Home Punjab ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨੂੰ ਕਣਕ ਦੀ ਖਰੀਦ, ਅਦਾਇਗੀ ਅਤੇ ਲਿਫ਼ਟਿੰਗ...Punjabਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨੂੰ ਕਣਕ ਦੀ ਖਰੀਦ, ਅਦਾਇਗੀ ਅਤੇ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ ਲਈ ਹਦਾਇਤਾਂ ਜਾਰੀBy dailyjagraonnews - April 23, 2024160FacebookTwitterPinterestWhatsApp ਤਰਨ ਤਾਰਨ, 23 ਅਪ੍ਰੈਲ (ਭਗਵਾਨ ਭੰਗੂ – ਰੋਹਿਤ) : ਡਿਪਟੀ ਕਮਿਸ਼ਨਰ ਤਰਨ ਤਾਰਨ ਸੰਦੀਪ ਕੁਮਾਰ ਨੇ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਮੁਕੰਮਲ ਕਰਵਾਉਣ ਲਈ ਸਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਕਿਹਾ ਕਿ ਖਰੀਦ ਪ੍ਰਕਿਰਿਆ ਵਿੱਚ ਕਿਸੇ ਕਿਸਮ ਦੀ ਢਿੱਲ-ਮੱਠ ਜਾਂ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਣਗਹਿਲੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਖ਼ਰੀਦ ਪ੍ਰਬੰਧਾਂ ਵਿੱਚ ਲੱਗੇ ਅਮਲੇ ਨੂੰ ਸਖ਼ਤ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਆ ਰਹੀ ਕਣਕ ਦੀ ਫ਼ਸਲ ਨੂੰ ਬਿਨਾਂ ਕਿਸੇ ਦੇਰੀ ਖਰੀਦਿਆ ਜਾਵੇ।ਉਨ੍ਹਾਂ ਕਿਹਾ ਕਿ 48 ਘੰਟੇ ਦੇ ਅੰਦਰ-ਅੰਦਰ ਖਰੀਦੀ ਫਸਲ ਦੀ ਅਦਾਇਗੀ ਨੂੰ ਯਕੀਨੀ ਬਣਾਇਆ ਜਾਵੇ। ਇਸਦੇ ਨਾਲ ਹੀ ਉਨ੍ਹਾਂ ਮੰਡੀਆਂ ਵਿੱਚ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਹਰ ਮੰਡੀ ਇੰਸਪੈਕਟਰ ਇਹ ਯਕੀਨੀ ਬਣਾਵੇਗਾ ਕਿ ਖਰੀਦੀ ਗਈ ਕਣਕ ਦੀ ਫ਼ਸਲ ਦੀ ਨਾਲ ਦੀ ਨਾਲ ਹੀ ਲਿਫ਼ਟਿੰਗ ਹੋਵੇ ਤਾਂ ਜੋ ਮੰਡੀਆਂ ਵਿੱਚ ਕਿਸਾਨਾਂ ਨੂੰ ਜਗ੍ਹਾ ਦੀ ਕਮੀ ਦਾ ਸਾਹਮਣਾ ਨਾ ਕਰਨਾ ਪਵੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫੂਡ ਸਪਲਾਈ ਵਿਭਾਗ ਅਤੇ ਖਰੀਦ ਏਜੰਸੀਆਂ ਦੇ ਇੰਸਪੈਕਟਰ ਇਹ ਯਕੀਨੀ ਬਣਾਉਣਗੇ ਕਿ ਜਿਹੜੀ ਕਣਕ ਦੀ ਢੇਰੀ ਖਰੀਦ ਦੇ ਨਿਰਧਾਰਿਤ ਮਾਪਦੰਡਾਂ ਨੂੰ ਪੂਰਾ ਕਰਦੀ ਹੈ, ਉਸਦੀ ਤੁਰੰਤ ਖਰੀਦ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਦੌਰਾਨ ਜੇਕਰ ਕਿਸੇ ਵੀ ਪੱਧਰ `ਤੇ ਕੋਈ ਅਣਗਹਿਲੀ ਸਾਹਮਣੇ ਆਈ ਤਾਂ ਸਬੰਧਿਤ ਅਧਿਕਾਰੀ ਜਾਂ ਕਰਮਚਾਰੀ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆਂ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ 22 ਅਪ੍ਰੈਲ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 99,551 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 81,882 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 28,566 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 16,108 ਮੀਟ੍ਰਿਕ ਟਨ, ਪਨਸਪ ਵੱਲੋਂ 20,867 ਮੀਟ੍ਰਿਕ ਟਨ ਅਤੇ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 16,342 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਖਰੀਦੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 41 ਕਰੋੜ 52 ਲੱਖ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਗਈ ਹੈ।