ਜਗਰਾਓਂ, 17 ਮਈ ( ਅਸ਼ਵਨੀ )-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਐਸਸੀ/ਬੀਸੀ ਵੈਲਫੇਅਰ ਕੌਂਸਲ ਪੰਜਾਬ ਦੇ ਪ੍ਰਧਾਨ ਦਰਸ਼ਨ ਸਿੰਘ ਦੇਸ਼ ਭਗਤ ਨੇ ਪ੍ਰੈਸ ਬਿਆਨ ਵਿੱਚ ਕਿਹਾ ਕਿ ਜੇਕਰ ਮੋਦੀ-ਸ਼ਾਹ ਦੁਬਾਰਾ ਸੱਤਾ ਵਿੱਚ ਆਉਂਦੇ ਹਨ ਤਾਂ ਗਰੀਬਾਂ, ਦਲਿਤਾਂ ਅਤੇ ਆਦਿਵਾਸੀਆਂ ਨਾਲ ਪਹਿਲਾਂ ਵਾਂਗ ਗੁਲਾਮਾਂ ਵਾਲਾ ਸਲੂਕ ਹੋਣਾ ਸ਼ੁਰੂ ਹੋ ਜਾਵੇਗਾ। ਉਨ੍ਹਾਂ ਲੁਧਿਆਣਾ ਲੋਕ ਸਭਾ ਹਲਕੇ ਤੋਂ ਇਲਾਵਾ ਸਮੁੱਚੇ ਪੰਜਾਬ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਇਸ ਵਾਰ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਹੀ ਵੋਟ ਪਾਉਣ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਪਹਿਲਾਂ ਗਰੀਬਾਂ, ਦਲਿਤਾਂ ਅਤੇ ਆਦਿਵਾਸੀਆਂ ਨਾਲ ਗੁਲਾਮਾਂ ਵਰਗਾ ਸਲੂਕ ਕੀਤਾ ਜਾਂਦਾ ਸੀ। ਡਾ: ਭੀਮ ਰਾਓ ਅੰਬੇਡਕਰ ਦੀ ਬਦੌਲਤ ਹੀ ਅਸੀਂ ਆਪਣੇ ਹੱਕਾਂ ਦੀ ਪ੍ਰਾਪਤੀ ਵਿੱਚ ਕਾਮਯਾਬ ਹੋਏ ਹਾਂ। ਜੇਕਰ ਇਸ ਵਾਰ ਮੋਦੀ-ਸ਼ਾਹ ਨੂੰ ਤੀਸਰਾ ਕਾਰਜਕਾਲ ਦਿੱਤਾ ਗਿਆ ਤਾਂ ਉਹੀ ਸਥਿਤੀ ਮੁੜ ਦੁਹਰਾਈ ਜਾਵੇਗੀ ਅਤੇ ਅਸੀਂ ਸਾਰੇ ਗੁਲਾਮ ਵਰਗੀ ਜ਼ਿੰਦਗੀ ਜਿਊਣ ਲਈ ਮਜਬੂਰ ਹੋ ਜਾਵਾਂਗੇ ਕਿਉਂਕਿ ਇਸ ਵਾਰ ਭਾਜਪਾ ਦੇਸ਼ ਦੇ ਸੰਵਿਧਾਨ ਨੂੰ ਆਪਣੀ ਮਰਜ਼ੀ ਅਨੁਸਾਰ ਬਦਲਣ ਦੀ ਸੋਚ ਲੈ ਕੇ ਚੱਲ ਰਹੀ ਹੈ। ਦੇਸ਼ ਭਗਤ ਨੇ ਕਿਹਾ ਕਿ ਸਮੁੱਚੇ ਐਸਸੀ/ਬੀਸੀ ਵਰਗ ਨੂੰ ਆਪਣੇ ਹੱਕਾਂ ਦੀ ਰਾਖੀ ਅਤੇ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੇ ਸੁਪਨਿਆਂ ਨੂੰ ਪੂਰਾ ਕਰਨ ਅਤੇ ਸੰਵਿਧਾਨ ਨੂੰ ਬਚਾਉਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਹੀ ਵੋਟ ਪਾਉਣ।