀਐਫ ਦੇ ਲੁਧਿਆਣਾ ਮੁਖੀ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮੁਹੱਲਾ ਮੋਹਕਮਪੁਰਾ ਜ਼ਿਲ੍ਹਾ ਅੰਮ੍ਰਿਤਸਰ ਵਾਸੀ ਅੰਮ੍ਰਿਤਪਾਲ ਸਿੰਘ ਉਰਫ ਮੱਤੀ (22) ਤੇ ਸਨੀ ਕੁਮਾਰ ਉਰਫ ਸੰਨੀ (20) ਵਜੋਂ ਹੋਈ ਹੈ l ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਨਾਕਾਬੰਦੀ ਦੌਰਾਨ ਦੋਵਾਂ ਮੁਲਜ਼ਮਾਂ ਦੇ ਕਬਜ਼ੇ ‘ਚੋਂ 5 ਕਿਲੋ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ lਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਉਨ੍ਹਾਂ ਕੋਲੋਂ ਵਧੇਰੇ ਪੁੱਛਗਿੱਛ ਕੀਤੀ ਜਾ ਰਹੀ ਹੈ l ਇੰਸਪੈਕਟਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਭਰੋਸੇਯੋਗ ਸੂਤਰਾਂ ਕੋਲੋਂ ਜਾਣਕਾਰੀ ਮਿਲੀ ਸੀ ਕਿ ਦੋਵੇਂ ਮੁਲਜ਼ਮ ਪਿਛਲੇ ਕਾਫੀ ਸਮੇਂ ਤੋਂ ਹੈਰੋਇਨ ਦੀ ਤਸਕਰੀ ਕਰ ਰਹੇ ਹਨl ਪੁਲਿਸ ਨੂੰ ਪਤਾ ਲੱਗਾ ਕਿ ਮੁਲਜ਼ਮਾਂ ਨੇ ਆਪਣੇ ਗਾਹਕਾਂ ਨੂੰ ਹੈਰੋਇਨ ਦੀ ਸਪਲਾਈ ਦੇਣ ਲਈ ਜੰਡਿਆਲਾ ਗੁਰੂ ਵੱਲ ਜਾਣਾ ਹੈ l ਸੂਚਨਾ ਤੋਂ ਬਾਅਦ ਐਸਟੀਐਫ ਲੁਧਿਆਣਾ ਦੀ ਟੀਮ ਨੇ ਅੰਮ੍ਰਿਤਸਰ ਤੋਂ ਜੰਡਿਆਲਾ ਗੁਰੂ ਰੋਡ ਤੇ ਨਾਕਾਬੰਦੀ ਕਰ ਕੇ ਮੋਟਰਸਾਈਕਲ ਸਵਾਰ ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ‘ਚ ਲਿਆ l ਐਸਟੀਐਫ ਦੀ ਟੀਮ ਨੇ ਜਦ ਕਾਨੂੰਨ ਅਨੁਸਾਰ ਮੁਲਜ਼ਮਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕਬਜ਼ੇ ਚੋਂ 5 ਕਿਲੋ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈl