ਤਰਨ ਤਾਰਨ, 27 ਮਈ ((ਭਗਵਾਨ ਭੰਗੂ – ਲਿਕੇਸ਼ ਸ਼ਰਮਾ) : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਤਦਾਨ ਖਤਮ ਹੋਣ ਦੇ ਨਿਰਧਾਰਤ ਸਮੇਂ ਤੋਂ 48 ਘੰਟੇ ਪਹਿਲਾਂ ਚੋਣ ਪ੍ਰਚਾਰ ਬੰਦ ਹੋ ਜਾਵੇਗਾ ਅਤੇ ਇਸ ਸਮੇਂ ਦੌਰਾਨ ਸਿਆਸੀ ਪਾਰਟੀਆਂ ਜਾਂ ਉਮੀਦਵਾਰ ਆਪਣੇ ਚੋਣ ਪ੍ਰਚਾਰ ਲਈ ਕੋਈ ਵੀ ਜਨਤਕ ਰੈਲੀ, ਸਭਾ ਨਹੀਂ ਕਰ ਸਕਣਗੇ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਤਰਨ ਤਾਰਨ ਸੰਦੀਪ ਕੁਮਾਰ ਨੇ ਕਿਹਾ ਕਿ ਆਖਰੀ 48 ਘੰਟਿਆਂ ਦੌਰਾਨ ਲੋਕ ਪ੍ਰਤਿਨਿਧਤਾ ਕਾਨੂੰਨ 1951 ਦੀ ਧਾਰਾ 126 ਅਨੁਸਾਰ ਸਿਆਸੀ ਲਾਹੇ ਲਈ ਕੋਈ ਵੀ ਜਨਤਕ ਚੋਣ ਸਭਾ ਨਹੀਂ ਕੀਤੀ ਜਾ ਸਕਦੀ ਹੈ। ਇਸ ਤੋਂ ਬਿਨ੍ਹਾਂ ਇਲੈਕਟ੍ਰੋਨਿਕ ਮੀਡੀਆ, ਜਿਸ ਵਿਚ ਸਿਨੇਮਾ, ਟੈਲੀਵਿਜ਼ਨ ਆਦਿ ਵਰਗੇ ਸਾਧਨ ਸ਼ਾਮਿਲ ਹਨ ‘ਤੇ ਵੀ ਅਜਿਹੀ ਚੋਣ ਸਮੱਗਰੀ ਡਿਸਪਲੇਅ ਨਹੀਂ ਕੀਤੀ ਜਾ ਸਕਦੀ, ਜਿਸ ਨਾਲ ਕਿਸੇ ਉਮੀਦਵਾਰ ਨੂੰ ਫਾਇਦਾ ਜਾਂ ਨੁਕਸਾਨ ਹੁੰਦਾ ਹੋਵੇ। ਉਲੰਘਣਾ ਕਰਨ ਤੇ 2 ਸਾਲ ਤੱਕ ਦੀ ਸਜ਼ਾ, ਜੁਰਮਾਨਾ ਜਾਂ ਦੋਨੋਂ ਹੋ ਸਕਦੇ ਹਨ।
ਇਸੇ ਤਰਾਂ ਆਖਰੀ 48 ਘੰਟਿਆਂ ਦੌਰਾਨ ਸਬੰਧਤ ਹਲਕੇ ਤੋਂ ਬਾਹਰ ਤੋਂ ਚੋਣ ਪ੍ਰਚਾਰ ਲਈ ਆਏ ਸਮਰੱਥਕਾਂ ਨੂੰ ਵੀ ਵਾਪਿਸ ਜਾਣਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਸਾਰੇ ਬਾਹਰੀ ਲੋਕ ਹਲਕੇ ਤੋਂ ਬਾਹਰ ਚਲੇ ਜਾਣ ਇਸ ਲਈ ਪੁਲਿਸ ਵਿਭਾਗ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਅਜਿਹੇ ਬਾਹਰੀ ਲੋਕਾਂ ਦੇ ਸੰਭਾਵਿਤ ਠਹਿਰਾਓ ਵਾਲੀ ਥਾਂ ‘ਤੇ ਪੂਰੀ ਚੌਕਸੀ ਰੱਖੀ ਜਾਵੇ।