ਚੰਡੀਗੜ੍ਹ:ਪੰਜਾਬ ਦੇ ਮਸ਼ਹੂਰ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦਾ ਐਤਵਾਰ ਦਿਨ ਦਿਹਾੜੇ ਮਾਨਸਾ ਵਿੱਚ ਅਣਪਛਾਤਿਆਂ ਵੱਲੋਂ ਗੋਲੀਆਂ ਨਾਲ ਭੁੰਨ ਕੇ ਕਤਲ ਕਰ ਦਿੱਤਾ ਗਿਆ ਹੈ, ਜਿਸ ਨੂੰ ਲੈ ਕੇ ਪੰਜਾਬ ਵਿੱਚ ਸੁਰੱਖਿਆ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨਿਸ਼ਾਨੇ ‘ਤੇ ਆ ਗਈ ਹੈ। ਵਿਰੋਧੀ ਪਾਰਟੀਆਂ ਵੱਲੋਂ ਇਸ ਅਤਿ ਦੁਖਦਾਈ ਘਟਨਾ ਲਈ ਪੰਜਾਬ ਦੀ ਮਾਨ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਜਾ ਰਿਹਾ ਹੈ।ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਘਟਨਾ ‘ਤੇ ਕਿਹਾ ਕਿ ਅਸੀਂ ਇੱਕ ਸ਼ਾਨਦਾਰ ਸਿਤਾਰਾ ਗੁਆ ਦਿੱਤਾ ਹੈ, ਕਿਉਂਕਿ ਭਗਵੰਤ ਮਾਨ ਸਰਕਾਰ ਨੇ ਉਸ ਦੀ ਸੁਰੱਖਿਆ ਵਾਪਸ ਲੈ ਲਈ ਸੀ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣਾ ਨੈਤਿਕ ਆਧਾਰ ਗੁਆ ਚੁੱਕੀ ਹੈ, ਇਸ ਲਈ ਇਸ ਨੂੰ ਖਾਰਜ ਕੀਤਾ ਜਾਣਾ ਚਾਹੀਦਾ ਹੈ।ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ, ਪੰਜਾਬ ਦੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਦਿਨ ਦਿਹਾੜੇ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕੱਲ੍ਹ ਹੀ ਉਹਨਾਂ ਦੀ ਸੁਰੱਖਿਆ ਘਟਾਈ ਗਈ ਸੀ।ਮੁੱਖ ਮੰਤਰੀ ਅਤੇ ਡੀਜੀਪੀ ਪੰਜਾਬ ਉਨ੍ਹਾਂ ਦੇ ਕਤਲ ਦੇ ਜ਼ਿੰਮੇਵਾਰ ਹਨ।
ਜੋ ਪੰਜਾਬੀਆਂ ਨੂੰ ਸੁਰੱਖਿਆ ਹੀ ਨਹੀਂ ਦੇ ਸਕੇ ਅਜਿਹੇ ਕਾਤਲਾਂ ਨੂੰ ਅਹੁਦਿਆਂ ‘ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ।ਮੁੱਖ ਮੰਤਰੀ ਅਤੇ ਡੀਜੀਪੀ ਤੁਰੰਤ ਅਸਤੀਫਾ ਦੇਣ।ਇਸ ਦੁੱਖ ਦੀ ਘੜੀ ਵਿੱਚ ਮੇਰੀ ਹਮਦਰਦੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੇ ਨਾਲ ਹੈ।ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ, ”ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਹੈਰਾਨ ਕਰਨ ਵਾਲਾ ਹੈ। ਦੁਖੀ ਪਰਿਵਾਰ ਪ੍ਰਤੀ ਮੇਰੀ ਡੂੰਘੀ ਸੰਵੇਦਨਾ।” ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ। ਅਪਰਾਧੀਆਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ।