ਨਵਾਂਸ਼ਹਿਰ, 03 ਅਗਸਤ (ਸਤੀਸ਼ ਜੱਗਾ) : ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ(ਜ) ਸ਼ਹੀਦ ਭਗਤ ਸਿੰਘ ਨਗਰ ਵਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਬਣੀਆਂ ਘੱਟ ਵੋਟਾਂ ਅਤੇ ਈ-ਸੇਵਾ ਦੀ ਪੈਡੰਸੀ ਸਬੰਧੀ ਉਪ ਮੰਡਲ ਮੈਜਿਸਟਰੇਟ, ਨਵਾਂਸ਼ਹਿਰ, ਬਲਾਚੌਰ ਅਤੇ ਬੰਗਾ, ਜਿਲ੍ਹੇ ਦੇ ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਸਮੂਹ ਕਾਨੂੰਗੋ ਅਤੇ ਹਲਕਾ ਪਟਵਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਹੁਤ ਘੱਟ ਬਣਨ ਸਬੰਧੀ ਸਾਰੇ ਅਧਿਕਾਰੀਆਂ ਪਟਵਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਆਪਣੇ-ਆਪਣੇ ਹਲਕੇ ਅਨੁਸਾਰ ਲੋਕਾਂ ਨੂੰ ਜਾਗਰੂਕ ਕਰਕੇ ਵੋਟਾਂ ਜਿਆਦਾ ਬਣਾਈਆਂ ਜਾਣ। ਇਸ ਤੋਂ ਇਲਾਵਾ ਈ-ਸੇਵਾ ਨਾਲ ਸਬੰਧਤ ਪੈਡੰਸੀ ਸਬੰਧੀ ਹਾਜਰ ਆਏ ਅਧਿਕਾਰੀਆਂ, ਕਰਮਚਾਰੀਆਂ ਅਤੇ ਪਟਵਾਰੀਆਂ ਨੂੰ ਸਖਤ ਹਦਾਇਤ ਕੀਤੀ ਗਈ ਕਿ ਲੋਕਾਂ ਦੁਆਰਾ ਜੋ ਵੀ ਸਰਵਿਸਾਂ ਅਪਲਾਈ ਕੀਤੀਆਂ ਜਾ ਰਹੀਆਂ ਹਨ, ਉਹਨਾਂ ਦਾ ਤੁਰੰਤ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਆਮ ਜਨਤਾ ਨੂੰ ਆਨਲਾਇਨ ਸਹੂਲਤ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਮੀਟਿੰਗ ਦੌਰਾਨ ਇਹ ਵੀ ਹਦਾਇਤ ਕੀਤੀ ਗਈ ਕਿ ਜਿਸ ਅਧਿਕਾਰੀ/ਕਰਮਚਾਰੀ ਵਲੋਂ ਐਪਲੀਕੇਸ਼ਨਾਂ ਦਾ ਨਿਪਟਾਰਾ ਕਰਨ ਵਿੱਚ ਦੇਰੀ ਕੀਤੀ ਜਾਂਦੀ ਹੈ ਉਸਦੇ ਖਿਲਾਫ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ