Home Political ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਲੰਪੀ ਸਕਿੱਨ ਦੀ ਰੋਕਥਾਮ ਲਈ...

ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਲੰਪੀ ਸਕਿੱਨ ਦੀ ਰੋਕਥਾਮ ਲਈ ਜ਼ਿਲ੍ਹਿਆਂ ਨੂੰ 76 ਲੱਖ ਰੁਪਏ ਜਾਰੀ

44
0

ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਨੂੰ 5-5 ਲੱਖ ਰੁਪਏ ਬਾਕੀਆਂ ਨੂੰ 3-3 ਲੱਖ ਰੁਪਏ ਦਿੱਤੇ

ਡਿਪਟੀ ਡਾਇਰੈਕਟਰਾਂ ਨੂੰ ਖੇਤਰਾਂ ਦੇ ਨਿਰੰਤਰ ਦੌਰੇ ਕਰਨ ਦੇ ਸਖ਼ਤ ਨਿਰਦੇਸ਼

ਮੰਤਰੀ ਵੱਲੋਂ ਪਸ਼ੂਪਾਲਕਾਂ ਨੂੰ ਸੰਜਮ ਵਰਤਣ ਦੀ ਅਪੀਲ

ਚੰਡੀਗੜ੍ਹ, 3 ਅਗਸਤ: ਰਾਜੇਸ਼ ਜੈਨ, ਭਗਵਾਨ ਭੰਗੂ) –

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਸ਼ੂਆਂ ਵਿੱਚ ਫੈਲੀ ਲੰਪੀ ਸਕਿੱਨ ਬੀਮਾਰੀ ਦੀ ਰੋਕਥਾਮ ਅਤੇ ਬਚਾਅ ਲਈ ਫ਼ੰਡ ਜਾਰੀ ਕਰਨ ਦੀਆਂ ਹਦਾਇਤਾਂ ‘ਤੇ ਫ਼ੌਰੀ ਕਾਰਵਾਈ ਕਰਦਿਆਂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਦਵਾਈਆਂ ਦੀ ਖ਼ਰੀਦ ਅਤੇ ਹੋਰਨਾਂ ਰੋਕਥਾਮ ਤੇ ਜਾਗਰੂਕਤਾ ਗਤੀਵਿਧੀਆਂ ਲਈ ਸਮੂਹ ਜ਼ਿਲ੍ਹਿਆਂ ਨੂੰ 76 ਲੱਖ ਰੁਪਏ ਜਾਰੀ ਕੀਤੇ ਗਏ ਹਨ।

ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਹੱਦੀ ਜ਼ਿਲ੍ਹਿਆਂ ਵਿੱਚ ਇਸ ਬੀਮਾਰੀ ਦੇ ਜ਼ਿਆਦਾ ਫੈਲਣ ਦੀਆਂ ਰਿਪੋਰਟਾਂ ਹਨ। ਇਸ ਲਈ ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਫ਼ਾਜ਼ਿਲਕਾ ਅਤੇ ਫ਼ਿਰੋਜ਼ੁਪਰ ਨੂੰ 5-5 ਲੱਖ ਰੁਪਏ ਜਾਰੀ ਕੀਤੇ ਗਏ ਹਨ ਅਤੇ ਬਾਕੀ ਜ਼ਿਲ੍ਹਿਆਂ ਨੂੰ 3-3 ਲੱਖ ਰੁਪਏ ਦੇ ਫ਼ੰਡ ਦਿੱਤੇ ਗਏ ਹਨ ਤਾਂ ਜੋ ਜ਼ਿਲ੍ਹਾ ਅਧਿਕਾਰੀਆਂ ਨੂੰ ਲੋੜੀਂਦੀਆਂ ਦਵਾਈਆਂ ਦੀ ਖ਼ਰੀਦ ਵਿੱਚ ਕੋਈ ਦਿੱਕਤ ਨਾ ਆਵੇ ਅਤੇ ਉਹ ਬੀਮਾਰੀ ਦੀ ਰੋਕਥਾਮ ਲਈ ਕਿਸਾਨਾਂ, ਪਸ਼ੂਪਾਲਕਾਂ ਅਤੇ ਆਮ ਲੋਕਾਂ ਨੂੰ ਨਿਰੰਤਰ ਜਾਗਰੂਕ ਕਰ ਸਕਣ।

ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਬੀਮਾਰੀ ਤੋਂ ਬਚਾਅ ਲਈ ਐਡਵਾਈਜ਼ਰੀ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਕੇ ਅਧਿਕਾਰੀਆਂ ਨੂੰ ਇਸ ਦਾ ਸਖ਼ਤੀ ਨਾਲ ਪਾਲਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਪਸ਼ੂ ਪਾਲਣ ਮੰਤਰੀ ਨੇ ਜ਼ਿਲ੍ਹਿਆਂ ਵਿੱਚ ਤੈਨਾਤ ਡਿਪਟੀ ਡਾਇਰੈਕਟਰਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਖੇਤਰਾਂ ਦੇ ਨਿਰੰਤਰ ਦੌਰੇ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਖ਼ਾਸ ਤੌਰ ‘ਤੇ ਪਸ਼ੂ ਫ਼ਾਰਮਾਂ ਵਿੱਚ ਦੌਰੇ ਕਰਕੇ ਸਥਿਤੀ ‘ਤੇ ਨਜ਼ਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀ ਪਿੰਡਾਂ ਦੇ ਪਸ਼ੂ ਪਾਲਕਾਂ/ਕਿਸਾਨਾਂ ਨੂੰ ਬੀਮਾਰੀ ਦੇ ਲੱਛਣਾਂ/ਰੋਕਥਾਮ ਦੇ ਤਰੀਕਿਆਂ ਬਾਰੇ ਜਾਣੂ ਕਰਵਾਉਣਾ ਨਿਰੰਤਰ ਜਾਰੀ ਰੱਖਣ।

ਮੰਤਰੀ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਇਹ ਲਾਗ ਦੀ ਬੀਮਾਰੀ ਗਾਵਾਂ ਵਿੱਚ ਜ਼ਿਆਦਾ ਫੈਲਦੀ ਹੈ ਅਤੇ ਮੱਖੀ/ਮੱਛਰ ਇਸ ਬੀਮਾਰੀ ਨੂੰ ਫੈਲਾਉਣ ਦਾ ਕਾਰਨ ਬਣਦੇ ਹਨ। ਇਸ ਲਈ ਪ੍ਰਭਾਵਤ ਪਸ਼ੂਆਂ ਨੂੰ ਪਹਿਲ ਦੇ ਆਧਾਰ ‘ਤੇ ਸਿਹਤਮੰਦ ਪਸ਼ੂਆਂ ਨਾਲੋਂ ਵੱਖ ਕੀਤਾ ਜਾਵੇ ਅਤੇ ਹੋ ਸਕੇ ਤਾਂ ਪਸ਼ੂਆਂ ‘ਤੇ ਮੱਛਰਦਾਨੀ ਲਾ ਕੇ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੇ ਸਮੂਹ ਅਧਿਕਾਰੀ ਅਤੇ ਮੁਲਾਜ਼ਮ ਪਸ਼ੂ-ਪਾਲਕਾਂ ਦੀ ਹਰ ਪੱਖੋਂ ਸਹਾਇਤਾ ਕਰ ਰਹੇ ਹਨ। ਇਸ ਲਈ ਪਸ਼ੂਪਾਲਕ ਕਿਸੇ ਘਬਰਾਹਟ ਵਿੱਚ ਨਾ ਆਉਣ ਅਤੇ ਸੰਜਮ ਨਾਲ ਕੰਮ ਲੈਂਦਿਆਂ ਇਹਤਿਆਤ ਵਰਤਣ।

LEAVE A REPLY

Please enter your comment!
Please enter your name here