ਫ਼ਤਹਿਗੜ੍ਹ ਸਾਹਿਬ, 24 ਅਪ੍ਰੈਲ ( ਵਿਕਾਸ ਮਠਾੜੂ, ਧਰਮਿੰਦਰ) -ਲੋਕ ਸਭਾ ਚੋਣਾਂ ਸਬੰਧੀ ਚੋਣ ਜ਼ਾਬਤਾ ਲਾਗੂ ਹੈ ਤੇ ਚੋਣ ਅਮਲ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਰਵਾਈ ਬੇਰੋਕ ਜਾਰੀ ਹੈ। ਚੋਣਾਂ ਦੇ ਮੱਦੇਨਜ਼ਰ ਸਾਰੇ ਅਧਿਕਾਰੀ ਤੇ ਕਰਮਚਾਰੀ ਆਪਣੇ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ।
ਚੋਣ ਡਿਊਟੀ ਸਬੰਧੀ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਹ ਗੱਲ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਅਧੀਨ ਆਉਂਦੇ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਆਖੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਸੰਵੇਦਨਸ਼ੀਲ ਖੇਤਰਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਤੇ ਕਿਹਾ ਕਿ ਅਜਿਹੇ ਖੇਤਰਾਂ ਬਾਬਤ ਵਿਸ਼ੇਸ਼ ਤੌਰ ਉੱਤੇ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਈ ਜਾਵੇ।
ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਪੋਸਟਲ ਬੈਲਟ ਪੇਪਰਾਂ ਤੇ ਬੈਲਟ ਪੇਪਰਾਂ ਦੇ ਪ੍ਰਬੰਧਾਂ, ਚੋਣ ਖਰਚੇ ਦੀ ਨਿਗਰਾਨੀ, ਆਬਜ਼ਰਵਰਾਂ ਦੇ ਦੌਰਿਆਂ, ਵੋਟਾਂ ਪੈਣ ਵਾਲੇ ਦਿਨ ਦੀਆਂ ਰਿਪੋਰਟਾਂ, ਸੁਰੱਖਿਆ ਬਲਾਂ ਦੀ ਤਾਇਨਾਤੀ, ਵੋਟਰ ਪਰਚੀਆਂ ਦੀ ਵੰਡ ਅਤੇ ਵੋਟਾਂ ਦੀ ਗਿਣਤੀ ਸਬੰਧੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜੇਕਰ ਕਿਸੇ ਵੀ ਅਧਿਆਕਰੀ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਉਸ ਦਿੱਕਤ ਸਬੰਧੀ ਫੌਰੀ ਉਹਨਾਂ ਨਾਲ ਰਾਬਤਾ ਕਰੇ ਤੇ ਚੋਣ ਅਮਲ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਣਾ ਯਕੀਨੀ ਬਣਾਏ।
ਸ਼੍ਰੀਮਤੀ ਸ਼ੇਰਗਿੱਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ ਤਾਂ ਜੋ ਵੱਧ ਤੋਂ ਵੱਧ ਵੋਟਿੰਗ ਯਕੀਨੀ ਬਣਾਈ ਜਾ ਸਕੇ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਇਸ਼ਾ ਸਿੰਗਲ ਸਮੇਤ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਨਾਲ ਸਬੰਧਤ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।