ਲੁਧਿਆਣਾ (ਭੰਗੂ) ਸਾਬਕਾ ਕੇਂਦਰੀ ਮੰਤਰੀ ਤੇ ਲੋਕ ਭਲਾਈ ਪਾਰਟੀ ਦੇ ਕੌਮੀ ਪ੍ਰਧਾਨ ਬਲਵੰਤ ਸਿੰਘ ਰਾਮੂਵਾਲੀਆ ਨੇ ਲੁਧਿਆਣਾ ਵਿਖੇ ਪਾਰਟੀ ਦੀ ਇੱਕ ਉੱਚ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੇਗੁਨਾਹ ਹਨ ਤਾਂ ਉਨ੍ਹਾਂ ਨੂੰ ਸੁਪਰੀਮ ਕੋਰਟ ਵੱਲੋਂ ਇਨਸਾਫ ਜਰੂਰ ਮਿਲੇਗਾ, ਕਿਉਂਕਿ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਭਾਰਤ ਵਿੱਚ ਨਿਆ ਦੇਣ ਦੇ ਮਾਮਲੇ ਵਿੱਚ ਸਭ ਤੋਂ ਜਿਆਦਾ ਮੰਨੇ ਪਰਮੰਨੇ ਹਨ। ਉਨ੍ਹਾਂ ਕਿਹਾ ਕਿ ਲੋਕ ਭਲਾਈ ਪਾਰਟੀ ਵੱਲੋਂ ਹਾਲ ਦੀ ਘੜੀ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕੀਤਾ ਜਾ ਰਿਹਾ ਅਤੇ ਨਾ ਹੀ ਕਿਸੇ ਪਾਰਟੀ ਨਾਲ ਕੋਈ ਸਿਆਸੀ ਤੌਰ ‘ਤੇ ਗੱਲਬਾਤ ਚੱਲ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਪਿੰਡ ਵਿੱਚ ਮੀਟਿੰਗਾਂ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ। ਰਾਮੂਵਾਲੀਆ ਨੇ ਕਿਹਾ ਕਿ ਉਹ ਉਸ ਪਿੰਡ ਵਿੱਚ ਮੀਟਿੰਗ ਕਰਨ ਲਈ ਜਾਣਗੇ ਜਿਸ ਪਿੰਡ ਦੇ 25 ਵਸਨੀਕ ਉਹਨਾਂ ਨੂੰ ਦਸਤਖਤ ਕਰਕੇ ਪਿੰਡ ਵਿੱਚ ਆਉਣ ਦੀ ਅਪੀਲ ਕਰਨਗੇ। ਮੀਟਿੰਗ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵਿਚਾਰ ਚਰਚਾ ਕੀਤੀ ਗਈ ਅਤੇ ਆਉਣ ਵਾਲੇ ਦਿਨਾਂ ਵਿੱਚ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ। ਉਨ੍ਹਾ ਕਿਹਾ ਕਿ ਮੌਜੂਦਾ ਰਾਜਨੀਤਕ ਹਲਾਤ ਬਹੁਤੇ ਚੰਗੇ ਨਹੀਂ ਹਨ।ਰਾਮੂਵਾਲੀਆ ਨੇ ਕਿਹਾ ਕਿ ਖੁਦਗਰਜ਼ ਸਿਆਸਤਦਾਨਾਂ ਤੋਂ ਪੰਜਾਬ ਨੂੰ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਸਮੂਹਿਕ ਰੂਪ ਵਿੱਚ ਹੰਭਲਾ ਮਾਰਨਾ ਪਵੇਗਾ। ਇਸ ਮੌਕੇ ਸਾਬਕਾ ਸਰਪੰਚ ਤਰਲੋਚਨ ਸਿੰਘ ਲਲਤੋਂ ਸਮੇਤ ਪਾਰਟੀ ਦੇ ਹੋਰ ਆਗੂ ਵੀ ਹਾਜ਼ਰ ਸਨ।