ਬਰਗਾੜੀ, 17 ਜੁਲਾਈ (ਰੋਹਿਤ ਗੋਇਲ – ਰਾਜਨ ਜੈਨ) : ਵਿਧਾਇਕ ਜੈਤੋ ਅਮੋਲਕ ਸਿੰਘ ਦੀ ਹਾਜ਼ਰੀ ਵਿੱਚ 7ਵਾਂ ਸੁਵਿਧਾਂ ਕੈਂਪ ਅੱਜ ਬਰਗਾੜੀ ਵਿਖੇ ਲਗਾਇਆ ਗਿਆ, ਜਿੱਥੇ ਬਰਗਾੜੀ, ਝੱਖੜਵਾਲਾ, ਬੁਰਜ ਹਰੀਕਾ, ਰਣ ਸਿੰਘ ਵਾਲਾ ਅਤੇ ਬੁਰਜ ਜਵਾਹਰ ਸਿੰਘ ਵਾਲਾ ਪਿੰਡਾਂ ਦੇ ਵਸਨੀਕਾਂ ਨੇ ਆ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾਇਆ। ਇਸ ਮੌਕੇ ਗਲੀਆਂ,ਨਾਲੀਆਂ, ਸਟਰੀਟ ਲਾਈਟਾਂ, ਸੜਕਾਂ ਪੀਣ ਵਾਲੇ ਪਾਣੀ ਤੋਂ ਇਲਾਵਾ ਬਿਜਲੀ ਨਾਲ ਸਬੰਧਤ ਬਿੱਲਾਂ ਦੀਆਂ ਸ਼ਿਕਾਇਤਾਂ ਤੇ ਥਾਣਿਆਂ ਵਿੱਚ ਦਰਖਾਸਤਾਂ ਬਾਰੇ ਵੀ ਲੋਕਾਂ ਦੇ ਮਸਲੇ ਹੱਲ ਕੀਤੇ ਗਏ।
ਇਸ ਮੌਕੇ ਬੋਲਦਿਆਂ ਵਿਧਾਇਕ ਜੈਤੋ ਅਮੋਲਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਸ਼ੁਰੂ ਕੀਤੇ ਗਏ ਅਜਿਹੇ ਉਪਰਾਲੇ ਅਤਿਅੰਤ ਲਾਭਦਾਇਕ ਸਿੱਧ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਦੇ ਹਰ ਆਮ ਆਦਮੀ ਦੀ ਸਰਕਾਰੀ ਦਫਤਰਾਂ ਵਿੱਚ ਖੱਜਲ ਖੁਆਰੀ ਦੇ ਚੱਲਦਿਆਂ ਹਮੇਸ਼ਾ ਚਿੰਤਤ ਰਹੇ ਹਨ, ਜਿਸ ਸਦਕਾ ਉਨ੍ਹਾਂ ਵੱਲੋਂ ਅਜਿਹੇ ਉਪਰਾਲੇ ਨਿਰੰਤਰ ਹੋਂਦ ਵਿੱਚ ਲਿਆਂਦੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਜਦੋਂ ਤੋਂ ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲਿਆ ਹੈ, ਉਹ ਹਮੇਸ਼ਾ ਅਜਿਹੀਆਂ ਸਕੀਮਾਂ ਨੂੰ ਅਮਲੀ ਜਾਮਾਂ ਪਹਿਨਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਹੇ। ਉਨ੍ਹਾਂ ਦੱਸਿਆ ਕਿ ਇਸ ਸਰਕਾਰ ਦਾ ਮੁੱਖ ਮੰਤਵ ਸੂਬੇ ਚੋਂ ਨਸ਼ਾ,ਬੇਰੁਜ਼ਗਾਰੀ ਅਤੇ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਤੋਂ ਇਲਾਵਾ ਚੰਗੀਆਂ ਸਿਹਤ ਸਹੂਲਤਾਂ ਦੇਣਾ ਵੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚਾਰਾਂ ਚੀਜਾਂ ਤੇ ਦਿਨ ਰਾਤ ਇੱਕ ਕਰਕੇ ਸੂਬੇ ਦੀ ਖੁਸ਼ਹਾਲੀ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।ਉਨ੍ਹਾਂ ਲੋਕਾਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿੱਢੇ ਗਏ ਇਸ ਉਪਰਾਲੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਤਾਂ ਜੋ ਉਨ੍ਹਾਂ ਦੀ ਖੱਜਲ ਖੁਆਰੀ ਨੂੰ ਘਟਾਇਆ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਗਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ, ਐਸ.ਡੀ.ਐਮ. ਜੈਤੋ ਪਰਲੀਨ ਕੌਰ ਵੀ ਹਾਜ਼ਰ ਸਨ।