ਤਰਨ ਤਾਰਨ, 28 ਅਪ੍ਰੈਲ (ਰਾਜੇਸ਼ ਜੈਨ – ਰਾਜਨ ਜੈਨ) : ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਪਿਛਲੇ ਦਿਨਾਂ ਤੋਂ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਫਸਲ ਦੀ ਖਰੀਦ ਨਾਲੋਂ-ਨਾਲ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਆਵੇ।ਇਸ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ 27 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 5,00,888 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 4,66,211 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਫਸਲ ਦੀ 699 ਕਰੋੜ 89 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਖਰੀਦੀ ਗਈ ਫਸਲ ਦੀ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਕਰਨੀ ਯਕੀਨੀ ਬਣਾਈ ਜਾ ਰਹੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਫਸਲ ਦੀ ਆਮਦ ਵਿੱਚ ਆਈ ਰਫ਼ਤਾਰ ਦੇ ਮੱਦੇਨਜ਼ਰ ਹੁਣ ਤੱਕ ਖਰੀਦੀ ਜਾ ਚੁੱਕੀ ਕਣਕ ਦੀ ਮੰਡੀਆਂ ਵਿੱਚੋਂ ਚੁਕਾਈ ਕਰਨ ਵਿੱਚ ਹੋਰ ਤੇਜ਼ੀ ਲਿਆਂਦੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਮੰਡੀਆਂ ਵਿੱਚ ਰੱਖਣ ਵਿੱਚ ਕੋਈ ਦਿੱਕਤ ਨਾ ਆਵੇ।ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਖਰੀਦੀ ਗਈ ਕਣਕ ਵਿੱਚੋਂ 98,329 ਮੀਟਿਰਕਿ ਟਨ ਕਣਕ ਦੀ ਚੁਕਾਈ ਕੀਤੀ ਗਈ ਹੈ ਅਤੇ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਖਰੀਦੀ ਗਈ ਕਣਕ ਦੀਆਂ ਮੰਡੀਆਂ ਵਿੱਚੋਂ ਨਾਲੋਂ-ਨਾਲ ਚੁਕਾਈ ਕਰਨੀ ਯਕੀਨੀ ਬਣਾਈ ਜਾਵੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਉਹਨਾਂ ਦੱਸਿਆ ਕਿ 27 ਅਪ੍ਰੈਲ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚੋਂ ਪਨਗਰੇਨ ਵੱਲੋਂ 1,49,990 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,28,408 ਮੀਟ੍ਰਿਕ ਟਨ, ਪਨਸਪ ਵੱਲੋਂ 1,00,368 ਮੀਟ੍ਰਿਕ ਟਨ ਅਤੇ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 66,508 ਮੀਟ੍ਰਿਕ ਟਨ, ਐੱਫ਼. ਸੀ. ਆਈ. ਵੱਲੋਂ 16,523 ਮੀਟਰਿਕ ਟਨ ਅਤੇ ਵਪਾਰੀਆਂ ਵੱਲ਼ੋਂ 4414 ਮੀਟਿਰਕਿ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਦੇ ਆਦੇਸ਼ਾਂ ਅਨੁਸਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆਂ ਜਾਣਾ ਯਕੀਨੀ ਬਣਾਇਆ ਜਾਵੇਗਾ।ਉਹਨਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ ਅਤੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਲਗਾਤਾਰ ਮੰਡੀਆਂ ਦੇ ਦੌਰੇ ਕੀਤੇ ਜਾ ਰਹੇ ਹਨ ਤਾਂ ਜੋ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ।