ਮਲੋਟ, 30 ਮਈ (ਭਗਵਾਨ ਭੰਗੂ) : ਮਲੋਟ ਸਿਟੀ ਥਾਣੇ ਦੇ ਐੱਸਐੱਚਓ ਇੰਸਪੈਕਟਰ ਗੁਰਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਇੰਸਪੈਕਟਰ ਗੁਰਦੀਪ ਸਿੰਘ ਨੂੰ ਡਿਊਟੀ ਦੌਰਾਨ ਦਿਲ ਦਾ ਦੌਰਾ ਪੈ ਗਿਆ, ਜਿਸ ਤੋਂ ਬਾਅਦ ਉਨ੍ਹਾਂ ਦੇ ਸਾਥੀ ਕਰਮਚਾਰੀਆਂ ਨੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ। ਉਹ ਦੋ ਦਿਨਾਂ ਤੋਂ ਇਲਾਜ ਅਧੀਨ ਸੀ, ਅੱਜ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ ਇੰਸਪੈਕਟਰ ਗੁਰਦੀਪ ਸਿੰਘ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੇਵਾਵਾਂ ਨਿਭਾਅ ਚੁੱਕੇ ਹਨ। ਉਨ੍ਹਾਂ ਨੇ ਆਪਣੀ ਡਿਊਟੀ ਦਾ ਜ਼ਿਆਦਾਤਰ ਸਮਾਂ ਪੰਜਾਬ ਦੇ ਮਾਲਵਾ ਖੇਤਰ ਵਿੱਚ ਬਤੀਤ ਕੀਤਾ ਹੈ। ਗੁਰਦੀਪ ਸਿੰਘ ਨੇ ਮਾਲਵਾ ਖੇਤਰ ਵਿੱਚ ਨਸ਼ਿਆਂ ਅਤੇ ਛੋਟੇ-ਮੋਟੇ ਅਪਰਾਧਾਂ ਵਿਰੁੱਧ ਕਾਫੀ ਕੰਮ ਕੀਤਾ ਹੈ। ਦੱਸ ਦੇਈਏ ਕਿ ਮਲੋਟ ਤੋਂ ਪਹਿਲਾਂ ਉਹ ਬਠਿੰਡਾ ਵਿੱਚ ਤਾਇਨਾਤ ਸਨ। ਉਹ ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਕਈ ਥਾਣਿਆਂ ਵਿੱਚ ਸੇਵਾ ਨਿਭਾ ਚੁੱਕੇ ਹਨ।