ਬਰਨਾਲਾ (ਮੋਹਿਤ ਜੈਨ) ਬੇਰੁਜ਼ਗਾਰ ਬੀ ਐੱਡ ਟੀਈਟੀ ਪਾਸ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਐਤਵਾਰ ਨੂੰ ਆਪਣੀਆਂ ਮੰਗਾਂ ਸਬੰਧੀ ਕਚਹਿਰੀਆਂ ‘ਚੋਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਵੱਲ ਰੋਸ ਮਾਰਚ ਕੀਤਾ ਗਿਆ। ਜਦੋਂ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੀ ਰਿਹਾਇਸ਼ ਨੇੜੇ ਭਾਰੀ ਪੁਲਿਸ ਫੋਰਸ ਵੱਲੋਂ ਕੀਤੀ ਗਈ ਬੈਰੀਕੇਡਿੰਗ ਨੇੜੇ ਪੁੱਜੇ ਤਾਂ ਪੁਲਿਸ ਤੇ ਅਧਿਆਪਕਾਂ ਦੀ ਆਪਸ ‘ਚ ਝੜਪ ਹੋ ਗਈ। ਇਸ ਦੌਰਾਨ ਕਈ ਬੇਰੁਜ਼ਗਾਰ ਅਧਿਆਪਕਾਂ ਦੀਆਂ ਪੱਗਾਂ ਵੀ ਲੱਥ ਗਈਆਂ ਤੇ ਕਈ ਜ਼ਖ਼ਮੀ ਹੋ ਗਏ।ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਆਗੂ ਸੁਖਵਿੰਦਰ ਢਿੱਲਵਾਂ ਨੇ ਕਿਹਾ ਕਿ ਅਸੀਂ ਸਿਰਫ਼ ਸਿੱਖਿਆ ਮੰਤਰੀ ਦੇ ਨੁਮਾਇੰਦੇ ਨਾਲ ਗੱਲਬਾਤ ਕਰਨਾ ਚਾਹੁੰਦੇ ਸੀ ਪਰ ਪਿਛਲੀਆਂ ਸਰਕਾਰਾਂ ਵਾਂਗ ਸਾਡੇ ‘ਤੇ ਡਾਂਗਾਂ ਵਰ੍ਹਾਈਆਂ ਗਈਆਂ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਦੀ ਸਰਕਾਰ ਸਮੇਂ ਜਦੋਂ ਅਧਿਆਪਕ ਸੰਘਰਸ਼ ਕਰ ਰਹੇ ਸਨ ਤਾਂ ਮੌਜੂਦਾ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਉਨ੍ਹਾਂ ਨੂੰ ਉਸ ਸਮੇਂ ਧਰਨਾ ਸਥਾਨ ‘ਤੇ ਪੁਜ ਕੇ ਭਰੋਸਾ ਦਿਵਾਇਆ ਜਾਂਦਾ ਸੀ ਕਿ ਜਦੋਂ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਤਾਂ ਸਭ ਤੋਂ ਪਹਿਲਾਂ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ। ਪਰ ਹੁਣ ਸੂਬੇ ‘ਚ ਸਰਕਾਰ ਵੀ ਆਮ ਆਦਮੀ ਪਾਰਟੀ ਦੀ ਬਣ ਗਈ ਹੈ ਤੇ ਖੁਦ ਮੀਤ ਹੇਅਰ ਸਿੱਖਿਆ ਮੰਤਰੀ ਬਣ ਚੁੱਕੇ ਹਨ। ਉਨ੍ਹਾਂ ਵੱਲੋਂ ਸਾਡੀਆਂ ਮੰਗਾਂ ਵੱਲ ਧਿਆਨ ਦੇਣ ਦੀ ਥਾਂ ਪਿਛਲੀਆਂ ਸਰਕਾਰਾਂ ਵਾਂਗ ਅਧਿਆਪਕਾਂ ਨੂੰ ਕੁੱਟਿਆ ਜਾ ਰਿਹਾ ਹੈ। ਢਿੱਲਵਾਂ ਨੇ ਕਿਹਾ ਕਿ ਹੁਣ ਬੇਰੁਜ਼ਗਾਰ ਅਧਿਆਪਕ ਪਿੱਛੇ ਹਟਣ ਵਾਲੇ ਨਹੀਂ, ਸਗੋਂ ਆਰ-ਪਾਰ ਦੀ ਲੜਾਈ ਸ਼ੁਰੂ ਕਰਨਗੇ।