ਜਗਰਾਉਂ, 19 ਅਪ੍ਰੈਲ ( ਭਗਵਾਨ ਭੰਗੂ, ਜਗਰੂਪ ਸੋਹੀ )-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐਸ.ਐਸ.ਸੀ ਨਵਨੀਤ ਸਿੰਘ ਬੈਂਸ ਦੀਆਂ ਹਦਾਇਤਾਂ ’ਤੇ ਡੀਐਸਪੀ ਜਪਜਯੋਤ ਸਿੰਘ ਦੀ ਅਗਵਾਈ ਹੇਠ ਪੁਲਿਸ ਵੱਲੋਂ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਜਿਸ ਵਿੱਚ ਵਿਸ਼ੇਸ਼ ਤੌਰ ’ਤੇ ਐਸ.ਡੀ.ਐਮ ਗੁਰਵੀਰ ਸਿੰਘ ਕੋਹਲੀ ਵੀ ਹਾਜ਼ਰ ਸਨ। ਇਸ ਮੌਕੇ ਡੀ.ਐਸ.ਪੀ ਜਪਜਯੋਤ ਸਿੰਘ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਲਾਕੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਗੜਬੜੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਸ਼ਹਿਰ ਦੇ ਸਾਰੇ ਮੁੱਖ ਖੇਤਰਾਂ ਨੂੰ ਕਵਰ ਕਰਦੇ ਹੋਏ ਪੂਰਾ ਸ਼ਹਿਰ ਸੁਰੱਖਿਆ ਦੇ ਘੇਰੇ ਵਿੱਚ ਹੈ। ਜਿਸ ਵਿੱਚ ਵੱਖ-ਵੱਖ ਪੁਲਿਸ ਪਾਰਟੀਆਂ ਦਿਨ ਰਾਤ ਚੈਕਿੰਗ ’ਤੇ ਲੱਗੀਆਂ ਰਹਿੰਦੀਆਂ ਹਨ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਕੋਈ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ। ਫਲੈਗ ਮਾਰਚ ਐਸਐਸਪੀ ਦਫ਼ਤਰ ਤੋਂ ਸ਼ੁਰੂ ਹੋ ਕੇ ਝਾਂਸੀ ਰਾਣੀ ਚੌਕ, ਕਮਲ ਚੌਕ, ਪੁਰਾਣੀ ਦਾਣਾ ਮੰਡੀ, ਨਵੀਂ ਦਾਣਾ ਮੰਡੀ, ਰੇਲਵੇ ਰੋਡ ਤੋਂ ਸ਼ਹਿਰ ਦੇ ਅੰਦਰਲੇ ਹਿੱਸਿਆਂ ’ਚੋਂ ਹੁੰਦਾ ਹੋਇਆ ਅੱਡਾ ਰਾਏਕੋਟ ਤੋਂ ਵਾਪਸ ਪੁਲੀਸ ਲਾਈਨ ਪਹੁੰਚਿਆ। ਇਸ ਫਲੈਗ ਮਾਰਚ ਵਿੱਚ ਥਾਣਾ ਸਿਟੀ ਅਤੇ ਥਾਣਾ ਸਦਰ, ਬੱਸ ਸਟੈਂਡ ਪੁਲਿਸ ਚੌਕੀ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਕੇਂਦਰੀ ਸੁਰੱਖਿਆ ਬਲਾਂ ਨੇ ਵੀ ਸ਼ਮੂਲੀਅਤ ਕੀਤੀ।