“ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਐਨ ਆਰ ਆਈਜ਼ ਅਤੇ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਉੱਤੇ ਦਿੱਤੀ ਜਾ ਰਹੀ ਵਿਸ਼ੇਸ਼ ਤਵੱਜ਼ੋਂ”
ਮੋਗਾ, 18 ਅਪ੍ਰੈਲ (ਲਿਕੇਸ਼ ਸ਼ਰਮਾ) : ਇਸ ਵਾਰ ਲੋਕ ਸਭਾ ਚੋਣਾਂ ਦੌਰਾਨ ਵੋਟ ਫ਼ੀਸਦੀ ਵਧਾਉਣ ਲਈ ਮੋਗਾ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਿੱਥੇ ਹਰੇਕ ਵਰਗ ਤੱਕ ਪਹੁੰਚ ਕਰਕੇ ਉਹਨਾਂ ਨੂੰ ਵੋਟ ਪਾਉਣ ਲਈ ਅਪੀਲ ਕੀਤੀ ਜਾ ਰਹੀ ਹੈ ਉਥੇ ਹੀ ਜ਼ਿਲ੍ਹੇ ਨਾਲ ਸੰਬੰਧ ਰੱਖਣ ਵਾਲੇ ਐਨ ਆਰ ਆਈਜ਼ ਅਤੇ ਨਵੇਂ ਬਣ ਰਹੇ ਵੋਟਰਾਂ ਉੱਤੇ ਵਿਸ਼ੇਸ਼ ਤੌਰ ਉੱਤੇ ਤਵੱਜੋ ਦਿੱਤੀ ਜਾ ਰਹੀ ਹੈ।ਇਸੇ ਸਬੰਧੀ ਇਕ ਵੋਟਰ ਜਾਗਰੂਕਤਾ ਸਮਾਗਮ ਅੱਜ ਪਿੰਡ ਸੁਖਾਨੰਦ ਸਥਿਤ ਲੜਕੀਆਂ ਦੇ ਕਾਲਜ ਵਿਖੇ ਕਰਵਾਇਆ ਗਿਆ, ਜਿਸ ਵਿੱਚ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰ ਕੁਲਵੰਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਨੂੰ ਐਸ ਡੀ ਐਮ ਬਾਘਾਪੁਰਾਣਾ ਸ੍ਰ ਹਰਕੰਵਲਜੀਤ ਸਿੰਘ, ਜ਼ਿਲ੍ਹਾ ਸਵੀਪ ਆਈਕਨ ਅਤੇ ਗੀਤਕਾਰ ਗਿੱਲ ਰੌਂਤਾ ਨੇ ਵੀ ਸੰਬੋਧਨ ਕੀਤਾ।ਦੱਸਣਯੋਗ ਹੈ ਕਿ ਜ਼ਿਲ੍ਹਾ ਮੋਗਾ ਪੂਰੇ ਸੂਬੇ ਵਿੱਚ ਐਨ ਆਰ ਆਈਜ਼ ਬਹੁਤਾਤ ਵਾਲਾ ਜ਼ਿਲ੍ਹਾ ਹੈ। ਇਥੋਂ ਦੇ ਕਰੀਬ 40 ਹਜ਼ਾਰ ਵਿਅਕਤੀ ਵੱਖ ਵੱਖ ਦੇਸ਼ਾਂ ਵਿੱਚ ਸੈਟਲ ਹੋ ਚੁੱਕੇ ਹਨ। ਇਹਨਾਂ ਵਿੱਚੋਂ ਬਹੁਤ ਘੱਟ ਵੋਟਰ ਹਨ ਜੋ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਦੇ ਹਨ। ਇਹ ਐਨ ਆਰ ਆਈ ਵੋਟਰ ਵਜੋਂ ਆਪਣਾ ਸ਼ਨਾਖ਼ਤੀ ਕਾਰਡ ਤਾਂ ਬਣਵਾ ਲੈਂਦੇ ਹਨ ਪਰ ਵੋਟ ਨਹੀਂ ਪਾਉਂਦੇ। ਇਹੀ ਕਾਰਨ ਹੈ ਕਿ ਹਰੇਕ ਚੋਣ ਵਿਚ ਜ਼ਿਲ੍ਹਾ ਮੋਗਾ ਵੋਟ ਫ਼ੀਸਦ ਵਿੱਚ ਹੋਰ ਜ਼ਿਲ੍ਹਿਆਂ ਨਾਲੋਂ ਪਿੱਛੇ ਰਹਿ ਜਾਂਦਾ ਹੈ।ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਇਹਨਾਂ ਐਨ ਆਰ ਆਈਜ਼ ਨਾਲ ਰਾਬਤਾ ਕਰਕੇ ਇਹਨਾਂ ਨੂੰ ਵੋਟ ਪ੍ਰਕਿਰਿਆ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਵੇ। ਇਸ ਲਈ ਬੀ ਐਲ ਓਜ਼ ਵੱਲੋਂ ਵਿਸ਼ੇਸ਼ ਤੌਰ ਉੱਤੇ ਉਹਨਾਂ ਪਰਿਵਾਰਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ, ਜਿਹਨਾਂ ਦੇ ਪਰਿਵਾਰਕ ਮੈਂਬਰ ਵਿਦੇਸ਼ ਵਿੱਚ ਹਨ ਜਾਂ ਵੋਟਰ ਹੋਣ ਦੇ ਬਾਵਜ਼ੂਦ ਵੋਟ ਨਹੀਂ ਪਾਉਂਦੇ।
ਉਹਨਾਂ ਕਿਹਾ ਕਿ ਇਸੇ ਤਰ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅੰਕੜੇ ਇਕੱਤਰ ਕੀਤੇ ਗਏ ਹਨ ਕਿ ਹਾਲੇ ਵੀ ਅੰਦਾਜ਼ਨ 10 ਫ਼ੀਸਦੀ ਨੌਜਵਾਨ ਮੁੰਡੇ ਕੁੜੀਆਂ ਨੇ ਆਪਣੀ ਵੋਟ ਨਹੀਂ ਬਣਵਾਈ ਹੈ। ਅਜਿਹੇ ਮੁੰਡੇ ਕੁੜੀਆਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਅਤੇ ਵੋਟ ਦਾ ਜਰੂਰੀ ਇਸਤੇਮਾਲ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਵਿਦਿਅਕ ਸੰਸਥਾਵਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਉਮੀਦ ਹੈ ਕਿ ਇਸ ਵਾਰ ਐਨ ਆਰ ਆਈਜ਼ ਅਤੇ 18 ਸਾਲ ਦੇ ਨਵੇਂ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਜਰੂਰ ਵਰਤੋਂ ਕਰਨਗੇ। ਜਿਸ ਨਾਲ ਜ਼ਿਲ੍ਹਾ ਮੋਗਾ ਵਿੱਚ ਇਸ ਵਾਰ ਵੋਟ ਫ਼ੀਸਦ ਪਿਛਲੀਆਂ ਚੋਣਾਂ ਦੇ ਮੁਕਾਬਲੇ 70 ਫ਼ੀਸਦ ਤੋਂ ਵੱਧ ਜਾਵੇਗੀ। ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਜ਼ਿਲ੍ਹਾ ਮੋਗਾ ਵਿੱਚ 59 ਫ਼ੀਸਦੀ ਵੋਟਾਂ ਹੀ ਪਈਆਂ ਸਨ।ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਤੈਅ ਕੀਤੇ‘ਇਸ ਵਾਰ 70 ਪਾਰ’ਟੀਚੇ ਨੂੰ ਹਾਸਲ ਕਰਨ ਲਈ ਸਭ ਤੋਂ ਪਹਿਲਾਂ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਯੋਗ ਵੋਟਰਾਂ ਨੂੰ ਲੱਭਣ ਲਈ ਆਈਲੈਟਸ ਕੇਂਦਰਾਂ ਅਤੇ ਵਿਦਿਅਕ ਸੰਸਥਾਵਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਨਾਮਜ਼ਦਗੀਆਂ ਦੇ ਆਖਰੀ ਦਿਨ ਤੱਕ 18 ਸਾਲ ਦੀ ਉਮਰ ਪਾਰ ਕਰ ਰਹੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ।ਉਨ੍ਹਾਂ ਦੱਸਿਆ ਕਿ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਮਾਡਲ ਪੋਲਿੰਗ ਸਟੇਸ਼ਨ, ਪਿੰਕ ਪੋਲਿੰਗ ਸਟੇਸ਼ਨ, ਦਿਵਿਆਂਗ ਕਰਮਚਾਰੀਆਂ ਦੇ ਪੋਲਿੰਗ ਸਟੇਸ਼ਨ ਅਤੇ ਨੌਜਵਾਨ ਕਰਮਚਾਰੀ ਪੋਲਿੰਗ ਸਟੇਸ਼ਨ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਮਹਿਲਾ ਆਈਕਨਜ਼ ਔਰਤਾਂ ਨੂੰ ਚੋਣ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਲਈ ਕੰਮ ਕਰ ਰਹੀਆਂ ਹਨ। ਇੱਟਾਂ ਦੇ ਭੱਠਿਆਂ, ਫੈਕਟਰੀਆਂ ਅਤੇ ਵਪਾਰਕ ਕੰਪਲੈਕਸਾਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੋਟ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਰਜਿਸਟ੍ਰੇਸ਼ਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਇਲੈਕਟੋਰਲ ਲਿਟਰੇਸੀ ਕਲੱਬਾਂ ਨੂੰ ਸਰਗਰਮ ਕੀਤਾ ਗਿਆ ਹੈ। ਇਸ ਮੌਕੇ ਉਹਨਾਂ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਬਣਕੇ ਆਪਣੀ ਵੋਟ ਦਾ ਇਸਤੇਮਾਲ ਕਰਨ ਅਤੇ ਆਪਣੇ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਹੋਰਨਾਂ ਨੂੰ ਪ੍ਰੇਰਿਤ ਕਰਨ। ਇਸ ਮੌਕੇ ਵਿਦਿਆਰਥਣਾਂ ਵੱਲੋਂ ਕਈ ਜਾਗਰੂਕਤਾ ਆਈਟਮਾਂ ਵੀ ਪੇਸ਼ ਕੀਤੀਆਂ ਗਈਆਂ।