ਅੰਮ੍ਰਿਤਸਰ(ਭਗਵਾਨ ਭੰਗੂ)ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਕਾਰਸੇਵਾ ਸੰਪ੍ਰਦਾ ਗੁਰੂ ਕਾ ਬਾਗ ਦੇ ਮੁਖੀ ਬਾਬਾ ਹਜ਼ਾਰਾ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਚਰਨ ਸਿੰਘ ਮਹਾਲੋਂ, ਸੰਗੀਤ ਮਾਰਤੰਡ ਪਦਮਸ੍ਰੀ ਪ੍ਰੋਫ਼ੈਸਰ ਕਰਤਾਰ ਸਿੰਘ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਬਿਰਤਾਂਤ ਨੂੰ ਕਾਵਿ-ਰੂਪ ਵਿਚ ਦਰਜ ਕਰਨ ਵਾਲੇ ਅਲਹ ਯਾਰ ਖ਼ਾਂ ਜੋਗੀ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨਿਭਾਈ, ਜਦਕਿ ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖਾਲਸਾ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਵੀ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੰਥਕ ਖੇਤਰ ਵਿਚ ਸਮੇਂ-ਸਮੇਂ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾ ਕੇ ਸਿੱਖ ਕੌਮ ਦੀ ਸਿਰਮੌਰ ਸੰਸਥਾ ਵੱਲੋਂ ਉਨ੍ਹਾਂ ਦਾ ਸਤਿਕਾਰ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਅੱਜ ਜੋ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ ਹਨ, ਉਨ੍ਹਾਂ ਵਿਚ ਬਾਬਾ ਹਜ਼ਾਰਾਂ ਸਿੰਘ ਕਾਰਸੇਵਾ ਗੁਰੂ ਕਾ ਬਾਗ ਵਾਲਿਆਂ ਨੇ ਜਿਥੇ ਗੁਰਦੁਆਰਾ ਸਾਹਿਬ ਦੀ ਉਸਾਰੀ ਵਿਚ ਵੱਡਮੁੱਲਾ ਯੋਗਦਾਨ ਪਾਇਆ ਹੈ, ਉਥੇ ਉਨ੍ਹਾਂ ਧਰਮ ਯੁੱਧ ਮੋਰਚੇ ਦੌਰਾਨ ਜੇਲ੍ਹ ਵੀ ਕੱਟੀ ਅਤੇ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਕਰਵਾ ਕੇ ਸੰਗਤ ਨੂੰ ਗੁਰੂ ਲੜ ਲਾਇਆ।