ਨਵੀਂ ਦਿੱਲੀ, 20 ਮਈ ( ਭਗਵਾਨ ਭੰਗੂ, ਜਗਰੂਪ ਸੋਹੀ)-ਲੋਕ ਸਭਾ ਚੋਣਾਂ ਦੌਰਾਨ ਰਾਜਨੀਤਕ ਪਾਰਟੀਆਂ ਅਤੇ ਆਗੂਆਂ ਵਿੱਚ ਆਈ ਕੜਵਾਹਟ ਲਗਾਤਾਰ ਵਧਦੀ ਜਾ ਰਹੀ ਹੈ। ਜਿਸਦੀ ਮਿਸਾਲ ਹੁਣ ਨਵੇ ਰੂਪ ਵਿੱਚ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਭਾਜਪਾ ‘ਤੇ ਵੱਡਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕੇਜਰੀਵਾਲ ‘ਤੇ ਜਾਨਲੇਵਾ ਹਮਲਾ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ‘ਆਪ’ ਨੇਤਾ ਨੇ ਕਿਹਾ, “ਕੇਜਰੀਵਾਲ ਦੇ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਭਾਜਪਾ ਪਰੇਸ਼ਾਨ ਹੈ। ਹੁਣ ਇਹ ਲੋਕ ਕੇਜਰੀਵਾਲ ‘ਤੇ ਜਾਨਲੇਵਾ ਹਮਲਾ ਕਰਨ ਦੀ ਸਾਜ਼ਿਸ਼ ਰਚ ਰਹੇ ਹਨ। ਦੇਸ਼ ਦੇ ਗ੍ਰਹਿ ਮੰਤਰੀ ਖੁਦ ਸੁਪਰੀਮ ਕੋਰਟ ਦੇ ਫੈਸਲੇ ‘ਤੇ ਸਵਾਲ ਖੜ੍ਹੇ ਕਰ ਰਹੇ ਹਨ।”
ਉਨ੍ਹਾਂ ਅੱਗੇ ਕਿਹਾ, “ਕੇਜਰੀਵਾਲ ਦੇ ਜੇਲ੍ਹ ਤੋਂ ਬਾਹਰ ਆਉਣ ਨਾਲ ਭਾਜਪਾ ਇੰਨੀ ਡਰੀ ਹੋਈ ਹੈ ਕਿ ਇਹ ਲੋਕ ਉਸ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਪਹੁੰਚਾ ਸਕਦੇ ਹਨ। ਭਾਜਪਾ ਹੁਣ ਕੇਜਰੀਵਾਲ ‘ਤੇ ਜਾਨਲੇਵਾ ਹਮਲਾ ਕਰਨ ਦੀ ਤਿਆਰੀ ਕਰ ਰਹੀ ਹੈ।”ਕੁਝ ਮੈਟਰੋ ਸਟੇਸ਼ਨਾਂ ‘ਤੇ ਧਮਕੀ ਭਰੇ ਸ਼ਬਦ ਲਿਖੇ ਜਾਣ ਦਾ ਦਾਅਵਾ ਕਰਦਿਆਂ ਸੰਜੇ ਸਿੰਘ ਨੇ ਕਿਹਾ, “ਹੁਣ ਲੋਕ ਮੈਟਰੋ ਸਟੇਸ਼ਨਾਂ ‘ਤੇ ਹਮਲਾ ਕਰਨ ਦੀਆਂ ਧਮਕੀਆਂ ਲਿਖ ਰਹੇ ਹਨ। ਜੇਕਰ ਕੇਜਰੀਵਾਲ ‘ਤੇ ਹਮਲਾ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਭਾਜਪਾ ਹੋਵੇਗੀ।”
ਦੱਸ ਦੇਈਏ ਕਿ ਦਿੱਲੀ ਦੇ ਸ਼ਰਾਬ ਘੁਟਾਲੇ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਸੀ। ਹਾਲ ਹੀ ‘ਚ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਚੋਣ ਪ੍ਰਚਾਰ ‘ਚ ਹਿੱਸਾ ਲੈਣ ਲਈ 1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਸੀ। ਅਦਾਲਤ ਦੇ ਇਸ ਫੈਸਲੇ ‘ਤੇ ਭਾਜਪਾ ਨੇ ਵੀ ਸਵਾਲ ਚੁੱਕੇ ਹਨ।