Home Punjab ਜ਼ਿਲਾ ਚੋਣ ਅਫਸਰ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਸਖਤੀ...

ਜ਼ਿਲਾ ਚੋਣ ਅਫਸਰ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ

33
0


ਤਰਨ ਤਾਰਨ, 26 ਅਪ੍ਰੈਲ (ਭਗਵਾਨ ਭੰਗੂ – ਲਿਕੇਸ਼ ਸ਼ਰਮਾ) : ਜਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸੰਦੀਪ ਕੁਮਾਰ ਆਈ. ਏ. ਐੱਸ. ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਦੌਰਾਨ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਸੰਭਾਵਿਤ ਉਮੀਦਵਾਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕਰਨ ।
ਉਨ੍ਹਾਂ ਨੇ ਕਿਹਾ ਕਿ ਹਰ ਪ੍ਰਕਾਰ ਦੀ ਚੋਣ ਸਭਾਵਾਂ, ਚੋਣ ਰੈਲੀ ਅਤੇ ਲਾਉਡ ਸਪੀਕਰ ਦੀ ਵਰਤੋਂ ਲਈ ਅਗਾਊਂ ਪ੍ਰਵਾਨਗੀ ਲੈਣਾ ਜ਼ਰੂਰੀ ਹੈ। ਇਸ ਲਈ ਸਬੰਧਤ ਪਾਰਟੀ ਜਾਂ ਉਮੀਦਵਾਰ ਆਪਣੇ ਹਲਕੇ ਦੇ ਏ. ਆਰ. ਓ. ਦੇ ਦਫ਼ਤਰ ਨਾਲ ਰਾਬਤਾ ਕਰ ਸਕਦਾ ਹੈ। ਉਹਨਾਂ ਕਿਹਾ ਕਿ ਏ. ਆਰ. ਓ. ਦੇ ਦਫ਼ਤਰ ਵੱਲੋਂ ਸਭ ਪਾਰਟੀਆਂ ਨੂੰ ਬਰਾਬਰ ਤਰਜੀਹ ਦਿੰਦੇ ਹੋਏ ਪਹਿਲਾਂ ਆਓ ਪਹਿਲਾਂ ਪਾਓ ਦੀ ਤਰਜ ਦੇ ਪ੍ਰਵਾਨਗੀਆਂ ਜਾਰੀ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਆਦਰਸ਼ ਚੋਣ ਜਾਬਤੇ ਅਨੁਸਾਰ ਜੇਕਰ ਬਿਨ੍ਹਾਂ ਪ੍ਰਵਾਨਗੀ ਕੋਈ ਰੈਲੀ ਸਭਾ ਕੀਤੀ ਤਾਂ ਇਹ ਜ਼ਾਬਤੇ ਦੀ ਉਲੰਘਣਾ ਮੰਨੀ ਜਾਵੇਗੀ।ਜ਼ਿਲਾ ਚੋਣ ਅਫਸਰ ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਅਨੁਸਾਰ ਕਿਸੇ ਵੀ ਧਾਰਮਿਕ ਸਥਾਨ ਵਿੱਚ ਕੋਈ ਵੀ ਸਿਆਸੀ ਸਮਾਗਮ ਨਹੀਂ ਹੋ ਸਕਦਾ ਹੈ। ਉਨਾਂ ਨੇ ਸਿਆਸੀ ਆਗੂਆਂ ਨੂੰ ਕਿਹਾ ਕਿ ਉਹ ਆਪਣਾ ਚੋਣ ਪ੍ਰਚਾਰ ਆਪਣੀਆਂ ਨੀਤੀਆਂ ਤੇ ਕੇਂਦਰਿਤ ਕਰਨ ਅਤੇ ਦੂਜਿਆਂ ਦੀ ਨਿੱਜੀ ਜ਼ਿੰਦਗੀ ਤੇ ਟਿੱਪਣੀ ਕਰਨ ਜਾਂ ਅਜਿਹੇ ਫਿਰਕੂ ਭਾਸ਼ਣ ਦੇਣ ਤੋਂ ਗੁਰੇਜ਼ ਕਰਨ, ਜਿਸ ਨਾਲ ਸਮਾਜ ਵਿੱਚ ਤਣਾਅ ਪੈਦਾ ਹੋਣ ਦਾ ਡਰ ਹੋਵੇ।ਉਹਨਾਂ ਕਿਹਾ ਕਿ ਜਾਤੀ ਜਾਂ ਧਰਮ ਦੇ ਆਧਾਰ’ ਤੇ ਮਤਦਾਨ ਲਈ ਅਪੀਲ ਨਹੀਂ ਕੀਤੀ ਜਾ ਸਕਦੀ।ਸੰਦੀਪ ਕੁਮਾਰ ਨੇ ਕਿਹਾ ਜਨਤਕ ਸੰਪਤੀ ਤੇ ਸਿਆਸੀ ਇਸ਼ਤਿਹਾਰਬਾਜ਼ੀ ਨਹੀਂ ਕੀਤੀ ਜਾ ਸਕਦੀ। ਕਿਸੇ ਵੀ ਪ੍ਰਕਾਰ ਦੇ ਪੈਂਫਲਟ, ਪੋਸਟਰ, ਬੈਨਰ, ਫਲੈਕਸ ਨੂੰ ਛਪਾਉਂਦੇ ਸਮੇਂ ਉਸ ਤੇ ਪ੍ਰਿੰਟਰ ਅਤੇ ਪਬਲਿਸ਼ਰ ਦਾ ਨਾਂ ਲਿਖਿਆ ਹੋਣਾ ਲਾਜ਼ਮੀ ਹੈ। ਡਿਫੇਸਮੈਂਟ ਆਫ ਪ੍ਰਾਪਰਟੀ ਐਕਟ ਤਹਿਤ ਸਰਕਾਰੀ ਥਾਂ ਤੇ ਕੋਈ ਵੀ ਸਿਆਸੀ ਇਸ਼ਤਿਹਾਰ ਨਹੀਂ ਲਗਾਇਆ ਜਾ ਸਕਦਾ ਅਤੇ ਪ੍ਰਾਈਵੇਟ ਵਿਅਕਤੀ ਦੇ ਥਾਂ ‘ਤੇ ਵੀ ਉਸਦੀ ਸਹਿਮਤੀ ਤੋਂ ਬਿਨਾਂ ਕੋਈ ਸਿਆਸੀ ਇਸਤਿਹਾਰ ਜਾਂ ਝੰਡਾ ਨਹੀਂ ਲਗਾਇਆ ਜਾ ਸਕਦਾ। ਇਸ ਤੋਂ ਇਲਾਵਾ ਉਨਾ ਕਿਹਾ ਕਿ ਰਾਜਨੀਤਕ ਪਾਰਟੀਆਂ ਵੱਲੋਂ ਸੁਵਿਧਾ ਐਪਲੀਕੇਸ਼ਨ ਰਾਹੀ ਅਪਲਾਈ ਕਰਕੇ ਚੋਣਾਂ ਸਬੰਧੀ ਮਨਜ਼ੂਰੀਆਂ ਆਨਲਾਈਨ ਵੀ ਲਈਆਂ ਜਾ ਸਕਦੀਆਂ ਹਨ।

ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਵਿੱਚ ਜਾਨਵਰਾਂ ਦੀ ਵਰਤੋਂ ਕਰਨ ਤੋਂ ਵਰਜਿਆ ਗਿਆ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਪ੍ਰਚਾਰ ਦੇ ਕਾਰਜਾਂ ਵਿੱਚ ਬਾਲ ਮਜ਼ਦੂਰੀ ਨਹੀਂ ਕਰਵਾਈ ਜਾ ਸਕਦੀ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜੇਕਰ ਕੋਈ ਵੀ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਰੇਗਾ ਉਸਦੇ ਖਿਲਾਫ ਆਦਰਸ਼ ਚੋਣ ਜਾਬਤੇ ਦੀਆਂ ਹਦਾਇਤਾਂ ਅਨੁਸਾਰ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here