ਜਗਰਾਓਂ, 7 ਮਈ ( ਜਗਰੂਪ ਸੋਹੀ )-ਕੁਝ ਦਿਨ ਪਹਿਲਾਂ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਪਿੰਡ ਬੋਦਲਵਾਲਾ ਦੀ ਸ਼ਹਿਰੀ ਆਬਾਦੀ ਦੇ ਵਸਨੀਕ ਕਾਂਗਰਸ ਵਰਕਿੰਗ ਕਮੇਟੀ ਦੇ ਪ੍ਰਧਾਨ ਪ੍ਰਦੀਪ ਸਿੰਘ ਸੇਖੋਂ ਨੇ ਦੋਸ਼ ਲਾਇਆ ਕਿ ਕਾਂਗਰਸ ਵਿੱਚ ਮਿਹਨਤੀ ਵਰਕਰਾਂ ਦਾ ਕੋਈ ਸਨਮਾਨ ਨਹੀਂ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਕਾਂਗਰਸ ਪਾਰਟੀ ਲਈ ਸਖ਼ਤ ਮਿਹਨਤ ਅਤੇ ਲਗਨ ਨਾਲ ਜਗਰਾਉਂ ਦੇ ਆਪਣੇ ਇਲਾਕੇ ਦੇ ਪਿੰਡਾਂ ਵਿਚੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੂੰ ਵੱਡੇ ਅੰਤਰ ਤੇ ਜਿਤਾਇਆ। ਪਰ ਉਸ ਤੋਂ ਬਾਅਦ ਜੱਗਾ ਨੇ ਧੰਨਵਾਦ ਕਰਨ ਦੀ ਲੋੜ ਵੀ ਨਹੀਂ ਸਮਝੀ, ਉਨ੍ਹਾਂ ਨਾਲ ਕਿਸੇ ਕਿਸਮ ਦਾ ਰਾਬਤਾ ਕਾਇਮ ਰੱਖਣਾ ਤਾਂ ਦੂਰ ਦੀ ਗੱਲ ਹੈ। ਸੋਖੋਂ ਨੇ ਕਿਹਾ ਕਿ ਸਾਡੇ ਇਲਾਕੇ ਦਾ ਵਿਕਾਸ ਅਜੇ ਵੀ ਰੁਕਿਆ ਹੋਇਆ ਹੈ। ਇਸ ਲਈ ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਸੀ। ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਦੇ ਵਿਕਾਸ ਦੀ ਆਸ ਨਾਲ ਆਪ ਵਿਚ ਸ਼ਾਮਲ ਹਏ ਹਨ ਅਤੇ ਉਨ੍ਹਾਂ ਨੂੰ ਆਪ ਵਿਚ ਵਿਧਾਇਕ ਸਰਬਜੀਤ ਕੌਰ ਮਾਣੂਕੇ ਦੀ ਅਗਵਾਈ ਹੇਠ ਪੂਰਾ ਮਾਣ ਸਤਿਕਾਰ ਦਿਤਾ ਜਾ ਰਿਹਾ ਹੈ ਅਤੇ ਜਲਦੀ ਹੀ ਇਲਾਕੇ ਦਾ ਵਿਕਾਸ ਕੰਮ ਵੀ ਸ਼ੁਰੂ ਕਰਵਾ ਦਿਤੇ ਜਾਣਗੇ।