ਸੰਗਰੂਰ, 19 ਮਈ,(ਭਗਵਾਨ ਭੰਗੂ) : ਭਾਰਤੀ ਚੋਣ ਕਮਿਸ਼ਨ ਵੱਲੋ ਤਾਇਨਾਤ ਜਨਰਲ ਆਬਜ਼ਰਵਰ ਦਿਨੇਸ਼ਨ ਐਚ. ਨੇ ਅੱਜ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਚੋਣ ਅਮਲੇ ਦੀ ਦੂਜੀ ਰਿਹਰਸਲ ਮੌਕੇ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਮੁੱਚੇ ਚੋਣ ਅਮਲ ਨੂੰ ਪੂਰੀ ਤਨਦੇਹੀ ਤੇ ਆਪਸੀ ਮਿਲਵਰਤਨ ਦੀ ਭਾਵਨਾ ਨਾਲ ਨੇਪਰੇ ਚੜ੍ਹਾਇਆ ਜਾਵੇ। ਉਨ੍ਹਾਂ ਕਿਹਾ ਕਿ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਅਤੇ 4 ਜੂਨ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਹਰ ਪ੍ਰਬੰਧ ਨੂੰ ਸਮੇਂ ਸਿਰ ਯਕੀਨੀ ਬਣਾਇਆ ਜਾਵੇ।ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੇ ਸਬੰਧਤ ਚੋਣ ਅਮਲੇ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਆਪਸੀ ਤਾਲਮੇਲ ਨਾਲ ਨਿਭਾਉਣ ਦੀ ਹਦਾਇਤ ਕੀਤੀ। ਦੂਜੀ ਰਿਹਰਸਲ ਦੌਰਾਨ ਪ੍ਰੀਜਾਈਡਿੰਗ ਅਧਿਕਾਰੀਆਂ, ਸਹਾਇਕ ਪ੍ਰੀਜਾਈਡਿੰਗ ਅਧਿਕਾਰੀਆਂ ਅਤੇ ਪੋਲਿੰਗ ਅਫਸਰਾਂ ਨੂੰ ਮਾਸਟਰ ਟਰੇਨਰਾਂ ਵੱਲੋਂ ਵੋਟਿੰਗ ਪ੍ਰਕਿਰਿਆ ਦੀਆਂ ਬਾਰੀਕੀਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਪੋਸਟਲ ਬੈਲੇਟ ਅਤੇ ਈ.ਡੀ.ਸੀ ਬਾਰੇ ਵੀ ਵਿਸਥਾਰ ਵਿੱਚ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਚੋਣ ਡਿਉਟੀ ‘ਤੇ ਸੇਵਾਵਾਂ ਨਿਭਾਅ ਰਹੇ ਅਮਲੇ ਦਾ ਮਤਦਾਨ ਪੋਸਟਲ ਬੈਲੇਟ ਅਤੇ ਈ.ਡੀ.ਸੀ ਰਾਹੀਂ ਕਰਵਾਉਣ ਲਈ ਇਸ ਵਾਰ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਦਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ ਦਾ ਸਮੁੱਚਾ ਅਮਲ ਸ਼ਾਂਤੀਪੂਰਵਕ, ਸੁਰੱਖਿਅਤ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।ਅੱਜ ਹੋਈ ਦੂਜੀ ਰਿਹਰਸਲ ਦੌਰਾਨ ਸਹਾਇਕ ਰਿਟਰਨਿੰਗ ਅਫਸਰ 99-ਲਹਿਰਾ ਸੂਬਾ ਸਿੰਘ, ਸਹਾਇਕ ਰਿਟਰਨਿੰਗ ਅਫ਼ਸਰ 100-ਦਿੜ੍ਹਬਾ ਰਾਜੇਸ਼ ਸ਼ਰਮਾ, ਸਹਾਇਕ ਰਿਟਰਨਿੰਗ ਅਫ਼ਸਰ 101-ਸੁਨਾਮ ਪਰਮੋਦ ਸਿੰਗਲਾ, ਸਹਾਇਕ ਰਿਟਰਨਿੰਗ ਅਫ਼ਸਰ 107-ਧੂਰੀ ਅਮਿਤ ਗੁਪਤਾ, ਸਹਾਇਕ ਰਿਟਰਨਿੰਗ ਅਫ਼ਸਰ 108-ਸੰਗਰੂਰ ਚਰਨਜੋਤ ਸਿੰਘ ਵਾਲੀਆ ਨੇ ਸਬੰਧਤ ਚੋਣ ਅਮਲੇ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਲਗਨ ਇਮਾਨਦਾਰੀ ਅਤੇ ਉਤਸ਼ਾਹ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।