ਲੁਧਿਆਣਾ, 12 ਜੂਨ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ)-ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆਂ ਤੋਂ ਬਾਅਦ ਹੁਣ ਵਿਜੀਲੈਂਸ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਐਫਆਈਆਰ ਦਰਜ ਕਰ ਸਕਦੀ ਹੈ। ਠੇਕੇਦਾਰਾਂ ਦੀ ਯੂਨੀਅਨ ਨੇ ਆਸ਼ੂ ਦੇ ਕਾਰਜਕਾਲ ਦੌਰਾਨ 2000 ਕਰੋੜ ਰੁਪਏ ਦੇ ਟੈਂਡਰਾਂ ਵਿੱਚ ਧੋਖਾਧੜੀ ਦਾ ਦੋਸ਼ ਲਾਇਆ ਹੈ।ਵਿਜੀਲੈਂਸ ਨੇ ਇਸ ਮਾਮਲੇ ਦੀ ਜਾਂਚ ਐਸਐਸਪੀ ਪੱਧਰ ਦੇ ਅਧਿਕਾਰੀ ਨੂੰ ਸੌਂਪੀ ਹੈ। ਵਿਜੀਲੈਂਸ ਇਹ ਪਤਾ ਲਗਾਏਗੀ ਕਿ 2017-18 ਵਿੱਚ ਪੰਜਾਬ ਦੀਆਂ ਕਰੀਬ 2500 ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਮੁਹੱਈਆ ਕਰਵਾਉਣ ਦੇ ਟੈਂਡਰਾਂ ‘ਤੇ ਕਿੰਨਾ ਖਰਚ ਹੋਇਆ ਅਤੇ 2020 ਵਿੱਚ ਕਿੰਨਾ ਖਰਚ ਹੋਇਆ।ਸ਼ਿਕਾਇਤਕਰਤਾ ਲੇਬਰ ਅਤੇ ਟਰਾਂਸਪੋਰਟ ਦੇ ਛੋਟੇ ਠੇਕੇਦਾਰਾਂ ਦੀ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ 3 ਸਾਲਾਂ ਤੋਂ ਲੇਬਰ ਕਾਟੇਜ, ਲੇਬਰ ਪੀ.ਈ.ਜੀ. ਅਤੇ ਟਰਾਂਸਪੋਰਟ ਦੇ ਟੈਂਡਰਾਂ ਵਿੱਚ 20-25 ਵੱਡੇ ਠੇਕੇਦਾਰਾਂ ਨੂੰ ਮਨਮਾਨੇ ਰੇਟਾਂ ‘ਤੇ ਠੇਕੇ ਅਲਾਟ ਕੀਤੇ ਗਏ ਸਨ।ਜਦੋਂ ਕੇ 5000 ਛੋਟੇ ਠੇਕੇਦਾਰਾਂ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ। ਯੂਨੀਅਨ ਨੇ ਕਿਹਾ ਕਿ ਕੋਰੋਨਾ ਦੇ ਸਮੇਂ ਦੌਰਾਨ ਅਚਾਨਕ 2019-20 ਵਿੱਚ ਵਿਭਾਗ ਵੱਲੋਂ ਟੈਂਡਰ ਰੇਟ ਦੁੱਗਣੇ ਕਰ ਦਿੱਤੇ ਗਏ ਸਨ।ਗੁਰਪ੍ਰੀਤ ਸਿੰਘ ਦੀ ਤਰਫੋਂ ਆਸ਼ੂ ਦੀ ਸ਼ਿਕਾਇਤ ਵਿਜੀਲੈਂਸ ਮੁਖੀ ਨੂੰ ਕੀਤੀ ਗਈ ਸੀ, ਜਿਸ ਨੂੰ ਫਿਰ ਲੁਧਿਆਣਾ ਵਿਜੀਲੈਂਸ ਦੇ ਸੀਨੀਅਰ ਅਧਿਕਾਰੀ ਨੂੰ ਮਾਰਕ ਕੀਤਾ ਗਿਆ ਹੈ।
