ਤਰਨਤਾਰਨ, 8 ਮਈ ( ਰਾਜੇਸ਼ ਜੈਨ, ਭਗਵਾਨ ਭੰਗੂ)-: ਪੰਜਾਬ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਅੱਤਵਾਦੀਆਂ ਦੇ ਇਕ ਵੱਡੇ ਨੈੱਟਵਰਕ ਨੂੰ ਤੋੜਨ ‘ਚ ਸਫਲਤਾ ਹਾਸਲ ਕੀਤੀ ਹੈ। ਤਰਨਤਾਰਨ ਪੁਲਿਸ ਨੇ ਕਰੀਬ ਸਾਢੇ ਤਿੰਨ ਕਿਲੋਗ੍ਰਾਮ ਆਰਡੀਐਕਸ ਬਰਾਮਦ ਕੀਤਾ ਹੈ। ਇਹ ਆਰਡੀਐਕਸ ਇਕ ਖੰਡਰ ਇਮਾਰਤ ‘ਚ ਛੁਪਾਇਆ ਹੋਇਆ ਸੀ। ਇਸ ਮਾਮਲੇ ਨੂੰ ਕਰਨਾਲ ਤੋਂ ਫੜੇ ਗਏ ਅੱਤਵਾਦੀਆਂ ਨਾਲ ਜੋੜਿਆ ਜਾ ਰਿਹਾ ਹੈ।ਕਿਹਾ ਜਾ ਰਿਹਾ ਹੈ ਕਿ ਸੂਬੇ ‘ਚ ਵੱਡੇ ਧਮਾਕੇ ਕਰਨ ਦੀ ਸਾਜ਼ਿਸ਼ ਰਚੀ ਗਈ ਸੀ। ਇਹ ਵੀ ਸਾਹਮਣੇ ਆਇਆ ਹੈ ਕਿ ਤਰਨਤਾਰਨ ‘ਚ ਪਾਕਿਸਤਾਨ ਤੋਂ ਵੀ ਵੱਡਾ ਨੈੱਟਵਰਕ ਬਣਾਇਆ ਜਾ ਰਿਹਾ ਹੈ। ਤਿੰਨ ਦਿਨਾਂ ਤੋਂ ਜ਼ਿਲ੍ਹੇ ਦੀਆਂ ਖ਼ੁਫ਼ੀਆ ਏਜੰਸੀਆਂ ਦੇ ਅਧਿਕਾਰੀ ਇਸ ਮਿਸ਼ਨ ‘ਤੇ ਕੰਮ ਕਰ ਰਹੇ ਸਨ ਅਤੇ ਅੱਜ ਇੱਕ ਵੱਡੀ ਸਫ਼ਲਤਾ ਮਿਲੀ ਹੈ। ਐਸਐਸਪੀ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਚੱਲ ਰਹੀ ਜਾਂਚ ਦੌਰਾਨ ਕੁਝ ਵੀ ਦੱਸਣਾ ਸੰਭਵ ਨਹੀਂ ਹੈ।ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਜ਼ਿਲ੍ਹਾ ਪੁਲਸ ਵੱਲੋਂ ਅੱਤਵਾਦੀ ਸੰਗਠਨ ਨਾਲ ਜੁੜੇ ਕੁਝ ਵਿਅਕਤੀਆਂ ਪਾਸੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇੰਨਾ ਹੀ ਨਹੀਂ ਪੁਲਸ ਵੱਲੋਂ ਧਮਾਕਾਖੇਜ਼ ਸਮੱਗਰੀ ਨਾਲ ਸੰਬੰਧਤ ਕੁੱਝ ਵਿਅਕਤੀਆ ਨੂੰ ਵੀ ਹਿਰਾਸਤ ਵਿਚ ਲੈ ਲਿਆ ਗਿਆ ਹੈ। ਇਸ ਸੰਬੰਧੀ ਐੱਸ ਐੱਸ ਪੀ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪ੍ਰੈੱਸ ਕਾਨਫ਼ਰੰਸ ਰਹੀ ਮੀਡੀਆ ਨੂੰ ਸਾਰੀ ਜਾਣਕਾਰੀ ਜਲਦ ਦੇਣਗੇ।