ਮੁਹਾਲੀ, 13 ਜੂਨ: ( ਰਾਜੇਸ਼ ਜੈਨ, ਭਗਵਾਨ ਭੰਗੂ)-ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਗ੍ਰਿਫਤਾਰੀ ਤੋਂ ਬਚਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਉਨ੍ਹਾਂ ਨੇ ਪਟੀਸ਼ਨ ਦਾਇਰ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਂਦਾ ਹੈ ਤਾਂ ਇਸ ਤੋਂ ਪਹਿਲਾਂ 7 ਦਿਨਾਂ ਦਾ ਨੋਟਿਸ ਦਿੱਤਾ ਜਾਵੇ। ਭਾਰਤ ਭੂਸ਼ਣ ਆਸ਼ੂ ‘ਤੇ ਦੋ ਹਜ਼ਾਰ ਕਰੋੜ ਦੇ ਟੈਂਡਰ ਘੁਟਾਲੇ ਦਾ ਦੋਸ਼ ਹੈ। ਮੰਤਰੀ ’ਤੇ ਠੇਕੇਦਾਰਾਂ ਵੱਲੋਂ ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਗੜਬੜੀ ਦੇ ਦੋਸ਼ ਲਾਏ ਗਏ ਸਨ।ਪੰਜਾਬ ਵਿਜੀਲੈਂਸ ਬਿਊਰੋ ਇਸ ਦੀ ਜਾਂਚ ਕਰ ਰਿਹਾ ਹੈ ਜਿਸਦੇ ਤਹਿਤ ਆਸ਼ੂ ਨੂੰ ਕਿਸੇ ਵੇਲੇ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਇਸ ਮਾਮਲੇ ‘ਚ ਗ੍ਰਿਫਤਾਰੀ ਤੋਂ ਬਚਣ ਲਈ ਆਸ਼ੂ ਨੇ ਅਗਾਊਂ ਜ਼ਮਾਨਤ ਲਈ ਹਾਈਕੋਰਟ ‘ਚ ਪਟੀਸ਼ਨ ਵੀ ਦਾਇਰ ਕਰ ਦਿੱਤੀ ਹੈ।ਪਟੀਸ਼ਨ ਵਿੱਚ ਆਸ਼ੂ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਸੱਤ ਦਿਨਾਂ ਦਾ ਨੋਟਿਸ ਮੰਗਿਆ ਗਿਆ ਹੈ। ਉਨ੍ਹਾਂ ਤੋਂ ਇਲਾਵਾ ਰਿਸ਼ਵਤਖੋਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ‘ਆਪ’ ਦੇ ਸਾਬਕਾ ਸਿਹਤ ਮੰਤਰੀ ਡਾ: ਵਿਜੇ ਸਿੰਗਲਾ ਨੇ ਵੀ ਰੈਗੂਲਰ ਜ਼ਮਾਨਤ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਹ ਦੋਵੇਂ ਪਟੀਸ਼ਨਾਂ ਫਿਲਹਾਲ ਹਾਈ ਕੋਰਟ ਦੀ ਰਜਿਸਟਰੀ ਕੋਲ ਵਿਚਾਰ ਅਧੀਨ ਹਨ।