Home Uncategorized ਡਿਪਟੀ ਕਮਿਸ਼ਨਰ ਵੱਲੋਂ ਹੈਜ਼ਾ, ਗੰਭੀਰ ਦਸਤ ਤੇ ਡੇਂਗੂ ਦੇ ਫੈਲਣ ਦੀਆਂ ਘਟਨਾਵਾਂ...

ਡਿਪਟੀ ਕਮਿਸ਼ਨਰ ਵੱਲੋਂ ਹੈਜ਼ਾ, ਗੰਭੀਰ ਦਸਤ ਤੇ ਡੇਂਗੂ ਦੇ ਫੈਲਣ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਤੁਰੰਤ ਠੋਸ ਕਦਮ ਉਠਾਉਣ ਦੇ ਆਦੇਸ਼

16
0


ਸੰਗਰੂਰ, 18 ਜੁਲਾਈ (ਭਗਵਾਨ ਭੰਗੂ) : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਬਰਸਾਤੀ ਸੀਜ਼ਨ ਦੌਰਾਨ ਪਿੰਡਾਂ, ਸ਼ਹਿਰਾਂ ਤੇ ਹੋਰ ਖੁੱਲ੍ਹੇ ਸਥਾਨਾਂ ਵਿੱਚ ਬਰਸਾਤੀ ਤੇ ਗੰਦੇ ਪਾਣੀ ਦੇ ਖੜ੍ਹਨ ਕਾਰਨ ਪੈਦਾ ਹੋਣ ਵਾਲੇ ਮੱਛਰਾਂ ਦੇ ਲਾਰਵੇ ਅਤੇ ਪੀਣ ਵਾਲੇ ਪਾਣੀ ਦੇ ਦੂਸ਼ਿਤ ਹੋਣ ਕਾਰਨ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਹੈਜ਼ਾ, ਗੰਭੀਰ ਦਸਤ ਤੇ ਡੇਂਗੂ ਦੇ ਫੈਲਣ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਤੁਰੰਤ ਠੋਸ ਕਦਮ ਉਠਾਉਣ ਦੇ ਆਦੇਸ਼ ਦਿੱਤੇ ਹਨ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੀਣ ਵਾਲੇ ਪਾਣੀ ਦੀ ਸਪਲਾਈ ਵਾਲੀਆਂ ਪਾਈਪਾਂ ਤੇ ਸੀਵਰੇਜ ਵਾਲੀਆਂ ਪਾਈਪਾਂ ਦੀ ਆਪਸ ਵਿੱਚ ਮਿਕਸਿੰਗ ਨਾ ਹੋਵੇ ਅਤੇ ਉਸਾਰੀ ਵਾਲੇ ਸਥਾਨਾਂ ’ਤੇ ਪਾਈਪਾਂ ਦਾ ਉਚੇਚਾ ਧਿਆਨ ਰੱਖਿਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਪਾਇਪਲਾਈਨਾਂ ਦੀ ਰੋਜ਼ਾਨਾ ਚੈਕਿੰਗ ਕੀਤੀ ਜਾਵੇ ਅਤੇ ਕਿਸੇ ਵੀ ਥਾਂ ਉੱਤੇ ਕੋਈ ਨੁਕਸ ਸਾਹਮਣੇ ਆਉਣ ’ਤੇ ਫੌਰੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਜ਼ਿਲ੍ਹਾ ਸੰਗਰੂਰ ਦੇ ਕਿਸੇ ਵੀ ਖੇਤਰ ਵਿੱਚ ਪਾਣੀ ਦੇ ਦੂਸ਼ਿਤ ਹੋਣ ਜਾਂ ਸੀਵਰੇਜ ਦੇ ਨੁਕਸ ਦਾ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਉਸ ਦੀ ਸ਼ਿਕਾਇਤ ਤੁਰੰਤ ਹੈਲਪਲਾਈਨ ਨੰਬਰ 1800313155066 ’ਤੇ ਦਰਜ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਹ ਹੈਲਪ ਲਾਈਨ ਲੋਕਾਂ ਦੀ ਸੁਵਿਧਾ ਲਈ ਸਥਾਪਿਤ ਕੀਤੀ ਗਈ ਹੈ ਤਾਂ ਕਿ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਬਚਿਆ ਜਾ ਸਕੇ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸੀਵਰੇਜ ਬੋਰਡ, ਸਿਹਤ ਵਿਭਾਗ, ਸਿੱਖਿਆ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਕਾਰਜਸਾਧਕ ਅਫ਼ਸਰਾਂ ਸਮੇਤ ਹੋਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਆਦੇਸ਼ ਦਿੱਤੇ ਕਿ ਵਿਦਿਅਕ ਅਦਾਰਿਆਂ, ਟਿਊਬਵੈਲਾਂ, ਘਰਾਂ ਵਿੱਚ ਪੀਣ ਵਾਲੇ ਪਾਣੀ ਦੀਆਂ ਟੂਟੀਆਂ ਰਾਹੀਂ ਆਉਂਦੇ ਪਾਣੀ ਦੇ ਰੋਜ਼ਾਨਾ ਸੈਂਪਲ ਇਕੱਤਰ ਕਰਕੇ ਪਰਖ ਕੀਤੀ ਜਾਵੇ।