ਚੰਡੀਗੜ੍ਹ, 10 ਮਈ ( ਵਿਕਾਸ ਮਠਾੜੂ) – ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣਾਂ ਲੜਨ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ 7 ਦਿਨਾਂ ਦੀ ਪੈਰੋਲ ਦੀ ਮੰਗ ਕੀਤੀ ਸੀ। ਪਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਸ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਹੈ ਕਿ ਅੰਮ੍ਰਿਤਪਾਲ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਸੰਭਾਲਣਗੇ। ਅਦਾਲਤ ਨੇ ਕਿਹਾ ਹੈ ਕਿ ਇਹ ਸਾਰੀ ਪ੍ਰਕਿਰਿਆ ਸੋਮਵਾਰ ਤੱਕ ਪੂਰੀ ਕਰ ਲਈ ਜਾਵੇ।
ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਨੇ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜਨ ਦਾ ਐਲਾਨ ਕੀਤਾ ਸੀ। ਅੰਮ੍ਰਿਤਪਾਲ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨੀ ਹੈ। ਉਨ੍ਹਾਂ ਨੇ ਹਾਈ ਕੋਰਟ ਤੋਂ ਚੋਣਾਂ ਵਿੱਚ ਨਾਮਜ਼ਦਗੀ ਦਾਖ਼ਲ ਕਰਨ ਲਈ ਆਰਜ਼ੀ ਰਿਹਾਈ ਦੀ ਮੰਗ ਕੀਤੀ ਸੀ। ਉਹ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਕਾਰਨ ਆਸਾਮ ਦੀ ਜੇਲ ‘ਚ ਬੰਦ ਹੈ। ਅੰਮ੍ਰਿਤਪਾਲ ਸਿੰਘ ਨੂੰ ਸਾਲ 2023 ਵਿੱਚ ਐਨਐਸਏ ਐਕਟ 1980 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।