ਤਰਨ ਤਾਰਨ, 10 ਮਈ (ਭਗਵਾਨ ਭੰਗੂ) : ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕ੍ਰਿਆ ਜਾਰੀ ਹੈ।ਸ਼ੁੱਕਰਵਾਰ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਚੌਥੇ ਦਿਨ 03 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫਸਰ ਲੋਕ ਸਭਾ ਹਲਕਾ ਖਡੂਰ ਸਾਹਿਬ-ਕਮ-ਡਿਪਟੀ ਕਮਿਸ਼ਨਰ, ਤਰਨ ਤਾਰਨ ਸੰਦੀਪ ਕੁਮਾਰ ਨੇ ਦੱਸਿਆ ਕਿ ਅੱਜ ਸ੍ਰੀ ਗੁਰਦਿਆਲ ਸਿੰਘ ਵੱਲੋਂ ਭਾਰਤੀ ਕਮਿਊਨਿਸਟ ਪਾਰਟੀ ਦੇ ਉਮੀਦਵਾਰ ਵਜੋਂ,ਅੰਮ੍ਰਿਤਪਾਲ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ ਅਤੇ ਮਨਜੀਤ ਸਿੰਘ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।ਰਿਟਰਨਿੰਗ ਅਫਸਰ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 14 ਮਈ, 2024 (ਮੰਗਲਵਾਰ) ਹੈ।ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ (ਬੁੱਧਵਾਰ) ਨੂੰ ਹੋਵੇਗੀ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ। ਉਹਨਾਂ ਦੱਸਿਆ ਕਿ 13 ਅਤੇ 14 ਮਈ, 2024 ਨੂੰ ਸਵੇਰੇ 11.00 ਵਜੇ ਤੋਂ ਸ਼ਾਮ 3.00 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ।ਉਨ੍ਹਾਂ ਅੱਗੇ ਦੱਸਿਆ ਕਿ 11 ਮਈ, 2024 ਨੂੰ ਦੂਜਾ ਸ਼ਨੀਵਾਰ ਅਤੇ 12 ਮਈ, 2024 ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਹੋਵੇਗੀ।ਇਸ ਲਈ ਇਨ੍ਹਾਂ ਦੋਵੇਂ ਦਿਨਾਂ ਦੌਰਾਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ।ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 1 ਜੂਨ, 2024 (ਸ਼ਨੀਵਾਰ) ਨੂੰ ਵੋਟਾਂ ਪੈਣਗੀਆਂ।ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦਾ ਸਮਾਂ ਸਵੇਰੇ 7:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੋਵੇਗਾ।ਪੰਜਾਬ ਸਮੇਤ ਦੇਸ਼ ਵਿੱਚ ਪਈਆਂ ਵੋਟਾਂ ਦੀ ਗਿਣਤੀ 4 ਜੂਨ, 2024 (ਮੰਗਲਵਾਰ) ਨੂੰ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਚੋਣਾਂ ਦੇ ਮੁਕੰਮਲ ਹੋਣ ਦੀ ਅੰਤਿਮ ਮਿਤੀ 06 ਜੂਨ, 2024 (ਵੀਰਵਾਰ) ਹੈ।