Home Punjab ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਤੇ ਤਿੱਖੀ ਨਜ਼ਰ...

ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਤੇ ਤਿੱਖੀ ਨਜ਼ਰ ਰੱਖੀ ਜਾਵੇ: ਚੋਣ ਨਿਗਰਾਨ

28
0


ਅੰਮ੍ਰਿਤਸਰ 14 ਮਈ (ਲਿਕੇਸ਼ ਸ਼ਰਮਾ – ਅਸ਼ਵਨੀ) : ਅਗਾਮੀ ਲੋਕ ਸਭਾ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਅੰਮ੍ਰਿਤਸਰ ਲਈ ਨਿਯੁਕਤ ਕੀਤੇ ਗਏ ਚੋਣ ਨਿਗਰਾਨ ਜਨਰਲ ਸ਼੍ਰੀ ਏ ਰਾਧਾਬਿਨੋਦ ਸ਼ਰਮਾ ਆਈ.ਏ.ਐਸ., ਪੁਲਿਸ ਨਿਗਰਾਨ ਸ਼ਵੇਤਾ ਸ੍ਰੀਮਲੀ (ਆਈ.ਪੀ.ਐਸ.) ਅਤੇ ਖਰਚਾ ਨਿਗਰਾਨ ਸ੍ਰੀ ਬਾਰੇ ਗਨੇਸ਼ ਸੁਧਾਕਰ ਆਈ.ਆਰ.ਐਸ. ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਸਭਾ ਹਲਕੇ ਅਧੀਨ ਪੈਂਦੇ 09 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਅਤੇ ਸਹਾਇਕ ਖਰਚਾ ਅਬਜ਼ਰਬਰਾਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਚੋਣਾਂ ਦੌਰਾਨ ਉਮੀਦਵਾਰ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਬਾਰੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਖਰਚਾ ਨਿਗਰਾਨ ਸ਼੍ਰੀ ਏ ਰਾਧਾਬਿਨੋਦ ਸ਼ਰਮਾ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਮੁਕੰਮਲ ਕਰਵਾਉਣ ਲਈ ਸਮੇਂ-ਸਮੇਂ ਤੇ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ-ਬਿੰਨ ਰੂਪ ਵਿੱਚ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਨਿਰਧਾਰਤ ਕੀਤੇ ਗਏ ਖਰਚੇ ਸਬੰਧੀ ਪੂਰੀ ਚੌਕਸੀ ਵਰਤੀ ਜਾਵੇ ਅਤੇ ਉਮੀਦਵਾਰ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਤੇ ਤਿੱਖੀ ਨਜ਼ਰ ਰੱਖੀ ਜਾਵੇ ਅਤੇ ਉਮੀਦਵਾਰਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਚੋਣ ਰੈਲੀਆਂ ਤੇ ਹੋਰ ਜਨਤਕ ਸਮਾਗਮਾਂ ਦੀ ਮੁਕੰਮਲ ਵੀਡੀਓਗ੍ਰਾਫੀ ਕਰਵਾਈ ਜਾਵੇ ਤਾਂ ਜੋ ਕੀਤੇ ਜਾਣ ਵਾਲੇ ਖਰਚੇ ਦਾ ਪੂਰਾ ਰਿਕਾਰਡ ਰੱਖਿਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਲੋਕ ਸਭਾ ਚੋਣਾਂ ਦਾ ਅਵਸਰ ਇੱਕ ਤਿਓਹਾਰ ਵਾਂਗ ਹੈ ਅਤੇ ਸਾਨੂੰ ਸਾਰਿਆਂ ਨੂੰ ਆਪਸ ਵਿੱਚ ਰਲ ਮਿਲ ਕੇ ਇਸ ਨੂੰ ਮੁਕੰਮਲ ਕਰਨਾ ਚਾਹੀਦਾ ਹੈ, ਪਰ ਇਸ ਵਿੱਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਨਹੀਂ ਵਰਤੀ ਜਾ ਸਕਦੀ।
ਉਨਾਂ ਨੇ ਸਮੂਹ ਚੋਣ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਚੋਣਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ 30 ਮਿੰਟ ਵਿੱਚ ਨਿਪਟਾਰਾ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜ਼ੋ ਲੋਕ ਸਭਾ ਚੋਣਾਂ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜੀਆਂ ਜਾ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰੋਜ਼ਾਨਾਂ ਭੇਜੀਆਂ ਜਾਣ ਵਾਲੀਆਂ ਰਿਪੋਰਟਾਂ ਸਮੇਂ ਸਿਰ ਭੇਜਣੀਆਂ ਯਕੀਨੀ ਬਣਾਈਆਂ ਜਾਣ ਤਾਂ ਜੋ ਉਨ੍ਹਾਂ ਰਿਪੋਰਟਾਂ ਤੇ ਅਗਲੇਰੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਨਾਗਰਿਕ ਚੋਣਾਂ ਸਬੰਧੀ ਕਿਸੇ ਕਿਸਮ ਦੀ ਕੋਈ ਸ਼ਿਕਾਇਤ ਕਰਦਾ ਹੈ ਤਾਂ ਉਸ ਦਾ ਢੁਕਵਾਂ ਸਬੂਤ ਵੀ ਹਾਸਲ ਕੀਤਾ ਜਾਵੇ।
ਸ਼੍ਰੀ ਬਾਰੇ ਗਨੇਸ਼ ਸੁਧਾਕਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਚੋਣ ਖਰਚੇ ਤੇ ਨਜ਼ਰ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਗਠਿਤ ਕੀਤੀਆਂ ਗਈਆਂ ਨਿਗਰਾਨ ਕਮੇਟੀਆਂ ਤੇ ਓਡਨ ਦਸਤਿਆਂ ਨੂੰ ਮੁਕੰਮਲ ਸਾਜੋ ਸਮਾਨ ਨਾਲ ਹਰ ਸਮੇਂ ਲੈੱਸ ਰੱਖਿਆ ਜਾਵੇ ਤਾਂ ਜੋ ਲੋੜ ਪੈਣ ਤੇ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਇਹ ਵੀ ਕਿਹਾ ਕਿ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਚੋਣ ਜਲਸਿਆਂ, ਰੈਲੀਆਂ ਤੇ ਨੁਕੜ ਮੀਟਿੰਗਾਂ ਆਦਿ ਦੀ ਵੀਡੀਓਗ੍ਰਾਫੀ ਕਰਵਾਉਣ ਬਾਰੇ ਵੀ ਜਾਗਰੂਕ ਕੀਤਾ ਜਾਵੇ।ਇਸ ਮੌਕੇ ਪੁਲਿਸ ਨਿਗਰਾਨ ਸ਼ਵੇਤਾ ਸ੍ਰੀਮਲੀ (ਆਈ.ਪੀ.ਐਸ.) ਨੇ ਪੁਲਿਸ ਅਧਿਕਾਰੀਆਂ ਨਾਲ ਸੁਰੱਖਿਆ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਅਤੇ ਹੁਣ ਤੱਕ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਕੀਤੇ ਗਏ ਪ੍ਰਬੰਧਾਂ ਦਾ ਬਿਓਰਾ ਸਾਂਝਾ ਕਰਦੇ ਹੋਏ ਚੋਣਾਂ ਅਮਨ ਅਤੇ ਸ਼ਾਤੀ ਨਾਲ ਕਰਵਾਉਣ ਦਾ ਭਰੋਸਾ ਦਿੱਤਾ।ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਸਤਿੰਦਰ ਸਿੰਘ ਨੇ ਜਿਲ੍ਹੇ ਵਿੱਚ ਚੋਣਾਂ ਨੂੰ ਲੈ ਕੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦੇ ਵੇਰਵਾ ਚੋਣ ਨਿਗਰਾਨਾਂ ਨਾਲ ਸਾਂਝਾ ਕੀਤਾ।

LEAVE A REPLY

Please enter your comment!
Please enter your name here