ਚੰਡੀਗੜ੍ਹ , 16 ਜੁਲਾਈ ( ਰਾਜੇਸ਼ ਜੈਨ, ਭਗਵਾਨ ਭੰਗੂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਪੀਕਰ ਪੰਜਾਬ ਨਿਰਮਲ ਸਿੰਘ ਕਾਹਲੋਂ ਦਾ ਸ਼ਨੀਵਾਰ ਤੜਕੇ ਦੇਹਾਂਤ ਹੋ ਗਿਆ। ਮਿਲੀ ਜਾਣਕਾਰੀ ਦੇ ਮੁਤਾਬਿਕ ਕਾਹਲੋਂ ਦਾ ਅੰਮ੍ਰਿਤਸਰ ਦੇ ਐਸਕਾਰਟ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ ਜਿੱਥੇ ਅੱਜ ਉਨ੍ਹਾਂ ਆਖਰੀ ਸਾਹ ਲਿਆ। ਸ਼੍ਰੋਮਣੀ ਅਕਾਲੀ ਦਲ ਦੀ ਰੀੜ੍ਹ ਦੀ ਹੱਡੀ ਵਜੋਂ ਜਾਣੇ ਜਾਂਦੇ ਅਤੇ ਹਲਕਾ ਫਤਿਹਗਡ਼੍ਹ ਚੂਡ਼ੀਆਂ ਦੇ ਘਾਗ ਆਗੂ ਨਿਰਮਲ ਸਿੰਘ ਕਾਹਲੋਂ ਦੇ ਦੇਹਾਂਤ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਵੱਖ-ਵੱਖ ਆਗੂਆਂ ਨੇ ਦੁੱਖ ਪ੍ਰਗਟ ਕੀਤਾ ਹੈ।ਦੱਸਣਯੋਗ ਹੈ ਕਿ ਨਿਰਮਲ ਸਿੰਘ ਕਾਹਲੋਂ ਵਿਧਾਨ ਸਭਾ ਹਲਕਾ ਫਤਹਿਗੜ ਚੂੜੀਆਂ, ਜ਼ਿਲ੍ਹਾ ਗੁਰਦਾਸਪੁਰ ਤੋਂ ਤਿੰਨ ਵਾਰ ਵਿਧਾਇਕ ਰਹੇ ਤੇ 1997 ‘ਚ ਪੰਜਾਬ ਵਿਚਲੀ ਅਕਾਲੀ ਭਾਜਪਾ ਸਰਕਾਰ ਦੌਰਾਨ ਪੇਂਡੂ ਵਿਕਾਸ ਮੰਤਰੀ ਤੇ 2007 ਤੋਂ 2012 ਤਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੀ ਰਹੇ।ਰਵੀਕਰਨ ਸਿੰਘ ਕਾਹਲੋਂ ਨੇ ਦੱਸਿਆ ਕਿ ਨਿਰਮਲ ਸਿੰਘ ਕਾਹਲੋਂ ਦਾ ਸੰਸਕਾਰ ਐਤਵਾਰ 17 ਜੁਲਾਈ ਨੂੰ 11.30 ਵਜੇ ਜੱਦੀ ਪਿੰਡ ਦਾਦੂਜੋਧ ਵਿਖੇ ਕੀਤਾ ਜਾਵੇਗਾ।
