ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਮਾਮਲੇ ‘ਚ ਇੱਕ ਹੋਰ ਗ੍ਰਿਫਤਾਰ
ਜਲੰਧਰ, 5 ਮਈ ( ਜਗਰੂਪ ਸੋਹੀ, ਲਿਕੇਸ਼ ਸ਼ਰਮਾਂ)-: ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ ਵਿੱਚ ਸ਼ਾਮਲ ਪੁਲਿਸ ਨੇ ਅੰਮ੍ਰਿਤਸਰ ਦੇ ਰਹਿਣ ਵਾਲੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸਵਰਨਦੀਪ ਸਿੰਘ ਵਾਸੀ ਪ੍ਰੀਤਮ ਐਨਕਲੇਵ, ਗੋਲਡਨ ਗੇਟ, ਅੰਮ੍ਰਿਤਸਰ ਵਜੋਂ ਹੋਈ ਹੈ। ਸੰਦੀਪ ਦੇ ਕਤਲ ਤੋਂ ਬਾਅਦ ਮੁਲਜ਼ਮ ਫਰਾਰ ਸੀ। ਕਤਲ ਦੇ ਛੇ ਮਹੀਨੇ ਬਾਅਦ ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਹੁਣ ਪੁਲਿਸ ਨੇ ਉਸ ਨੂੰ ਅੰਮ੍ਰਿਤਸਰ ਨੇੜਿਓਂ ਗ੍ਰਿਫਤਾਰ ਕਰ ਲਿਆ ਹੈ।
ਦੱਸਣਯੋਗ ਹੈ ਕਿ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ 14 ਮਾਰਚ 2022 ਨੂੰ ਨਕੋਦਰ ਦੇ ਪਿੰਡ ਮੱਲੀਆਂ ਵਿਖੇ 5 ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ।ਲਾਰੈਂਸ ਗੈਂਗ ਨਾਲ ਜੁੜੇ ਗੈਂਗਸਟਰ ਫਤਿਹ ਨੇ ਕਬੂਲ ਕੀਤਾ ਸੀ ਕਿ ਉਸ ਨੇ ਕੈਨੇਡਾ ਬੈਠੇ ਸਨੋਵਰ ਢਿੱਲੋਂ ਦੇ ਕਹਿਣ ‘ਤੇ ਅਮਿਤ ਡਾਗਰ, ਕੌਸ਼ਲ ਚੌਧਰੀ, ਜਗਜੀਤ ਸਿੰਘ, ਲੱਕੀ ਪਟਿਆਲ ਅਤੇ ਸੁੱਖਾ ਦੁੱਨੇਕੇ ਨਾਲ ਮਿਲ ਕੇ ਸ਼ੂਟਰਾਂ ਦਾ ਇੰਤਜ਼ਾਮ ਕੀਤਾ ਸੀ। ਦੁੱਨੇਕੇ ਦੇ ਇਸ਼ਾਰੇ ‘ਤੇ ਸਿਮਰਨਜੀਤ ਉਰਫ਼ ਜੁਝਾਰ ਨੇ ਅੰਮ੍ਰਿਤਸਰ ਦੇ ਪ੍ਰੀਤਮ ਇਨਕਲੇਵ ‘ਚ ਆਪਣੇ ਰਿਸ਼ਤੇਦਾਰ ਸਵਰਨ ਸਿੰਘ ਦੇ ਘਰ ਗੋਲੀਬਾਰੀ ਕਰਨ ਵਾਲਿਆਂ ਨੂੰ ਲੁਕਣ ਲਈ ਜਗ੍ਹਾ ਮੁਹੱਈਆ ਕਰਵਾਈ। ਪੁਲਿਸ ਨੇ ਸਵਰਨ ਦੇ ਘਰੋਂ 18 ਜਿੰਦਾ ਕਾਰਤੂਸ ਅਤੇ 12 ਬੋਰ ਦੀ ਰਾਈਫਲ ਬਰਾਮਦ ਕੀਤੀ ਸੀ। ਸਵਰਨ ਸਿੰਘ ਨੂੰ ਵੀ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਸੀ।