ਮੋਗਾ(ਬਿਊਰੋ)ਵਿਕਾਸ ਦੇ ਮਸੀਹਾ ਵਜੋਂ ਜਾਣੇ ਜਾਣ ਵਾਲੇ ਸੂਬੇ ਦੇ ਨਿਧੜਕ ਜਰਨੈਲ ਸਾਬਕਾ ਖੇਤੀਬਾੜੀ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਉਪ ਪ੍ਰਧਾਨ ਜਥੇਦਾਰ ਤੋਤਾ ਸਿੰਘ ਦਾ ਅੱਜ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੋਹਾਲੀ ਦੇ ਫੋਟਟਿਸ ਹਸਪਤਾਲ ਵਿੱਚ ਆਖ਼ਰੀ ਸਾਹ ਲਏ। ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਬੇਟੇ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਜਥੇਦਾਰ ਤੋਤਾ ਸਿੰਘ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਮੋਗਾ ਨਿਹਾਲ ਸਿੰਘ ਵਾਲਾ ਬਾਘਾਪੁਰਾਣਾ ਧਰਮਕੋਟ ਹਲਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਮੋਗਾ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਵਾਲਾ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਅੱਜ ਅਲੋਪ ਹੋ ਗਿਆ ਹੈ। ਜਥੇਦਾਰ ਤੋਤਾ ਸਿੰਘ ਦੀ ਮੌਤ ‘ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ,ਸੰਤ ਗੁਰਮੀਤ ਸਿੰਘ ਖੋਸਿਆਂ ਵਾਲੇ , ਜਥੇਦਾਰ ਤੀਰਥ ਸਿੰਘ ਮਾਹਲਾ ਜ਼ਿਲ੍ਹਾ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੀਨੀਅਰ ਆਗੂਆਂ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਹੈ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਹੈ-ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ਉਤੇ ਮੈਂ ਸਮੂਹ ਪਰਿਵਾਰ ਤੇ ਪਾਰਟੀ ਨਾਲ ਦੁੱਖ ਸਾਂਝਾ ਕਰਦਾ ਹਾਂ।ਮੁਖਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ਕੀਤਾ ਹੈ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਜੱਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕਰਦਾ ਹਾਂ..ਪਰਮਾਤਮਾ ਉਨ੍ਹਾਂ ਦੀ ਰੂਹ ਨੂੰ ਸ਼ਾਂਤੀ ਬਖ਼ਸ਼ੇ..ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ੇ।