ਖਡੂਰ ਸਾਹਿਬ,28 ਅਪ੍ਰੈਲ (ਭਗਵਾਨ ਭੰਗੂ) : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ.ਦਲਬੀਰ ਸਿੰਘ ਜਹਾਂਗੀਰ ਦੀਆਂ ਪਾਰਟੀ ਪ੍ਰਤੀ ਸ਼ਲਾਘਾਯੋਗ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਪਾਰਟੀ ਦੇ ਮੁੱਖ ਬੁਲਾਰੇ ਅਤੇ ਸਾਬਕਾ ਮੰਤਰੀ ਡਾ.ਦਲਜੀਤ ਸਿੰਘ ਚੀਮਾ ਵਲੋਂ ਦਲਬੀਰ ਸਿੰਘ ਜਹਾਂਗੀਰ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਨਵੀਂ ਮਿਲੀ ਜ਼ਿੰਮੇਵਾਰੀ ਦੀ ਵਧਾਈ ਦਿੰਦੇ ਹੋਏ ਹੋਏ ਪਾਰਟੀ ਦੀ ਮਜ਼ਬੂਤੀ ਲਈ ਹੋਰ ਜ਼ਿਆਦਾ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ।ਜ਼ਿਕਰਯੋਗ ਹੈ ਕਿ ਦਲਬੀਰ ਸਿੰਘ ਜਹਾਂਗੀਰ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਵਿੱਚ ਕਈ ਅਹੁਦਿਆਂ ‘ਤੇ ਰਹਿ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਆ ਰਹੇ ਹਨ। ਦਲਬੀਰ ਸਿੰਘ ਜਹਾਂਗੀਰ ਨੇ ਆਪਣੀ ਇਸ ਨਵੀਂ ਨਿਯੁਕਤੀ ‘ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ,ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਸਮੇਤ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ‘ਤੇ ਵਿਸ਼ਵਾਸ ਪ੍ਰਗਟ ਕਰਦੇ ਹੋਏ ਜ਼ੋ ਮਾਣ ਬਖਸ਼ਿਆ ਗਿਆ ਹੈ ਉਹ ਉਸਨੂੰ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਲੋਕ ਹਿੱਤਾਂ ਲਈ ਕੀਤੇ ਜਾ ਰਹੇ ਕੰਮਾਂ ਅਤੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਲੈਕੇ ਜਾਣਗੇ।ਸ..ਦਲਬੀਰ ਸਿੰਘ ਜਹਾਂਗੀਰ ਨੇ ਇਹ ਵੀ ਕਿਹਾ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਵਲੋਂ ਬਣਾਏ ਗਏ ਉਮੀਦਵਾਰ ਸ.ਵਿਰਸਾ ਸਿੰਘ ਵਲਟੋਹਾ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਪਾਰਟੀ ਵਰਕਰਾਂ ਨਾਲ ਲਗਾਤਾਰ ਤਾਲਮੇਲ ਰੱਖਿਆ ਜਾਵੇਗਾ ਅਤੇ ਇਹ ਸੀਟ ਜਿੱਤ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਝੋਲੀ ਵਿੱਚ ਪਾਈ ਜਾਵੇਗੀ।