ਬਿਕਰਮ ਮਜੀਠੀਆ ਨੂੰ ਝਟਕਾ, ਮੋਹਾਲੀ ਅਦਾਲਤ ਨੇ ਖਾਰਜ ਕੀਤੀ ਜ਼ਮਾਨਤ ਅਰਜ਼ੀ
ਚੰਡੀਗੜ੍ਹ ਫਰਵਰੀ 25,(ਬਿਊਰੋ ਡੇਲੀ ਜਗਰਾਉਂ ਨਿਊਜ਼)ਡਰੱਗ ਮਾਮਲੇ ‘ਚ ਫਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਝਟਕਾ ਦਿੰਦਿਆਂ ਮੋਹਾਲੀ ਦੀ ਸਥਾਨਕ ਅਦਾਲਤ ਨੇ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਦੱਸ ਦੇਈਏ ਕਿ ਲੰਘੇ ਦਿਨ ਮਜੀਠੀਆ ਵੱਲੋਂ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਗਿਆ ਸੀ, ਜਿਸ ਪਿੱਛੋਂ ਅਦਾਲਤ ਨੇ ਉਨ੍ਹਾਂ ਨੂੰ 8 ਮਾਰਚ ਤੱਕ ਜੂਡੀਸੀਅਲ ਰਿਮਾਂਡ ‘ਤੇ ਭੇਜ ਦਿੱਤਾ ਸੀ।ਦੱਸਣਯੋਗ ਹੈ ਕਿ ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਿਕਰਮ ਸਿੰਘ ਮਜੀਠੀਆ ਨੂੰ ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ,1985 ਦੇ ਤਹਿਤ ਇੱਕ ਅਪਰਾਧਿਕ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ 23 ਫਰਵਰੀ ਤੱਕ ਗ੍ਰਿਫਤਾਰੀ ਤੋਂ ਸੁਰੱਖਿਆ ਦਿੱਤੀ ਗਈ ਸੀ, ਜੋ ਕਿ ਖਤਮ ਹੋ ਚੁੱਕੀ ਹੈ। ਬਿਕਰਮ ਸਿੰਘ ਮਜੀਠੀਆ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਦੇ ਭਰਾ ਹਨ ਅਤੇ ਅੰਮ੍ਰਿਤਸਰ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ ਚੋਣ ਲੜ ਚੁੱਕੇ ਹਨ, ਜਿਸ ਦੇ ਨਤੀਜੇ 10 ਮਾਰਚ ਨੂੰ ਆਉਣਗੇ।ਦੱਸ ਦੇਈਏ ਕਿ ਮਜੀਠੀਆ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਮਜੀਠੀਆ ਵੱਲੋਂ ਜ਼ਮਾਨਤ ਲਈ ਮੋਹਾਲੀ ਅਦਾਲਤ ਵਿੱਚ ਅਰਜ਼ੀ ਲਾਈ ਗਈ ਸੀ, ਜਿਸ ਦੀ ਸ਼ੁੱਕਰਵਾਰ ਸੁਣਵਾਈ ਦੌਰਾਨ ਅਦਾਲਤ ਨੇ ਅਰਜ਼ੀ ਖਾਰਜ ਕਰ ਦਿੱਤੀ। ਹੁਣ ਮਜੀਠੀਆ ਦੇ ਵਕੀਲਾਂ ਵੱਲੋਂ ਹਾਈਕੋਰਟ ਦਾ ਰੁਖ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ।ਸੁਣਵਾਈ ਦੌਰਾਨ ਐਸਆਈਟੀ ਵੱਲੋਂ ਹਾਜ਼ਰ ਸਰਕਾਰੀ ਵਕੀਲ ਨੇ NDPS ਐਕਟ ਤਹਿਤ ਦੋਸ਼ਾਂ ਦੀ ਗੰਭੀਰਤਾ ਦਾ ਹਵਾਲਾ ਦਿੰਦਿਆਂ ਜ਼ਮਾਨਤ ਦਾ ਵਿਰੋਧ ਕੀਤਾ, ਜਿਸ ‘ਤੇ ਅਦਾਲਤ ਨੇ ਮਜੀਠੀਆ ਦੀ ਅਰਜ਼ੀ ਖਾਰਜ ਕਰ ਦਿੱਤੀ।
