ਚੰਡੀਗੜ੍ਹ , 9 ਮਈ ( ਰਾਜੇਸ਼ ਜੈਨ, ਭਗਵਾਨ ਭੰਗੂ)-: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਦੇ ਖ਼ਾਤਮੇ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਸੱਦੀ ਹੈ। ਮੀਟਿੰਗ ਦੌਰਾਨ ਉਨ੍ਹਾਂ ਨੇ ਬਿਨਾਂ ਕਿਸੇ ਦਬਾਅ ਹਰ ਮੁਲਜ਼ਮ ਉਤੇ ਸਖ਼ਤ ਐਕਸ਼ਨ ਲੈਣ ਦੀਆਂ ਹਦਾਇਤਾਂ ਦਿੱਤੀਆਂ।ਸਾਡੇ ਨੌਜਵਾਨ ਪੀੜਤ ਹਨ, ਮੁਲਜ਼ਮ ਨਹੀਂ। ਪਹਿਲਾਂ ਵੇਚਣ ਵਾਲਿਆਂ ਨੂੰ ਫੜ ਕੇ ਨਸ਼ੇ ਦੀ ਚੇਨ ਤੋੜੀ ਜਾਵੇਗੀ, ਫ਼ਿਰ ਨੌਜਵਾਨਾਂ ਦਾ ਮੁੜ ਵਸੇਬਾ ਕਰਾਵਾਂਗੇ। ਉਨ੍ਹਾਂ ਨੇ ਕਿਹਾ ਕਿ ਸਾਡਾ ਖੁਆਬ -ਨਸ਼ਾ ਮੁਕਤ ਪੰਜਾਬ ਹੈ।ਮੁੱਖ ਮੰਤਰੀ ਨਿਵਾਸ ‘ਤੇ ਹੋਈ ਮੀਟਿੰਗ ਵਿੱਚ ਉੱਚ ਪੱਧਰੀ ਪੁਲਿਸ ਅਧਿਕਾਰੀ ਮੌਜੂਦ ਸਨ।ਨਸ਼ਿਆਂ ਨੂੰ ਰੋਕਣ ਲਈ ਐਕਸ਼ਨ ਪਲਾਨ ਤਿਆਰ ਕੀਤਾ ਗਿਆ ਹੈ।ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕਰ ਕੇ ਨਸ਼ਿਆਂ ਨੂੰ ਠੱਲ ਪਾਉਣ ਦੀ ਗੱਲ ਕਹੀ। ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਾਹਰ ਕੱਢਣਾ ਸਭ ਤੋਂ ਜ਼ਰੂਰੀ ਹੈ। ਹੁਣ ਪੰਜਾਬ ਵਿੱਚ ਇਮਾਨਦਾਰ ਸਰਕਾਰ ਹੈ। ਨਸ਼ੇ ਦੇ ਵਪਾਰੀਆਂ ਨੂੰ ਕੋਈ ਸ਼ਹਿ ਨਹੀਂ ਮਿਲੇਗੀ।ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਤਨਦੇਹੀ ਨਾਲ ਕੰਮ ਕਰਕੇ ਇਸ ਸਮੱਸਿਆ ਦਾ ਹੱਲ ਕਰੇਗੀ।ਦੱਸ ਦਈਏ ਕਿ ਆਪ ਸਰਕਾਰ ਨਸ਼ਾ ਮੁਕਤ ਪੰਜਾਬ ਦੇ ਨਾਅਰੇ ਨਾਲ ਸੱਤਾ ਵਿਚ ਆਈ ਸੀ। ਇਸ ਸਬੰਧੀ ਸਖਤ ਕਦਮ ਵੀ ਚੁੱਕੇ ਗਏ ਪਰ ਪਿਛਲੇ ਦਿਨਾਂ ਤੋਂ ਨਸ਼ਿਆਂ ਦੀ ਓਵਰਡੋਜ਼ ਨਾਲ ਮੌਤ ਦੀਆਂ ਖਬਰਾਂ ਲਗਾਤਾਰ ਆ ਰਹੀਆਂ ਹਨ।ਇਸ ਮੁੱਦੇ ਉਤੇ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਸਰਕਾਰ ਨੂੰ ਘੇਰਿਆ ਜਾ ਰਿਹਾ ਸੀ। ਮੁੱਖ ਮੰਤਰੀ ਨੇ ਅੱਜ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਦੇ ਹੁਕਮ ਦਿੱਤੇ ਹਨ।