ਤਰਨ ਤਾਰਨ, 27 ਜੁਲਾਈ (ਭਗਵਾਨ ਭੰਗੂ) : ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਿਕ ਕੁਲੈਕਟਰ ਰੇਟਾਂ ਨੂੰ ਹੋਰ ਤਰਕਸੰਗਤ ਬਣਾਉਣ ਦੀ ਪ੍ਰਕਿਰਿਆ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਸੰਦੀਪ ਕੁਮਾਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਤੇ ਹੋਰਨਾਂ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।
ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸਿਮਰਨਦੀਪ ਸਿੰਘ, ਐੱਸ. ਡੀ. ਐੱਮ. ਪੱਟੀ ਕਿਰਪਾਲਵੀਰ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਸਚਿਨ ਪਾਠਕ ਅਤੇ ਜ਼ਿਲ੍ਹਾ ਮਾਲ ਅਫ਼ਸਰ ਤਰਨ ਤਾਰਨ ਨਵਕੀਰਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।ਮੀਟਿੰਗ ਦੌਰਾਨ ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਮੀਨ ਦੇ ਮੌਜੂਦਾ ਕੁਲੈਕਟਰ ਰੇਟ ਨੂੰ ਵਰਤਮਾਨ ਹਾਲਾਤਾਂ ਦੇ ਅਨੁਕੂਲ ਬਣਾਉਣ ਲਈ ਤੁਰੰਤ ਸਾਰੀਆਂ ਸਬੰਧਿਤ ਧਿਰਾਂ ਨਾਲ ਵਿਚਾਰ ਚਰਚਾ ਕਰਕੇ ਪ੍ਰਸਤਾਵ ਭੇਜਣ ਤਾਂ ਜੋ ਉਨ੍ਹਾਂ ਦੇ ਆਧਾਰ ’ਤੇ ਪੰਜਾਬ ਸਰਕਾਰ ਵਲੋਂ ਕੁਲੈਕਟਰ ਰੇਟਾਂ ਨੂੰ ਹੋਰ ਤਰਕਸੰਗਤ ਬਣਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਕੁਲੈਕਟਰ ਰੇਟਾਂ ਦੇ ਪ੍ਰਸਤਾਵ ਵੇਲੇ ਜ਼ਮੀਨ ਦੀ ਹਾਲਤ, ਵਪਾਰਕ ਵਰਤੋਂ, ਨਵੀਆਂ ਨਿਕਲੀਆਂ ਸੜਕਾਂ, ਰਿਹਾਇਸ਼ੀ ਕਾਲੋਨੀਆਂ ਜਿਹੇ ਮਾਪਦੰਡਾਂ ਨੂੰ ਧਿਆਨ ਵਿਚ ਰੱਖਿਆ ਜਾਵੇ। ਉਨਾਂ ਇਹ ਵੀ ਕਿਹਾ ਕਿ ਕੁਝ ਥਾਵਾਂ ’ਤੇ ਕੁਲੈਕਟਰ ਰੇਟਾਂ ਅਤੇ ਮਾਰਕੀਟ ਭਾਅ ਵਿਚ ਜਿਆਦਾ ਵਖਰੇਵੇਂ ਨੂੰ ਦੂਰ ਕਰਨ ਲਈ ਸਾਰੇ ਪੱਖਾਂ ਨੂੰ ਵਿਚਾਰਿਆ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਰੇਟ ਪੰਜਾਬ ਸਰਕਾਰ ਨੂੰ ਭੇਜੇ ਜਾਣਗੇ ਤਾਂ ਜੋ ਕੁਲੈਕਟਰ ਰੇਟ ਹੋਰ ਸਾਰਥਿਕ ਹੋ ਸਕਣ।