Home Punjab ਗਰਮੀ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਸਬੰਧੀ ਜਾਗਰੂਕਤਾ ਪੋਸਟਰ ਰਿਲੀਜ਼

ਗਰਮੀ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਸਬੰਧੀ ਜਾਗਰੂਕਤਾ ਪੋਸਟਰ ਰਿਲੀਜ਼

32
0


ਨਵਾਂਸ਼ਹਿਰ, 14 ਮਈ (ਲਿਕੇਸ਼ ਸ਼ਰਮਾ) : ਜ਼ਿਲ੍ਹਾ ਪ੍ਰਸ਼ਾਸਨ ਗਰਮੀ ਦੇ ਮੌਸਮ ਵਿੱਚ ਲਗਾਤਾਰ ਵਧ ਰਹੇ ਤਾਪਮਾਨ ਵਿੱਚ ਹੋਣ ਵਾਲੀਆਂ ਬਿਮਾਰੀਆਂ ਤੋੰ ਆਮ ਲੋਕਾਂ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਨਾਲ ਚੌਕਸ ਹੈ ਤੇ ਇਸਦੇ ਮੱਦੇਨਜ਼ਰ ਸੰਭਾਵੀ ਸਿਹਤ ਖਤਰਿਆਂ ਨਾਲ ਨਜਿੱਠਣ ਲਈ ਢੁੱਕਵੇਂ ਪ੍ਰਬੰਧ ਪਹਿਲਾਂ ਹੀ ਕਰ ਲਏ ਹਨ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਮੰਗਲਵਾਰ ਨੂੰ ਜ਼ਿਲ੍ਹਾ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਤੋਂ ਬਾਅਦ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਗਰਮੀ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਵੀ ਫੈਲਾ ਰਿਹਾ ਹੈ।ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਕੋਆਰਡੀਨੇਸ਼ਨ ਕਮੇਟੀ ਦੇ ਮੈਂਬਰਾਂ ਤੇ ਸਿਹਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਸੰਭਾਵੀ ਸਿਹਤ ਖਤਰਿਆਂ ਨਾਲ ਨਜਿੱਠਣ ਲਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾਏ ਤਾਂ ਜੋ ਪ੍ਰਭਾਵਿਤ ਲੋਕਾਂ ਲਈ ਤੁਰੰਤ ਡਾਕਟਰੀ ਸਹਾਇਤਾ ਯਕੀਨੀ ਬਣਾਈ ਜਾ ਸਕੇ।ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਢੁੱਕਵੀਂ ਮਾਤਰਾ ਵਿੱਚ ਓ.ਆਰ.ਐਸ. ਪੈਕੇਟਾਂ ਦੀ ਸਪਲਾਈ ਸਮੇਤ ਲੋੜੀਂਦੀਆਂ ਦਵਾਈਆਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾਏ। ਉਨ੍ਹਾਂ ਕਿਹਾ, “ਗਰਮੀ ਨਾਲ ਸਬੰਧਤ ਬਿਮਾਰੀਆਂ ਦੇ ਬਿਹਤਰ ਪ੍ਰਬੰਧਨ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਤੇ ਸਾਵਧਾਨੀਆਂ ਦੀ ਪਾਲਣਾ ਹਿੱਤ ਨਿਰੰਤਰ ਯਤਨ ਜਾਰੀ ਰੱਖੇ ਜਾਣ, ਕਿਉਂਕਿ ਢੁੱਕਵੇਂ ਕਦਮ ਪ੍ਰਭਾਵਸ਼ਾਲੀ ਪ੍ਰਬੰਧਨ ਵੱਲ ਲੈ ਜਾਂਦੇ ਹਨ। ਉਨ੍ਹਾਂ ਕਿਹਾ, “ਸਾਵਧਾਨੀਆਂ ਤੇ ਉਪਾਵਾਂ ਬਾਰੇ ਲੋਕਾਂ ਵਿੱਚ ਸਮੇਂ ਸਿਰ ਅਤੇ ਵਿਆਪਕ ਜਾਗਰੂਕਤਾ ਅਜਿਹੀ ਗਰਮੀ ਦੇ ਗੰਭੀਰ ਪ੍ਰਭਾਵ ਨੂੰ ਘਟਾਉਣ ਵਿੱਚ ਬਹੁਤ ਸਹਾਇਤਾ ਕਰੇਗੀ।ਇਸ ਸਬੰਧੀ ਸਿਵਲ ਸਰਜਨ ਡਾ ਜਸਪ੍ਰੀਤ ਕੌਰ ਨੇ ਦੱਸਿਆ ਕਿ ਲਗਾਤਾਰ ਵੱਧ ਰਿਹਾ ਤਾਪਮਾਨ ਸਰੀਰ ਦੀ ਤਾਪਮਾਨ ਨਿਯਮ ਪ੍ਰਣਾਲੀ ਨੂੰ ਵਿਗਾੜ ਦਿੰਦਾ ਹੈ ਅਤੇ ਗਰਮੀ ਨਾਲ ਸੰਬਧਿਤ ਬਿਮਾਰੀਆਂ ਦਾ ਕਾਰਨ ਬਣਦਾ ਹੈ। ਉਨ੍ਹਾਂ ਕਿਹਾ ਕਿ ਛੋਟੇ ਬੱਚਿਆਂ, ਗਰਭਵਤੀ ਔਰਤਾਂ, ਮੋਟਾਪੇ ਤੋਂ ਪੀੜਤ ਲੋਕਾਂ, ਬਿਰਧਾਂ, ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਗਰਮੀ ਦੇ ਮੌਸਮ ਵਿੱਚ ਵਧੇਰੇ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ।ਉਨ੍ਹਾਂ ਕਿਹਾ ਕਿ ਗਰਮੀ ਤੋਂ ਬਚਣ ਲਈ ਦੁਪਹਿਰ 11 ਵਜੇ ਤੋਂ 4 ਵਜੇ ਤੱਕ ਧੁੱਪ ਵਿੱਚ ਨਾ ਨਿਕਲਿਆ ਜਾਵੇ, ਹਰ ਅੱਧੇ ਘੰਟੇ ਬਾਅਦ ਪਾਣੀ ਪੀਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਾਹਰ ਜਾਣ ਸਮੇਂ ਹਲਕੇ ਰੰਗ ਦੇ ਪੂਰੇ ਸਰੀਰ ਨੂੰ ਢਕਣ ਵਾਲੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ, ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਢੱਕਣ ਲਈ ਛੱਤਰੀ, ਟੋਪੀ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ ਅਤੇ ਨੰਗੇ ਪੈਰ ਧੁੱਪ ਵਿੱਚ ਨਾ ਜਾਇਆ ਜਾਵੇ। ਉਨ੍ਹਾਂ ਕਿਹਾ ਕਿ ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਖਰਬੂਜਾ, ਸੰਤਰਾ, ਅੰਗੂਰ, ਖੀਰੇ, ਟਮਾਟਰ, ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ, ਕਿਉਂਕਿ ਇਨ੍ਹਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਿਗਰਟ, ਤੰਬਾਕੂ, ਬੀੜੀ ਅਤੇ ਸ਼ਰਾਬ ਦੀ ਵਰਤੋਂ ਨਾ ਕੀਤੀ ਜਾਵੇ। ਚਾਹ, ਕੌਫੀ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ, ਤਲੇ, ਬਾਹਰਲੇ ਅਤੇ ਬਾਸੀ ਖਾਣੇ ਤੋਂ ਪ੍ਰਹੇਜ ਕੀਤਾ ਜਾਵੇ।ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਦੁਆਰਾ ਦੱਸੀਆਂ ਗਈਆਂ ਲੋੜੀਂਦੀਆਂ ਸਾਵਧਾਨੀਆਂ ਦੀ ਸੁਹਿਰਦਤਾ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ।ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ ਨੇ ਗਰਮੀ ਸਬੰਧਤ ਬਿਮਾਰੀਆਂ ਦੇ ਲੱਛਣਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੇਹੋਸ਼ੀ, ਮਾਸਪੇਸ਼ੀਆਂ ਵਿੱਚ ਜਕੜਣ, ਚਿੜਚਿੜਾਪਣ, ਸਿਰ ਦਰਦ, ਜ਼ਿਆਦਾ ਪਸੀਨਾ ਆਉਣਾ, ਚੱਕਰ ਆਉਣਾ, ਜੀਅ ਮਤਲਾਉਣਾ, ਉਲਟੀ ਆਉਣਾ, ਸਾਹ ਅਤੇ ਦਿਲ ਦੀ ਧੜਕਣ ਦਾ ਤੇਜ਼ ਹੋਣਾ, ਸਰੀਰ ਦਾ ਤਾਪਮਾਨ ਜ਼ਿਆਦਾ ਰਹਿਣਾ ਆਦਿ ਗਰਮੀ ਜਾਂ ਲੂ ਲੱਗਣ ਦੀਆਂ ਨਿਸ਼ਾਨੀਆਂ ਹੋ ਸਕਦੀਆਂ ਹਨ। ਜੇਕਰ ਅਜਿਹਾ ਕੋਈ ਲੱਛਣ ਨਜ਼ਰ ਆਉਂਦਾ ਹੈ ਤਾਂ ਮੁੱਢਲੀ ਸਹਾਇਤਾ ਹਿੱਤ ਵਿਅਕਤੀ ਨੂੰ ਘਰ ਅੰਦਰ ਛਾਂ ਵਿੱਚ ਲੈ ਜਾਓ, ਉਸਦੇ ਸਰੀਰ ਦੇ ਸਾਰੇ ਕੱਪੜੇ ਢਿੱਲੇ ਕਰ ਦਿਓ, ਪੈਰਾਂ ਨੂੰ ਥੋੜਾ ਉੱਪਰ ਕਰਕੇ ਲਿਟਾਓ, ਪੱਖੇ ਦੀ ਵਰਤੋਂ ਨਾਲ ਹਵਾ ਥੋੜੀ ਤੇਜ਼ ਕਰੋ, ਪਾਣੀ ਨਾਲ ਸਪੰਜ ਕਰੋ, ਜੇਕਰ ਵਿਅਕਤੀ ਥੋੜਾ ਚੁਸਤ ਹੈ ਤਾਂ ਉਸ ਨੂੰ ਠੰਡਾ ਪਾਣੀ ਪਿਲਾਓ, ਜੇਕਰ ਉਲਟੀਆਂ ਆ ਰਹੀਆਂ ਹਨ ਤਾਂ ਉਸ ਨੂੰ ਕਰਵਟ ਦੇ ਕੇ ਲਿਟਾਓ।ਇਸ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਤੇ ਸਿਵਲ ਸਰਜਨ ਡਾ ਜਸਪ੍ਰੀਤ ਕੌਰ ਨੇ ਗਰਮੀ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਸਬੰਧੀ ਜਾਗਰੂਕਤਾ ਪੋਸਟਰ ਵੀ ਰਿਲੀਜ਼ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਸਿਵਲ ਸਰਜਨ ਡਾ. ਬਲਬੀਰ ਕੁਮਾਰ ਤੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਲਜੀਤ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here