13 ਮਈ ਨੂੰ ਫਿਰ ਹੋਵੇਗੀ ਸੁਣਵਾਈ
ਦਿੱਲੀ 8 ਮਈ ( ਰਾਜੇਸ਼ ਜੈਨ, ਭਗਵਾਨ ਭੰਗੂ)- ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਵਲੋਂ ਅਜੇ ਕੋਈ ਰਾਹਤ ਹਾਸਿਲ ਨਹੀਂ ਹੋਈ। ਸਿਸੋਦੀਆ ਵਲੋਂ ਪਾਈ ਪਟੀਸ਼ਨ ਤੇ ਹੁਣ ਸੁਣਵਾਈ 13 ਮਈ ਨੂੰ ਹੋਵੇਗੀ। ਜਿਕਰਯੋਗ ਹੈ ਕਿ ਸ਼ਰਾਬ ਨੀਤੀ ਮਾਮਲੇ ‘ਚ ਜੇਲ ‘ਚ ਬੰਦ ਸਾਬਕਾ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਦਿੱਲੀ ਹਾਈਕੋਰਟ ‘ਚ ਅੱਜ ਸੁਣਵਾਈ ਹੋਈ। ਅਦਾਲਤ ਨੇ ਸਿਸੋਦੀਆ ਦੀ ਪਟੀਸ਼ਨ ‘ਤੇ ਈਡੀ-ਸੀਬੀਆਈ ਨੂੰ ਆਪਣਾ ਜਵਾਬ ਦਾਖ਼ਲ ਕਰਨ ਲਈ 4 ਹੋਰ ਦਿਨਾਂ ਦਾ ਸਮਾਂ ਦਿੱਤਾ ਹੈ।
ਇਸ ਮਾਮਲੇ ਦੀ ਸੁਣਵਾਈ ਸੋਮਵਾਰ (13 ਮਈ) ਨੂੰ ਹੋਵੇਗੀ। 3 ਮਈ ਨੂੰ ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਈਡੀ-ਸੀਬੀਆਈ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਮੰਗਿਆ ਸੀ। ਉਸ ਨੂੰ ਹਫ਼ਤੇ ਵਿੱਚ ਇੱਕ ਵਾਰ ਆਪਣੀ ਬੀਮਾਰ ਪਤਨੀ ਸੀਮਾ ਨੂੰ ਮਿਲਣ ਦੀ ਇਜਾਜ਼ਤ ਵੀ ਦਿੱਤੀ ਗਈ ਸੀ।
ਹਾਈਕੋਰਟ ਤੋਂ ਪਹਿਲਾਂ ਸਿਸੋਦੀਆ ਨੇ ਦਿੱਲੀ ਦੀ ਰਾਉਸ ਐਵੇਨਿਊ ਕੋਰਟ ‘ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਸਿਸੋਦੀਆ ਦੇ ਵਕੀਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ ਉਨ੍ਹਾਂ ਨੂੰ 11 ਮਹੀਨਿਆਂ ਤੋਂ ਵੱਧ ਸਮੇਂ ਤੋਂ ਹਿਰਾਸਤ ਵਿੱਚ ਰੱਖਿਆ ਗਿਆ ਹੈ ਅਤੇ ਕਾਰਵਾਈ ਵਿੱਚ ਵੀ ਦੇਰੀ ਹੋ ਰਹੀ ਹੈ।
ਇਸ ‘ਤੇ ਸੀਬੀਆਈ ਨੇ ਕਿਹਾ ਸੀ ਕਿ ਕਿਸੇ ਵੀ ਦੋਸ਼ੀ ਨੂੰ ਉਦੋਂ ਤੱਕ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ ਜਦੋਂ ਤੱਕ ਇਹ ਸਾਬਤ ਨਹੀਂ ਹੋ ਜਾਂਦਾ ਕਿ ਉਸ ਦੇ ਭੱਜਣ ਦਾ ਖ਼ਤਰਾ ਨਹੀਂ ਹੈ। ਉਹ ਗਵਾਹਾਂ ਅਤੇ ਸਬੂਤਾਂ ਨਾਲ ਛੇੜਛਾੜ ਨਹੀਂ ਕਰੇਗਾ। ਦੋਵਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਪਟੀਸ਼ਨ ਰੱਦ ਕਰ ਦਿੱਤੀ।